
ਵਿੱਕੀ ਮਿੱਡੂਖੇੜਾ ਨੂੰ ਮਾਰਨ ਦੀ ਜ਼ਿੰਮੇਵਾਰੀ ਗੈਂਗਸਟਰ ਬੰਬੀਹਾ ਗਰੋਹ ਨੇ ਲਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਨੂੰ ਮਾਰਨ ਦੀ ਜ਼ਿੰਮੇਵਾਰੀ ਗੈਂਗਸਟਰ ਬੰਬੀਹਾ ਗਰੁੱਪ ਨੇ ਲਈ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਅਪਲੋਡ ਕਰਕੇ ਕਿਹਾ ਕਿ ਹੈ ਕਿ ਵਿੱਕੀ ਮਿੱਡੂਖੇੜਾ ਦਾ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ। ਇਸ ਨੂੰ ਲੱਕੀ ਨੇ ਬਹੁਤ ਸਮਝਾਇਆ ਸੀ। ਕਤਲ ਦੀ ਵਜ੍ਹਾ ਰੰਜ਼ਸ ਦੱਸਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਵਿੱਕੀ ਉਨ੍ਹਾਂ ਦੇ ਵਿਰੋਧੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਗੁਰਲਾਲ ਭਲਵਾਨ ਅਤੇ ਰਾਣਾ ਸਿੱਧੂ ਨੂੰ ਮਰਵਾਇਆ ਸੀ।
ਉਨ੍ਹਾਂ ਨੇ ਵਿੱਕੀ ਮਿੱਡੂਖੇੜਾ ਬਾਰੇ ਲਿਖਿਆ ਹੈ ਕਿ ਇਹ ਵਿਅਕਤੀ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਕਾਰੋਬਾਰੀਆਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦੇ ਸੀ ਅਤੇ ਇਨ੍ਹਾਂ ਦੇ ਗਰੁੱਪ ਵੱਲੋਂ ਕੀਤੇ ਕਤਲ ਨੂੰ ਉਨ੍ਹਾਂ (ਬੰਬੀਹਾ ਗਰੁੱਪ) ਦੇ ਨਾਲ ਜੋੜ ਦਿੰਦੇ ਸੀ। ਜਿਸ ਕਰਕੇ ਉਨ੍ਹਾਂ ਨੂੰ ਵਿੱਕੀ ਨੂੰ ਮਾਰਨਾ ਪਿਆ। ਉਂਜ ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਉਹ ਕਿਸੇ ਨਿਰਦੋਸ਼ ਨੂੰ ਕੁੱਝ ਨਹੀਂ ਕਹਿੰਦੇ ਹਨ ਪਰ ਜੋ ਉਨ੍ਹਾਂ ਦੇ ਖ਼ਿਲਾਫ਼ ਭੁਗਤੇਗਾ, ਉਸ ਦਾ ਵੀ ਇਹੀ ਹਾਲ ਹੋਵੇਗਾ। ਉਧਰ, ਬੰਬੀਹਾ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਪੁਲੀਸ ਵੀ ਚੋਕੰਨੀ ਹੋ ਗਈ ਹੈ। ਹਾਲਾਂਕਿ ਪਹਿਲਾਂ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਅਜੈਪਾਲ ਮਿੱਡੂਖੇੜਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਪਰ ਹੁਣ ਪੁਲੀਸ ਨੇ ਗੈਂਗਸਟਰ ਗਤੀਵਿਧੀਆਂ ਦਾ ਪਤਾ ਲਗਾਉਣ ਵਿੱਚ ਜੁੱਟ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਇਹ ਕਿਸੇ ਗੈਂਗਸਟਰ ਗਰੋਹ ਦਾ ਕੰਮ ਹੈ।