nabaz-e-punjab.com

ਫਿਰੌਤੀ ਮੰਗਣ ਤੇ ਜਾਅਲੀ ਪਾਸਪੋਰਟ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਮੁਹਾਲੀ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਫਿਰੌਤੀ ਮੰਗਣ ਅਤੇ ਜਾਅਲੀ ਪਾਸਪੋਰਟ ਮਾਮਲੇ ਵਿੱਚ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਜਦੋਂਕਿ ਇਸ ਦੌਰਾਨ ਕਰੀਬ ਅੱਠ ਸਾਲ ਪੁਰਾਣੇ ਅਸਲਾ ਐਕਟ ਮਾਮਲੇ ਵਿੱਚ ਪੁੱਛਗਿੱਛ ਲਈ ਜਲੰਧਰ ਪੁਲੀਸ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਤੋਂ ਰਾਹਦਾਰੀ ਵਰੰਟ ’ਤੇ ਆਪਣੇ ਨਾਲ ਲੈ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਵੱਲੋਂ ਪਿਛਲੇ ਦਿਨੀਂ ਜਾਅਲੀ ਪਾਸਪੋਰਟ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਦਰਜ ਕੀਤੇ ਅਪਰਾਧਿਕ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਸੀ। ਉਸ ’ਤੇ ਕਾਰੋਬਾਰੀਆਂ ਨੂੰ ਡਰਾ ਧਮਕਾ ਦੇ ਕੇ ਫਿਰੌਤੀਆਂ ਮੰਗਣ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਪਾਸਪੋਰਟ ਬਣਾਉਣ ਦਾ ਦੋਸ਼ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਠ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਧਰ, ਨਾਲ ਹੀ ਜਲੰਧਰ ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਕਿ ਸਾਲ 2014 ਵਿੱਚ ਜੱਗੂ ਭਗਵਾਨਪੁਰੀਆ ਵਿਰੁੱਧ ਭੋਗਪੁਰ ਥਾਣੇ ਵਿੱਚ ਅਸਲਾ ਐਕਟ ਤਹਿਤ ਦਰਜ ਮਾਮਲੇ ਵਿੱਚ ਪੁੱਛਗਿੱਛ ਕਰਨੀ ਹੈ। ਅਦਾਲਤ ਨੇ ਜਲੰਧਰ ਪੁਲੀਸ ਦੀ ਅਰਜ਼ੀ ਮਨਜ਼ੂਰ ਕਰਕੇ ਮੁਲਜ਼ਮ ਨੂੰ ਉਨ੍ਹਾਂ ਦੇ ਸਪੁਰਦ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮਗਰੋਂ ਐਸਪੀ ਮਨਜੀਤ ਕੌਰ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਲੰਧਰ ਪੁਲੀਸ ਦੀ ਇੱਕ ਵਿਸ਼ੇਸ਼ ਟੀਮ ਜੱਗੂ ਭਗਵਾਨਪੁਰੀਆ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਈ।
ਉਧਰ, ਗੈਂਗਸਟਰ ਲਾਰੈਂਸ ਬਿਸ਼ਨੋਈ ਵੀ 10 ਦਿਨ ਦੇ ਪੁਲੀਸ ਰਿਮਾਂਡ ’ਤੇ ਖਰੜ ਪੁਲੀਸ ਕੋਲ ਹੈ। ਉਸ ਦੇ ਖ਼ਿਲਾਫ਼ ਸਦਰ ਥਾਣਾ ਖਰੜ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਨਵਾਂ ਪਰਚਾ ਦਰਜ ਕੀਤਾ ਗਿਆ ਹੈ। ਉਸ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਵਿੱਚ ਰੱਖਿਆ ਗਿਆ। ਜਿੱਥੇ ਸੀਨੀਅਰ ਅਧਿਕਾਰੀਆਂ ਵੱਲੋਂ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ। ਉੱਚ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਵੀ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਗਈ ਹੈ।
ਗੈਂਗਸਟਰ ਬੰਬੀਹਾ ਗਰੁੱਪ ਦੀਆਂ ਧਮਕੀਆਂ ਦੇ ਚੱਲਦਿਆਂ ਪੰਜਾਬ ਪੁਲੀਸ ਨੇ ਸੀਆਈਏ ਸਟਾਫ਼ ਦੇ ਕੈਂਪਸ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਹੈ। ਸੀਆਈਏ ਕੈਂਪਸ ਦੇ ਅੰਦਰ ਅਤੇ ਬਾਹਰ ਸਪੈਸ਼ਲ ਕਮਾਂਡੋਜ਼ ਤਾਇਨਾਤ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…