ਤੰਬਾਕੂ ਦੀ ਆਦਤ ਛੱਡ ਕੇ ਚੰਗੀ ਜ਼ਿੰਦਗੀ ਵੱਲ ਮੁੜਿਆ ਜਾਵੇ: ਡਾ. ਨਵਦੀਪ ਸਿੰਘ

ਵਿਸ਼ਵ ਤੰਬਾਕੂ ਦਿਵਸ ’ਤੇ ਖ਼ਾਲਸਾ ਕਾਲਜ ਵਿੱਚ ਕਰਵਾਇਆ ਜਾਗਰੂਕਤਾ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਇੱਥੋਂ ਦੇ ਖ਼ਾਲਸਾ ਕਾਲਜ ਫੇਜ਼-3ਏ ਵਿਖੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਿਹਤ ਵਿਭਾਗ ਦੇ ਜ਼ਿਲ੍ਹਾ ਤੰਬਾਕੂ ਰੋਕਥਾਮ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਇਹ ਬਹੁਤ ਭੈੜੀ ਆਦਤ ਹੈ। ਇਸ ਦੇ ਸੇਵਨ ਨਾਲ ਕੇਵਲ ਉਨ੍ਹਾਂ ਦਾ ਹੀ ਨਹੀਂ ਸਗੋਂ ਪਰਿਵਾਰ ਨੂੰ ਵੀ ਆਰਥਿਕ ਤੇ ਮਾਨਸਿਕ ਤੌਰ ’ਤੇ ਨੁਕਸਾਨ ਝੱਲਣਾ ਪੈਂਦਾ ਹੈ। ਇਸ ਲਈ ਉਹ ਖ਼ੁਦ ਵੀ ਇਸ ਲਾਹਨਤ ਤੋਂ ਬਚਣ ਤੇ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਤੰਬਾਕੂ ਤੋਂ ਬਚਣ ਲਈ ਪ੍ਰੇਰਿਤ ਕਰਨ। ਡਾ. ਨਵਦੀਪ ਸਿੰਘ ਵਿਸ਼ਵ ਤੰਬਾਕੂ ਦਿਵਸ ਸਬੰਧੀ ਤੰਬਾਕੂ-ਵਿਰੋਧੀ ਅੰਤਰ-ਸਕੂਲ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇਣ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਹ ਜਾਗਰੂਕਤਾ ਮੁਕਾਬਲਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਡਾ. ਨਵਦੀਪ ਨੇ ਕਿਹਾ ਕਿ ਸਿਗਰਟ, ਬੀੜੀ, ਜ਼ਰਦਾ, ਪਾਨ ਮਸਾਲਾ, ਈ-ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਸਾਡੇ ਸਰੀਰ ਲਈ ਬੇਹੱਦ ਖ਼ਤਰਨਾਕ ਹਨ। ਪਹਿਲਾਂ ਨੌਜਵਾਨ ਦੋਸਤਾਂ ਦੀ ਰੀਸੋ-ਰੀਸੀ ਤੰਬਾਕੂ ਖਾਣਾ ਸ਼ੁਰੂ ਕਰਦਾ ਹੈ, ਇਸ ਮਗਰੋਂ ਉਹ ਪੱਕੇ ਤੌਰ ’ਤੇ ਲਪੇਟੇ ਵਿੱਚ ਆ ਜਾਂਦਾ ਹੈ। ਇਹ ਮਿੱਠਾ ਜ਼ਹਿਰ ਹੈ, ਜੋ ਮਨੁੱਖ ਦੀ ਜਾਨ ਵੀ ਲੈ ਸਕਦਾ ਹੈ, ਇਸ ਲਈ ਤੰਬਾਕੂ ਦਾ ਖਹਿੜਾ ਛੱਡ ਕੇ ਚੰਗੀ ਜ਼ਿੰਦਗੀ ਦਾ ਪੱਲਾ ਫੜਿਆ ਜਾਵੇ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਾਰਨ ਦੇਸ਼ ਵਿੱਚ ਹਰ ਸਾਲ ਅੌਸਤਨ 10 ਲੱਖ ਤੋਂ ਵੱਧ ਮੌਤਾਂ ਹੁੰਦੀਆਂ ਹਨ ਅਤੇ ਅੌਸਤਨ ਰੋਜ਼ਾਨਾ 5 ਹਜ਼ਾਰ ਵਿਦਿਆਰਥੀ ਤੰਬਾਕੂ ਦੀ ਵਰਤੋਂ ਸ਼ੁਰੂ ਕਰਦੇ ਹਨ।
ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿੱਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿੱਚ ਕੋਈ ਵੀ ਵਿਅਕਤੀ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਅਤੇ ਨਾ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਆਦਤ ਛੱਡਣਾ ਕੋਈ ਅੌਖੀ ਗੱਲ ਨਹੀਂ। ਵਿਅਕਤੀ ਆਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਡਾਕਟਰੀ ਸਲਾਹ ਲਈ ਮੁਹਾਲੀ ਦੇ ਸੈਕਟਰ-66 ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਮਾਹਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜਿੱਥੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਨਾਅਰੇ ਲਿਖਣ, ਜਾਗਰੂਕਤਾ ਵੀਡੀਓ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਸਮੂਹ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼-10, ਸੇਂਟ ਸੋਲਜਰ ਸਕੂਲ ਫੇਜ਼-7, ਸ਼ਿਵਾਲਿਕ ਪਬਲਿਕ ਸਕੂਲ ਅਤੇ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੱਵਲ ਸਥਾਨ ਹਾਸਲ ਕੀਤੇ।

Load More Related Articles
Load More By Nabaz-e-Punjab
Load More In Agriculture & Forrest

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …