ਰਾਹੁਲ ਗਾਂਧੀ ਵੱਲੋਂ 9 ਨਵੇਂ ਕੈਬਨਿਟ ਮੰਤਰੀ ਬਣਾਉਣ ਦੀ ਪ੍ਰਵਾਨਗੀ

ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਕੈਬਨਿਟ ਰੈਂਕ ਵਜੋਂ ਨਵੇਂ ਸਿਰਿਓਂ ਲੈਣਗੇ ਹਲਫ਼

ਨਵੇਂ ਮੰਤਰੀਆਂ ਦੀ ਚੋਣ ਪ੍ਰਕਿਰਿਆ ਵਿੱਚ ਸੀਨੀਆਰਤਾ ਨੂੰ ਆਧਾਰ ਬਣਾਇਆ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 20 ਅਪਰੈਲ:
ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਮੰਤਰੀ ਮੰਡਲ ਵਿੱਚ 9 ਨਵੇਂ ਮੈਂਬਰ ਸ਼ਾਮਲ ਕਰਨ ਦੀ ਪ੍ਰਵਾਨਗੀ ਦੇਣ ਨਾਲ ਭਲਕੇ ਪੰਜਾਬ ਕੈਬਨਿਟ ਦਾ ਵਿਸਥਾਰ ਹੋ ਜਾਵੇਗਾ। ਰਾਹੁਲ ਗਾਂਧੀ ਨਾਲ ਇਸ ਮੁੱਦੇ ’ਤੇ ਦੂਜੇ ਦੌਰ ਦੀ ਗੱਲਬਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਮੰਤਰੀਆਂ ਦੀ ਚੋਣ ਵਿੱਚ ਸੀਨੀਆਰਤਾ ਨੂੰ ਮੁੱਖ ਆਧਾਰ ਬਣਾਇਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ, ਓ.ਪੀ. ਸੋਨੀ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਦੇ ਨਾਵਾਂ ’ਤੇ ਸਹਿਮਤੀ ਬਣੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੇ ਨਵੇਂ ਮੰਤਰੀ ਕੈਬਨਿਟ ਰੈਂਕ ਦੇ ਹੋਣਗੇ ਜਿਨ੍ਹਾਂ ਨੂੰ ਸ਼ਨਿੱਚਰਵਾਰ ਸ਼ਾਮ ਛੇ ਵਜੇ ਚੰਡੀਗੜ੍ਹ ਵਿਖੇ ਸਹੁੰ ਚੁੱਕ ਸਮਾਰੋਹ ਦੌਰਾਨ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਬਾਅਦ ਵਿੱਚ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਅਰੁਣਾ ਚੌਧਰੀ ਨੂੰ ਵੀ ਕੈਬਨਿਟ ਰੈਂਕ ਦੇਣ ਦਾ ਫੈਸਲਾ ਕੀਤਾ ਗਿਆ ਅਤੇ ਇਹ ਦੋਵੇਂ ਮੰਤਰੀ ਵੀ ਭਲਕੇ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਨਵੇਂ ਸਿਰਿਓਂ ਹਲਫ਼ ਲੈਣਗੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਚੱਲੀਆਂ ਮੀਟਿੰਗਾਂ ਦੌਰਾਨ ਪਾਰਟੀ ਹਾਈ ਕਮਾਂਡ ਨੂੰ ਆਪਣੀਆਂ ਸਿਫਾਰਸ਼ਾਂ ਦਿੱਤੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਦੇ ਵਿਸਥਾਰ ਨਾਲ ਸਰਕਾਰ ਵਿੱਚ ਹੋਰ ਵਧੇਰੇ ਗਤੀਸ਼ੀਲਤਾ ਆਵੇਗੀ ਕਿਉਂ ਜੋ ਇਸ ਨਾਲ ਸੂਬੇ ਦੇ 40 ਵਿਭਾਗਾਂ ਦਾ ਕੰਮਕਾਜ ਉਨ੍ਹਾਂ ਸਮੇਤ 18 ਮੈਂਬਰਾਂ ਵਿੱਚ ਵੰਡਿਆ ਜਾਵੇਗਾ। ਸਰਕਾਰ ਵਿੱਚ ਸਾਰੇ ਖਿੱਤਿਆਂ ਨੂੰ ਨੁਮਾਇੰਦਗੀ ਦੇਣ ਸਬੰਧੀ ਮੁੱਖ ਮੰਤਰੀ ਦੇ ਉਦੇਸ਼ ਦੀ ਲੀਹ ’ਤੇ ਮੰਤਰੀਆਂ ਦੀ ਚੋਣ ਇਨ੍ਹਾਂ ਮੈਂਬਰਾਂ ਦੀ ਕਾਬਲੀਅਤ ਤੇ ਮਜ਼ਬੂਤੀ ਸਮੇਤ ਖੇਤਰੀ ਨੁਮਾਇੰਦਗੀ ਦੇ ਮੱਦੇਨਜ਼ਰ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਨਵੇਂ ਚੁਣੇ ਸਾਰੇ ਵਿਧਾਇਕਾਂ ਨੇ ਪਹਿਲੀ ਵਾਰ ਮੰਤਰੀ ਮੰਡਲ ਦਾ ਹਿੱਸਾ ਬਣਨਾ ਹੈ ਪਰ ਇਹ ਸਾਰੇ ਮੈਂਬਰ ਜ਼ਮੀਨ ਨਾਲ ਜੁੜੇ ਤਜਰਬੇਕਾਰ ਲੀਡਰ ਹਨ ਜਿਨ੍ਹਾਂ ਨੇ ਕਈ ਚੋਣਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਦੀ ਚੋਣ ਸੀਨੀਆਰਤਾ ਨੂੰ ਮੱਦੇਨਜ਼ਰ ਰੱਖ ਕੇ ਕੀਤੀ ਗਈ ਹੈ।
ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਹਲਕੇ ਤੋਂ ਨੁਮਾਇੰਦਗੀ ਕਰਦੇ ਹਨ ਜਿਨ੍ਹਾਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦੇ ਸੰਦਰਭ ਵਿੱਚ 42 ਕਾਂਗਰਸੀ ਵਿਧਾਇਕਾਂ ਸਮੇਤ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸੇ ਤਰ੍ਹਾਂ ਸੁਖਬਿੰਦਰ ਸਿੰਘ ਸਰਕਾਰੀਆ ਰਾਜਾਸਾਂਸੀ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਇਹ ਦੋਵੇਂ ਨੇਤਾ ਤਿੰਨ-ਤਿੰਨ ਵਿਧਾਇਕ ਚੁਣੇ ਗਏ ਹਨ।
ਵਿਜੇ ਇੰਦਰ ਸਿੰਗਲਾ ਸਾਲ 2009 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ ਪਿਛਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ। ਭਾਰਤ ਭੂਸ਼ਣ ਆਸ਼ੂ ਜੋ ਲੁਧਿਆਣਾ ਪੱਛਮੀ ਹਲਕੇ ਤੋਂ ਨੁਮਾਇੰਦਗੀ ਕਰਦੇ ਹਨ, ਦੋ ਵਾਰ ਵਿਧਾਇਕ ਚੁਣੇ ਗਏ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਵਿਧਾਨਕ ਦਲ ਦੇ ਸਾਬਕਾ ਡਿਪਟੀ ਲੀਡਰ ਹਨ।
ਸੁੰਦਰ ਸ਼ਾਮ ਅਰੋੜਾ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ ਜੋ ਹੁਸ਼ਿਆਰਪੁਰ ਹਲਕੇ ਤੋਂ ਨੁਮਾਇੰਦਗੀ ਕਰਦੇ ਹਨ ਜਦਕਿ ਓ.ਪੀ. ਸੋਨੀ ਅੰਮ੍ਰਿਤਸਰ ਕੇਂਦਰੀ ਤੋਂ ਨੁਮਾਇੰਦਗੀ ਕਰਦੇ ਹਨ ਜਿਨ੍ਹਾਂ ਨੂੰ ਪੰਜ ਵਾਰ ਵਿਧਾਨ ਸਭਾ ਦਾ ਮੈਂਬਰ ਚੁਣੇ ਜਾਣ ਦਾ ਮਾਣ ਹਾਸਲ ਹੈ।
ਇਸੇ ਤਰ੍ਹਾਂ ਰਾਣਾ ਗੁਰਮੀਤ ਸਿੰਘ ਸੋਢੀ ਗੁਰੂ ਹਰਸਹਾਏ (ਫਿਰੋਜ਼ਪੁਰ) ਤੋਂ ਚਾਰ ਵਾਰ, ਗੁਰਪ੍ਰੀਤ ਸਿੰਘ ਕਾਂਗੜ ਰਾਮਪੁਰਾ ਫੂਲ (ਬਠਿੰਡਾ) ਤੋਂ ਤਿੰਨ ਵਾਰ ਅਤੇ ਬਲਬੀਰ ਸਿੰਘ ਸਿੱਧੂ ਐਸ.ਏ.ਐਸ. ਨਗਰ ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਚਾਰ-ਚਰਚਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਸੀਨੀਅਰ ਕਾਂਗਰਸ ਨੇਤਾ ਹਰੀਸ਼ ਚੌਧਰੀ ਤੇ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…