ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫ਼ਤਾਰ

ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਤੇ ਧਮਕੀ ਭਰੇ ਫੋਨ ਕਰਨ ਵਾਲੇ ਇੱਕ ਹੋਰ ਮੁਲਜ਼ਮ ਦੀ ਭਾਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਟੀਡੀਆਈ ਵੈਲਿੰਗਟਨ ਸਿਟੀ ਸੈਕਟਰ-117, ਮੁਹਾਲੀ ਤੋਂ ਇੱਕ ਮੁਲਜ਼ਮ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਰੋਹ ਮੁਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੀ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ ਵਾਸੀ ਮਲੋਆ (ਯੂਟੀ) ਵਜੋਂ ਹੋਈ ਹੈ, ਜੋ ਇੱਥੇ ਇੱਕ ਸੈਲੂਨ ਵਿੱਚ ਕੰਮ ਕਰਦਾ ਸੀ। ਪੁਲੀਸ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮ ਦੇ ਖ਼ਿਲਾਫ਼ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਦੇ ਮੁਹਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਉਕਤ ਮੁਲਜ਼ਮ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਰਨ ਸਬੰਧੀ ਰਿਪੋਰਟਾਂ ਮਿਲਣ ਉਪਰੰਤ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਸ਼ਾਲ ਕੁਮਾਰ ਅਤੇ ਉਸ ਦੇ ਸਾਥੀ ਕਸ਼ਮੀਰ ਸਿੰਘ ਉਰਫ਼ ਬੌਬੀ ਵਾਸੀ ਪਿੰਡ ਘੰਗਰੋਲੀ (ਪਟਿਆਲਾ) ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ’ਤੇ ਟੀਡੀਆਈ ਵੈਲਿੰਗਟਨ ਸਿਟੀ ਤੋਂ ਵਿਸ਼ਾਲ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਮਿਲਣ ਜਾ ਰਿਹਾ ਸੀ। ਜਦੋਂਕਿ ਬੌਬੀ ਦੀ ਭਾਲ ਜਾਰੀ ਹੈ।
ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਮੁਹਾਲੀ ਸਮੇਤ ਚੰਡੀਗੜ੍ਹ ਅਤੇ ਆਸ-ਪਾਸ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਦਾ ਸੀ ਅਤੇ ਧਮਕੀਆਂ ਦਿੰਦਾ ਸੀ, ਜਦੋਂਕਿ ਵਿਸ਼ਾਲ ਇਨ੍ਹਾਂ ਵਿਅਕਤੀਆਂ ਤੋਂ ਫਿਰੌਤੀ ਦੀ ਰਕਮ ਵਸੂਲਣ ਲਈ ਉਨ੍ਹਾਂ ਨੂੰ ਡਰਾਉਂਦਾ ਧਮਕਾਉਂਦਾ ਸੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਾਲ ਕੁਮਾਰ ਅਤੇ ਕਸ਼ਮੀਰ ਉਰਫ਼ ਬੌਬੀ ਨੇ ‘ਸਕੱਲ’ ਕਲੱਬ ਮੁਹਾਲੀ ਦੇ ਮਾਲਕ ਤੋਂ ਪੈਸੇ ਵਸੂਲ ਕਰਨ ਲਈ ਬੀਤੀ 11 ਮਈ ਨੂੰ ਉਸਦੇ ਘਰ ’ਤੇ ਹਮਲਾ ਵੀ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…