Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਦਿਲਪ੍ਰੀਤ ਉਰਫ਼ ਬਾਬਾ ਤੇ ਜਸਪਾਲ ਜੱਸੀ ਗਰੁੱਪ ਦਾ ਸਰਗਰਮ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮ ਕੋਲੋਂ 5 ਪਿਸਤੌਲ ਤੇ ਹਾਂਡਾ ਸਿਟੀ ਕਾਰ ਬਰਾਮਦ ਖਰੜ-ਲਾਂਡਰਾਂ ਸੜਕ ’ਤੇ ਸਥਿਤ ਭੁਰੂ ਚੌਂਕ ਨੇੜਿਓਂ ਪਾਈ ਮੁਲਜ਼ਮ ਦੀ ਗ੍ਰਿਫ਼ਤਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਜ਼ਿਲ੍ਹਾ ਪੁਲੀਸ ਮੁਹਾਲੀ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਜਸਪਾਲ ਸਿੰਘ ਉਰਫ਼ ਜੱਸੀ ਗਰੁੱਪ ਦੇ ਸਰਗਰਮ ਮੈਂਬਰ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ (ਹੁਸ਼ਿਆਰਪੁਰ) ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਚਿੱਟੇ ਰੰਗ ਦੀ ਹਾਂਡਾ ਸਿਟੀ ਕਾਰ ਅਤੇ ਪੰਜ ਪਿਸਤੌਲ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੱਜ ਵਿਸ਼ੇਸ਼ ਨਾਕਾਬੰਦੀ ਦੌਰਾਨ ਖਰੜ-ਲਾਂਡਰਾਂ ਸੜਕ ’ਤੇ ਸਥਿਤ ਭੁਰੂ ਚੌਂਕ ਨੇੜਿਓਂ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਸਿਟੀ ਖਰੜ ਵਿਖੇ ਅਸਲਾ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਜਸਪਾਲ ਸਿੰਘ ਉਰਫ਼ ਜੱਸੀ ਗਰੁੱਪ ਦਾ ਸਰਗਰਮ ਮੈਂਬਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਮੁਲਜ਼ਮ ਕੋਲੋਂ.32 ਬੋਰ ਅਤੇ .30 ਬੋਰ ਦੇ ਪੰਜ ਦੇਸੀ ਪਿਸਤੌਲ, .32 ਬੋਰ ਦੇ 15 ਜਿੰਦਾ ਕਾਰਤੂਸ ਅਤੇ ਹਾਂਡਾ ਸਿਟੀ ਕਾਰ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਨੇ ਮੁਲਜ਼ਮ ਪਰਮਜੀਤ ਪੰਮਾ ਦੇ ਅਪਰਾਧਿਕ ਪਿਛੋਕੜ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਸ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਰੀਬ 18 ਅਪਰਾਧਿਕ ਪਰਚੇ ਦਰਜ ਹਨ ਅਤੇ ਉਹ ਸਾਲ 2014 ਤੋਂ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਜਸਪਾਲ ਜੱਸੀ ਗਰੁੱਪ ਦੇ ਐਕਟਿਵ ਮੈਂਬਰ ਵਜੋਂ ਕੰਮ ਕਰਦਾ ਆ ਰਿਹਾ ਹੈ। ਪੁਲੀਸ ਅਨੁਸਾਰ ਮੁਲਜ਼ਮ ਕੋਲੋਂ ਬਰਾਮਦ ਅਸਲਾ ਉਸ ਨੇ ਆਪਣੇ ਵਿਰੋਧੀ ਗੈਂਗਸਟਰ ਗਰੁੱਪ ਦੇ ਮੈਂਬਰਾਂ ਨਾਲ ਗੈਂਗਵਾਰ ਕਰਨ ਲਈ ਲਿਆਂਦੇ ਸਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ