Nabaz-e-punjab.com

ਗਮਾਡਾ ਤੇ ਪੁੱਡਾ ਅਧਿਕਾਰੀ ਯੋਜਨਾਬੱਧ ਤਰੀਕੇ ਨਾਲ ਪੰਜਾਬ ਦੇ ਵਿਕਾਸ ਨੂੰ ਤਰਜ਼ੀਹ ਦੇਣ: ਸੁੱਖ ਸਰਕਾਰੀਆ

ਪੁੱਡਾ ਮੰਤਰੀ ਸੁੱਖ ਸਰਕਾਰੀਆ ਨੇ ਗਮਾਡਾ ਤੇ ਪੁੱਡਾ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ (ਪੁੱਡਾ) ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਪੁੱਡਾ ਅਤੇ ਗਮਾਡਾ ਅਧਿਕਾਰੀਆਂ ਨੂੰ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਪ੍ਰੇਰਿਆ ਹੈ। ਪੁੱਡਾ ਮੰਤਰੀ ਨੇ ਪੰਜਾਬ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਮੀਟਿੰਗ ਦੌਰਾਨ ਟਾਊਨ ਪਲਾਨਿੰਗ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੂਬੇ ਦੇ ਵੱਖ ਵੱਖ ਸ਼ਹਿਰਾਂ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਦਿਸ਼ਾ ਵੱਲ ਕੰਮ ਕਰ ਰਹੇ ਹਨ ਅਤੇ ਹੁਣ ਤੱਕ 43 ਮਾਸਟਰ ਪਲਾਨ ਤਿਆਰ ਕੀਤੇ ਗਏ ਹਨ। ਜਿਸ ਵਿੱਚ 100 ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 25 ਮਾਸਟਰ ਪਲਾਨਜ਼ ਨੂੰ ਮਾਲੀਆ ਆਧਾਰਿਤ ਅਤੇ ਜੀ.ਆਈ.ਐਸ. ਸਮਰੱਥ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਮੰਤਰੀ ਨੂੰ ਸੀਟੀਪੀ ਵਿੰਗ ਦੁਆਰਾ ਚੇਂਜ ਆਫ਼ ਲੈਂਡ ਯੂਜ਼ ਜਾਰੀ ਕਰਨ ਦੀ ਪ੍ਰਕਿਰਿਆ, ਲੇਅਆਊਟ ਪਲਾਨਜ਼ ਅਤੇ ਬਿਲਡਿੰਗ ਪਲਾਨਜ਼ ਦੀ ਮਨਜ਼ੂਰੀ ਸਬੰਧੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਚਾਰ-ਚਰਚਾ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਮੁੱਦਾ ਵੀ ਵਿਚਾਰਿਆ ਗਿਆ।
ਸ੍ਰੀ ਸੁੱਖ ਸਰਕਾਰੀਆ ਨੇ ਸਬੰਧਤ ਇੰਜੀਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦ ਤੋਂ ਜਲਦ ਪਾਣੀ ਦੀ ਢੁਕਵੀਂ ਸਪਲਾਈ ਮਿਲ ਸਕੇ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਹਲਵਾਰਾ ਵਿੱਚ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੱੁਖ ਪ੍ਰਸ਼ਾਸਕ ਨੇ ਅਰਬਨ ਹਾਟ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਿਸ ਨੂੰ ਕਿ ਪੀਪੀਪੀ (ਜਨਤਕ ਨਿੱਜੀ ਭਾਈਵਾਲੀ) ਤਹਿਤ ਟੂਰਿਸਟ ਐਂਡ ਫੂਡ ਜੰਕਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੇ ਨੇੜਲੇ ਭਵਿੱਖ ਵਿੱਚ ਵਿਕਸਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਿੰਨ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦੀ ਸਥਿਤੀ ਤੋਂ ਜਾਣੂ ਕਰਵਾਇਆ।
ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਮੰਤਰੀ ਨੂੰ ਲੋਕਾਂ ਦੀ ਭਲਾਈ ਹਿੱਤ ਪਿਛਲੇ 2 ਸਾਲਾਂ ਦੌਰਾਨ ਵਿਭਾਗ ਵਿੱਚ ਅਪਣਾਏ ਗਏ ਵਿਭਿੰਨ ਮਾਪਦੰਡਾਂ ਸਬੰਧੀ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ 24 ਘੰਟੇ ਪਾਣੀ ਦੀ ਸਪਲਾਈ, ਗੈਰ-ਕਾਨੂੰਨੀ ਕਲੋਨੀਆਂ ਦੀ ਉਸਾਰੀ ’ਤੇ ਰੋਕ ਲਈ ਯੂ.ਸੀ.ਆਈ.ਸੀ. ਐਪਲੀਕੇਸ਼ਨ ਦੀ ਸ਼ੁਰੂਆਤ, ਆਨਲਾਈਨ ਸੀ.ਐਲ.ਯੂ. ਜਾਰੀ ਕਰਨ ਦੀ ਸਹੂਲਤ ਦੇਣਾ ਆਦਿ ਸ਼ਾਮਲ ਹੈ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਅੜਿੱਕਾ ਪੈਦਾ ਕਰਨ ਵਾਲੇ ਵੱਖ ਵੱਖ ਮੁੱਦੇ ਵੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਜਿਸ ’ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਮੁੱਦਿਆਂ ਨੂੰ ਛੇਤੀ ਹੱਲ ਕਰਨਗੇ।
ਮੀਟਿੰਗ ਵਿੱਚ ਪੁੱਡਾ ਦੇ ਮੁੱਖ ਪ੍ਰਸ਼ਾਸਕ ਧਰਮਪਾਲ ਗੁਪਤਾ, ਗਮਾਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਵਿਤਾ ਸਿੰਘ, ਗਲਾਡਾ ਦੇ ਮੁੱਖ ਪ੍ਰਸ਼ਾਸਕ ਪਰਮਿੰਦਰ ਸਿੰਘ ਗਿੱਲ, ਵਧੀਕ ਮੁੱਖ ਪ੍ਰਸ਼ਾਸਕ (ਐਫ਼ ਐਂਡ ਏ) ਅਕਾਸ਼ ਗੋਇਲ, ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਜਤੇਂਦਰ ਜੋਰਵਾਲ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਕੋਮਲ ਮਿੱਤਲ ਬਠਿੰਡਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਡਾ. ਰਿਸ਼ੀ ਪਾਲ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਐਚ.ਕਿਊ.) ਲਵਜੀਤ ਕਲਸੀ, ਗੁਰਪ੍ਰੀਤ ਸਿੰਘ ਸੀਟੀਪੀ ਪੰਜਾਬ, ਪੁੱਡਾ ਦੇ ਮੁੱਖ ਇੰਜੀਨੀਅਰ ਰਾਜੀਵ ਮੌਡਗਿਲ, ਗਮਾਡਾ ਦੇ ਮੁੱਖ ਇੰਜੀਨੀਅਰ ਸੁਨੀਲ ਕਾਂਸਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…