ਸ਼ਿਸ਼ੂ ਨਿਕੇਤਨ ਸਕੂਲ ਵਿੱਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਚੀਫ਼ ਮੈਡੀਕੋਜ ਵੱਲੋਂ ਸਟਾਰ ਹੈਲਥ ਐਂਡ ਅਲਾਈਡ ਇੰਸੋਰੈਂਸ ਕੰਪਨੀ ਅਤੇ ਮੈਕਸ ਹਸਪਤਾਲ ਦੇ ਸਹਿਯੋਗ ਨਾਲ ਇਲਾਕੇ ਦੀ ਕੌਂਸਲਰ ਸ੍ਰੀਮਤੀ ਰਜਨੀ ਗੋਇਲ ਦੀ ਅਗਵਾਈ ਹੇਠ ਇੱਥੋਂ ਦੇ ਸ਼ਿਸ਼ੂ ਨਿਕੇਤਨ ਸਕੂਲ ਸੈਕਟਰ 66 ਵਿੱਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸ੍ਰੀਮਤੀ ਰਜਨੀ ਗੋਇਲ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਮੇਅਰ ਧੜੇ ਦੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਸ਼ਰਮਾ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਚੰਗੀ ਸਿਹਤ ਵਾਲੇ ਸ਼ਰੀਰ ਵਿੱਚ ਹੀ ਚੰਗਾ ਮਨ ਨਿਵਾਸ ਕਰਦਾ ਹੈ। ਉਹਨਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਸਭ ਨੂੰ ਰੋਜ਼ਾਨਾ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਉਪਰ ਆਪਣੀ ਸਿਹਤ ਦੀ ਲੋੜੀਂਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸ੍ਰੀਮਤੀ ਰਜਨੀ ਗੋਇਲ ਨੇ ਦੱਸਿਆ ਕਿ ਇਸ ਮੌਕੇ ਕੈਂਪ ਵਿੱਚ 300 ਤੋਂ ਵੱਧ ਮਰੀਜ਼ਾਂ ਦੇ ਵੱਖ ਵੱਖ ਬਿਮਾਰੀਆਂ ਦੇ ਟੈਸਟ ਮੁਫ਼ਤ ਕੀਤੇ ਗਏ ਅਤੇ 224 ਮਰੀਜ਼ਾਂ ਦੀ ਸੂਗਰ ਜਾਂਚ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।
ਕੈਂਪ ਦੀ ਪ੍ਰਧਾਨਗੀ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਸਮਾਜ ਸੇਵੀ ਆਗੂ ਤੇ ਕੌਂਸਲਰ ਫੂਲਰਾਜ ਸਿੰਘ ਨੇ ਕੀਤੀ ਅਤੇ ਮੈਡੀਕਲ ਟੀਮ ਸਮੇਤ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਧੜੇ ਦੇ ਕੌਂਸਲਰ ਹਰਪਾਲ ਸਿੰਘ ਚੰਨਾ, ਸਰਬਜੀਤ ਸਿੰਘ ਸਮਾਣਾ, ਬੀਬੀ ਗੁਰਮੀਤ ਕੌਰ, ਭਾਜਪਾ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ, ਸਮਾਜ ਸੇਵੀ ਹਰਬਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…