ਵੇਰਕਾ ਆਊਟਸੋਰਸ ਵਰਕਰਾਂ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਬਾਹਰ ਗੇਟ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਇੱਥੋਂ ਦੇ ਵੇਰਕਾ ਮਿਲਕ ਪਲਾਂਟ ਮੁਹਾਲੀ ਵਿੱਚ ਕੰਮ ਕਰਦੇ ਆਊਟਸੋਰਸ ਵਰਕਰਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਵੇਰਕਾ ਆਊਟਸੋਰਸ ਵਰਕਰ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਹੱਕ ਵਿੱਚ ਗੇਟ ਰੈਲੀ ਕੀਤੀ। ਇਸ ਮੌਕੇ ਵੇਰਕਾ ਆਊਟਸੋਰਸ ਯੂਨੀਅਨ ਮੁਹਾਲੀ ਦੇ ਪ੍ਰਧਾਨ ਜਤਿੰਦਰ ਸਿੰਘ, ਨਵਰੀਤ ਕੌਰ, ਸਤਵਿੰਦਰ ਸਿੰਘ, ਸਤਵਿੰਦਰ ਸਿੰਘ ਭੋਗਲ, ਕੁਲਦੀਪ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਲਕਫੈਡ ’ਚੋਂ ਠੇਕੇਦਾਰੀ ਸਿਸਟਮ ਬੰਦ ਕਰਕੇ ਆਊਟ ਸੋਰਸ ਵਰਕਰਾਂ ਨੂੰ ਬਿਨਾਂ ਸ਼ਰਤ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਵੇਰਕਾ ਮਿਲਕ ਪਲਾਂਟ ਚੰਡੀਗੜ੍ਹ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਰੁਪਿੰਦਰ ਸਿੰਘ ਨੇ ਵੀ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਅਤੇ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਸਮੂਹ ਸਾਥੀਆਂ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਦੀ ਪੂਰਤੀ ਲਈ ਸਾਂਝੀ ਲੜਾਈ ਲੜਨ ਦੀ ਅਪੀਲ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੈਂਕੜੇ ਆਊਟਸੋਰਸ ਵਰਕਰ ਬੇਰੁਜ਼ਗਾਰ ਹੋ ਕੇ ਸੜਕਾਂ ’ਤੇ ਆ ਜਾਣਗੇ। ਕਿਉਂਕਿ 3 ਅਤੇ 4 ਕੈਟਾਗਰੀ ਦੇ ਵਿੱਚ ਇਨ੍ਹਾਂ ਸਾਰੀਆਂ ਅਸਾਮੀਆਂ ’ਤੇ ਆਊਟਸੋਰਸ ਵਰਕਰ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈਡ ਇੱਕ ਨੀਤੀ ਤੇ ਇੱਕ ਰੂਲ ਅਨੁਸਾਰ ਨਹੀਂ ਚਲਦਾ, ਮਿਲਕ ਪਲਾਟਾਂ ਵਿੱਚ ਕਿਰਤ ਕਾਨੂੰਨ ਅਨੁਸਾਰ ਮਿਲਦੇ ਅਧਿਕਾਰ ਲਾਗੂ ਨਹੀਂ ਕੀਤੇ ਗਏ ਅਤੇ ਨਾ ਹੀ ਕਿਰਤ ਵਿਭਾਗ ਅਨੁਸਾਰ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ। ਆਪ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਕਿਰਤ ਕਾਨੂੰਨ ਲਾਗੂ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਹ ਐਲਾਨ ਕੀਤਾ ਸੀ ਕਿ ਪੰਜਾਬ ’ਚੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਨੇ ਹੁਣ ਤੱਕ ਇੱਕ ਪੁਣੀ ਵੀ ਨਹੀਂ ਕੱਤੀ ਜਦੋਂਕਿ ਕੱਚੇ ਕਰਮਚਾਰੀਆਂ ਦਾ ਸ਼ਰ੍ਹੇਆਮ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਦੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਕੱਚੇ ਕਾਮਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ। ਉਪਰੰਤ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨੂੰ ਮੰਗ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …