
ਪਿੰਡ ਲਾਂਡਰਾਂ ਵਿੱਚ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਇੱਥੋਂ ਦੇ ਨੇੜਲੇ ਕਸਬਾ-ਨੁਮਾ ਪਿੰਡ ਲਾਂਡਰਾਂ ਵਿੱਚ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਜੂਨੀਅਰ ਅਤੇ ਸੀਨੀਅਰ ਵਰਗ ਵਿੱਚ ਸੈਂਕੜੇ ਸਿੱਖ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕਾਬਲੇ ਲਈ ਤਿਆਰੀ ਲਈ 15 ਦਿਨ ਪਹਿਲਾਂ ਦਸਤਾਰ ਸਜਾਉਣ ਦਾ ਸਿਖਲਾਈ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਲਾਂਡਰਾਂ ਅਤੇ ਨੇੜਲੇ ਪਿੰਡਾਂ ਦੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦਸਤਾਰ ਸਜਾਉਣ ਦੇ ਨਾਲ ਨਾਲ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਨੂੰ 21 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੁੱਖ ਗਰੰਥੀ ਭਾਈ ਹਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਸਿੱਖ ਇਤਿਹਾਸ ਦੀ ਰੌਸ਼ਨੀ ਵਿੱਚ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕੀਤਾ ਅਤੇ ਸਿੱਖ ਬੱਚਿਆਂ ਨੂੰ ਇਨ੍ਹਾਂ ਚੁਨੌਤੀਆਂ ਦੇ ਟਾਕਰੇ ਲਈ ਤਿਆਰ ਰਹਿਣ ਲਈ ਪ੍ਰੇਰਿਆ।
ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਮਨਿੰਦਰ ਸਿੰਘ ਲਾਂਡਰਾਂ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨ ਸੈਦਪੁਰ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਆਗੂ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਸੁਖਦੇਵ ਸਿੰਘ, ਜਗਦੀਸ਼ ਸਿੰਘ, ਹਰਸ਼ ਸਰਵਾਰਾ, ਪਰਵਿੰਦਰ ਸਿੰਘ, ਅਮਨਦੀਪ ਸਿੰਘ, ਮਹਿਕਦੀਪ ਸਿੰਘ ਵੀ ਹਾਜ਼ਰ ਸਨ।