
ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਵੱਲੋਂ ਅੱਜ ਫਰੰਟ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ਡੀਸੀ ਦਫ਼ਤਰ ਦੇ ਬਾਹਰ ਸੂਬਾ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਕੌਂਸਲਰ ਸੁੱਚਾ ਸਿੰਘ ਕਲੌੜ, ਜਰਨੈਲ ਸਿੰਘ ਸਿੱਧੂ, ਮੰਗਤ ਖਾਨ, ਬਲਬੀਰ ਸਿੰਘ ਧਾਨੀਆਂ, ਡਾ. ਹਜ਼ਾਰਾ ਸਿੰਘ ਚੀਮਾ, ਬਾਬੂ ਸਿੰਘ, ਹਰਨੇਕ ਸਿੰਘ ਮਾਵੀ, ਸਰਬਜੀਤ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਪੈਨਸ਼ਨ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਦੌਰਾਨ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਮੰਗ ਕੀਤੀ।
ਕਰਮ ਸਿੰਘ ਧਨੋਆ ਨੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 2.59 ਦੇ ਫੈਕਟਰ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਸੋਧੀ ਜਾਵੇ, 2016 ਤੋਂ ਬਾਅਦ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਫਿਕਸ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਰੱਦ ਕਰਨ ਦੀ ਨਿਖੇਧੀ ਕੀਤੀ।
ਇਸ ਮੌਕੇ ਹਰਬੰਸ ਸਿੰਘ ਭੱਟੀ, ਜਸਮੇਰ ਸਿੰਘ ਬਾਠ, ਮਲਾਗਰ ਸਿੰਘ, ਗੁਰਪਾਲ ਸਿੰਘ, ਸਤਪਾਲ ਰਾਣਾ, ਵਿਜੈ ਕੁਮਾਰ, ਜਤਿੰਦਰ ਸਿੰਘ, ਪ੍ਰੇਮ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ ਜਵਾਹਰਪੁਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੁਲਾਜ਼ਮ ਆਗੂ ਬਾਜ ਸਿੰਘ ਖਹਿਰਾ, ਕਰਮਾ ਪੁਰੀ, ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਵੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਧਰਨੇ ਦੌਰਾਨ ਮੰਚ ਸੰਚਾਲਨ ਜਗਦੀਸ ਸਿੰਘ ਸਰਾਓ ਨੇ ਕੀਤਾ।