Share on Facebook Share on Twitter Share on Google+ Share on Pinterest Share on Linkedin ਸੈਕਟਰ-80 ਵਿੱਚ 75 ਤੋਂ ਵੱਧ ਅਣਅਧਿਕਾਰਤ ਉਸਾਰੀਆਂ ’ਤੇ ਚੱਲਿਆ ਗਮਾਡਾ ਦਾ ਬੁਲਡੋਜ਼ਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਮੁਹਾਲੀ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਅਣਅਧਿਕਾਰਤ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੀਰਵਾਰ ਨੂੰ ਅਸਟੇਟ ਅਫ਼ਸਰ (ਪਲਾਟ/ਰੈਗੂਲੇਟਰੀ) ਰੋਹਿਤ ਗੁਪਤਾ ਅਤੇ ਐਸਡੀਓ (ਬਿਲਡਿੰਗ) ਅਵਦੀਪ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-80 ਵਿੱਚ 75 ਤੋਂ ਵੱਧ ਮਕਾਨਾਂ ਵਿੱਚ ਕੀਤੀਆਂ ਗਈਆਂ ਲੈਂਡ ਸਕੇਪਿੰਗ ਦੀਆਂ ਉਲੰਘਣਾਵਾਂ ਵਿਰੁੱਧ ਕਾਰਵਾਈ ਕੀਤੀ। ਲੋਕਾਂ ਨੇ ਆਪਣੇ ਮਕਾਨਾਂ ਦੇ ਅੱਗੇ ਰੋਡ ਬਰਮਾਂ ਉੱਤੇ ਗ੍ਰੀਨ ਬੈਲਟਾਂ ਵਿਕਸਤ ਕਰਨ ਵਾਲੀ ਥਾਵਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਐਸਡੀਓ (ਬਿਲਡਿੰਗ) ਅਵਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜੁਲਾਈ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਸੀ ਲੇਕਿਨ ਮਕਾਨ ਮਾਲਕਾਂ ਅਤੇ ਹੋਰ ਸਬੰਧਤ ਵਿਅਕਤੀਆਂ ਨੇ ਨੋਟਿਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਿਸ ਕਾਰਨ ਗਮਾਡਾ ਵੱਲੋਂ ਵੱਡੀ ਮਾਤਰਾ ਵਿੱਚ ਅਣਅਧਿਕਾਰਤ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ ਅਤੇ ਗਰੀਲ ਬੈਲਟਾਂ ਵਾਲੀ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਦੱਸਣਯੋਗ ਹੈ ਕਿ ਰੋਡ ਬਰਮਾਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨਾ ਕੇਵਲ ਪਲਾਨਿੰਗ ਦੇ ਨਿਯਮਾਂ ਦੀ ਉਲੰਘਣਾ ਹੈ ਬਲਕਿ ਸੜਕਾਂ ਤੰਗ ਹੋਣ ਨਾਲ ਮਨੁੱਖੀ ਜਾਨਾਂ ਨੂੰ ਵੀ ਖਤਰਾ ਪੈਦਾ ਹੁੰਦਾ ਹੈ। ਇਸੇ ਤਰ੍ਹਾਂ ਪਿੰਡ ਮਾਮੂਪੁਰ ਸਥਿਤ ਵੱਖ-ਵੱਖ ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੀਆਂ ਵਪਾਰਕ ਅਤੇ ਰਿਹਾਇਸ਼ੀ ਉਸਾਰੀਆਂ ਨੂੰ ਢਾਹਿਆ ਗਿਆ। ਇਸ ਕਾਰਵਾਈ ਵਿੱਚ ਇਕ ਦੁਕਾਨ, ਉਸਾਰੀ ਅਧੀਨ ਇਕ ਮਕਾਨ, ਪਲਿੰਥ ਲੈਵਲ ਤੱਕ ਦੀਆਂ 4 ਉਸਾਰੀਆਂ, ਸੀਵਰੇਜ ਲਾਈਨ ਦੇ 6 ਮੈਨਹੋਲ ਅਤੇ ਕਲੋਨੀਆਂ ਵਿੱਚ ਵਿਕਸਤ ਕੀਤੀਆਂ ਸੜਕਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪਿੰਡ ਰੁੜਕੀ ਪੁਖਤਾ ਵਿੱਚ ਬਣਾਏ ਜਾ ਰਹੇ ਇਕ ਸ਼ੈੱਡ ਨੂੰ ਵੀ ਢਾਹਿਆ ਗਿਆ। ਇਹ ਸਾਰੀਆਂ ਉਸਾਰੀਆਂ ‘ਦੀ ਪੰਜਾਬ ਨਿਊ ਕੈਪੀਟਲ ਪੈਰੀਫੈਰੀ ਕੰਟਰੋਲ ਐਕਟ-1952’ ਦੀਆਂ ਧਾਰਾਵਾਂ ਦੀ ਘੋਰ ਉਲੰਘਣਾ ਕਰਕੇ ਕੀਤੀਆਂ ਗਈਆਂ ਸਨ। ਗਮਾਡਾ ਦੇ ਅਸਟੇਟ ਅਫ਼ਸਰ (ਪਲਾਟ/ਰੈਗੂਲੇਟਰੀ) ਰੋਹਿਤ ਗੁਪਤਾ ਨੇ ਦੱਸਿਆ ਕਿ ਅੱਜ ਦੀਆਂ ਇਹ ਕਾਰਵਾਈਆਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਹੁਕਮਾਂ ਦੀ ਪਾਲਣਾ ਵਿੱਚ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਕੇ ਅਣ-ਅਧਿਕਾਰਤ ਉਸਾਰੀਆਂ ਨਾ ਕਰਨ ਅਤੇ ਨਾ ਹੀ ਆਮ ਲੋਕਾਂ ਦੀ ਵਰਤੋਂ ਲਈ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਜਿਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ