
ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਅਦਾਲਤ ਵੱਲੋਂ ਪੁਲੀਸ ਮੁਲਾਜ਼ਮਾਂ ਦੀ ਅਰਜ਼ੀ ਰੱਦ
ਮੁਹਾਲੀ ਪੁਲੀਸ ਦੇ ਛੇ ਕਰਮਚਾਰੀਆਂ ਦਾ ਹੁਣ ਹੋਵੇਗਾ ਪੋਲੀ ਗਰਾਫ਼ ਟੈੱਸਟ
ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਛੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਪੁਲੀਸ ਮੁਲਾਜ਼ਮਾਂ ਦੀ ਉਹ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣਾ ਪੋਲੀਗਰਾਫ਼ ਟੈੱਸਟ ਨਾ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸ ਕੇਸ ਦੀ ਸੁਣਵਾਈ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ ਅਤੇ ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਪੁਲੀਸ ਮੁਲਾਜ਼ਮਾਂ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਬਣੀ ਸਿੱਟ ਪੁਲੀਸ ਮੁਲਾਜ਼ਮਾਂ ਦਾ ਪੋਲੀਗਰਾਫ਼ ਟੈੱਸਟ ਕਰਵਾਉਣ ਵਿੱਚ ਸਫਲ ਹੁੰਦੀ ਹੈ ਜਾਂ ਨਹੀਂ?
ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਵਿਭਾਗ ਨੇ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਨਤੀਜਿਆਂ ਦੇ ਆਧਾਰ ’ਤੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਡੀਐਸਪੀ ਸੰਧੂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪਹਿਲਾਂ ਸਬ ਇੰਸਪੈਕਟਰ ਜਗਤਪਾਲ ਸਮੇਤ ਸੱਤ ਪੁਲੀਸ ਮੁਲਾਜ਼ਮਾਂ ਨੇ ਆਪਣਾ ਪੋਲੀਗਰਾਫ਼ ਟੈੱਸਟ ਕਰਵਾਉਣ ਦੀ ਸਹਿਮਤੀ ਦਿੱਤੀ ਸੀ ਪ੍ਰੰਤੂ ਬਾਅਦ ਵਿੱਚ ਛੇ ਪੁਲੀਸ ਮੁਲਾਜ਼ਮਾਂ ਮੁਖਤਿਆਰ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਅੰਮ੍ਰਿਤਪਾਲ ਸਿੰਘ (ਸਾਰੇ ਸਿਪਾਹੀ) ਨੇ ਯੂ-ਟਰਨ ਲੈਂਦਿਆਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਗਿਆ ਕਿ ਉਹ ਆਪਣਾ ਪੋਲੀਗਰਾਫ਼ ਟੈੱਸਟ ਨਹੀਂ ਕਰਵਾਉਣਾ ਚਾਹੁੰਦੇ ਹਨ। ਇਸ ਸਬੰਧੀ ਅਦਾਲਤ ਨੇ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਸੀ ਅਤੇ ਸਬੰਧਤ ਐਸਐਚਓ ਨੂੰ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਸਨ ਅਤੇ ਥਾਣਾ ਮੁਖੀ ਨੂੰ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ।
ਅੱਜ ਸੁਣਵਾਈ ਦੌਰਾਨ ਅਦਾਲਤ ਨੇ ਸਾਰਾ ਰਿਕਾਰਡ ਚੈੱਕ ਕੀਤ ਅਤੇ ਥਾਣਾ ਮੁਖੀ ਨੇ ਵੀ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਯੂ-ਟਰਨ ਲੈਣ ਵਾਲੇ ਛੇ ਪੁਲੀਸ ਮੁਲਾਜ਼ਮਾਂ ਦੀ ਅਰਜ਼ੀ ਰੱਦ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਪਿਛਲੀ ਤਰੀਕ ’ਤੇ ਵਕੀਲ ਨੇ ਇਹ ਤਰਕ ਦਿੱਤਾ ਸੀ ਕਿ ਉਕਤ ਪੁਲੀਸ ਕਰਮਚਾਰੀਆਂ ਨੇ ਉੱਚ ਅਧਿਕਾਰੀਆਂ ਦੇ ਦਬਾਅ ਵਿੱਚ ਆ ਕੇ ਪੋਲੀਗਰਾਫ਼ ਟੈੱਸਟ ਕਰਵਾਉਣ ਦੀ ਸਹਿਮਤੀ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਇੱਕ ਟੀਵੀ ਚੈਨਲ ’ਤੇ ਮਾਰਚ 2023 ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਪ੍ਰਸਾਰਿਤ ਕੀਤੀ ਗਈ ਸੀ, ਜਿਹੜੀ ਵੀਡੀਓ ਕਾਨਫ਼ਰੰਸ ਰਾਹੀਂ ਸੰਭਵ ਹੋ ਸਕੀ ਸੀ। ਉਸ ਸਮੇਂ ਲਾਰੈਂਸ ਬਿਸ਼ਨੋਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਹਿਰਾਸਤ ਵਿੱਚ ਸੀ ਅਤੇ ਉਦੋਂ ਗੁਰਸ਼ੇਰ ਸਿੰਘ ਸੰਧੂ ਮੁਹਾਲੀ ਵਿੱਚ ਡੀਐਸਪੀ (ਤਫ਼ਤੀਸ਼ੀ) ਦੇ ਅਹੁਦੇ ’ਤੇ ਤਾਇਨਾਤ ਸਨ। ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਖਰੜ ਕੈਂਪ ਵਿੱਚ ਰੱਖਿਆ ਗਿਆ ਸੀ। ਗ੍ਰਹਿ ਵਿਭਾਗ ਨੇ ਪੁਲੀਸ ਦੀ ਹਿਰਾਸਤ ’ਚੋਂ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਲਈ ਕਥਿਤ ਤੌਰ ’ਤੇ ਇਹ ਸੁਵਿਧਾ ਪ੍ਰਦਾਨ ਕਰਨ ਲਈ ਡੀਐਸਪੀ ਗੁਰਸ਼ੇਰ ਸੰਧੂ ਸਮੇਤ ਕਈ ਹੋਰਨਾਂ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਪ੍ਰਸਾਰਿਤ ਹੋਈ ਸੀ। ਉਸ ਸਮੇਂ ਮ੍ਰਿਤਕ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੋਸ਼ ਲਾਇਆ ਸੀ ਕਿ ਪੁਲੀਸ ਗੈਂਗਸਟਰ ਨਾਲ ਮਿਲੀ ਹੋਈ ਹੈ, ਬਾਅਦ ਵਿੱਚ ਐਸਆਈਟੀ ਨੇ ਉਕਤ ਦੇ ਦੋਸ਼ਾਂ ਨੂੰ ਸਹੀ ਪਾਇਆ ਸੀ।