ਸਮਾਜ ਸੇਵੀ ਚਰਨਜੀਤ ਸਿੰਘ ਵਾਲੀਆ ਦਾ ਅੰਤਿਮ ਸਸਕਾਰ, ਬੇਟਾ ਹਾਲੇ ਵੀ ਫੋਰਟਿਸ ਹਸਪਤਾਲ ’ਚ ਜੇਰੇ ਇਲਾਜ

ਪਤਨੀ ਤੇ ਧੀ ਨੇ ਕੀਤਾ ਮ੍ਰਿਤਕ ਦੇਹ ਨੂੰ ਅਗਨ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਅਤੇ ਪੰਜਾਬੀ ਫ਼ਿਲਮ ਪ੍ਰੋਡਿਊਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਵਾਲੀਆ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਹ ਕਰੋਨਾ ਤੋਂ ਪੀੜਤ ਸਨ ਅਤੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਪਿਛਲੇ ਦਿਨੀਂ ਉਹ ਜ਼ਿੰਦਗੀ ਦੀ ਜੰਗ ਹਾਰ ਗਏ ਸੀ। ਸ੍ਰੀ ਵਾਲੀਆ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਪਤਨੀ ਜਸਵਿੰਦਰ ਕੌਰ ਵਾਲੀਆ ਅਤੇ ਜਪਨੀਤ ਕੌਰ ਨੇ ਅਗਨ ਭੇਟ ਕੀਤਾ। ਉਧਰ, ਸ੍ਰੀ ਵਾਲੀਆ ਦੇ ਬੇਟੇ ਤੇਗਬੀਰ ਸਿੰਘ ਵਾਲੀਆ ਜੋ ਵੀ ਕਰੋਨਾ ਤੋਂ ਪੀੜਤ ਹਨ ਅਤੇ ਇਸ ਸਮੇਂ ਉਹ ਵੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਸ੍ਰੀ ਵਾਲੀਆ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ, ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ ਦੇ ਪੈਟਰਨ, ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਮੇਤ ਹੋਰ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਸਨ। ਜੋ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਵਾਲੀਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਵਾਲੀਆ ਨੂੰ ਇਕ ਵਧੀਆ ਇਨਸਾਨ ਦੱਸਦਿਆਂ ਕਿਹਾ ਕਿ ਉਹ ਇਕ ਸਮਾਜ ਸੇਵੀ, ਸਿੱਖਿਆ ਸ਼ਾਸਤਰੀ ਤੇ ਫਿਲਮ ਨਿਰਮਾਤਾ ਵੀ ਸਨ। ਅੰਤਿਮ ਸਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਅਮਰਜੀਤ ਸਿੰਘ ਵਾਲੀਆ ਅਤੇ ਕ੍ਰਿਪਾਲ ਸਿੰਘ ਬਸੰਤ ਨੇ ਸ਼ਰਧਾ ਫੁੱਲ ਭੇਂਟ ਕੀਤੇ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਮੇਅਰ ਕੁਲਵੰਤ ਸਿੰਘ, ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ, ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ ਸਮੇਤ ਹੋਰਨਾਂ ਆਗੂਆਂ ਨੇ ਸ੍ਰੀ ਵਾਲੀਆ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…