ਮੁਹਾਲੀ ਦੇ ਮਾਈ ਭਾਗੋ ਇੰਸਟੀਚਿਊਟ ਤੋਂ ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਆਰਮਡ ਇੰਸਟੀਚਿਊਟ ਮੁਹਾਲੀ ਵਿੱਚ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਹਰੀ ਝੰਡੀ

4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, 28 ਮਈ ਤੱਕ ਹੋਵੇਗੀ ਰਜਿਸਟਰੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਮੁਹਾਲੀ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਗੱਲ ਦਾ ਖ਼ੁਲਾਸਾ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਜਾਣਿਆ ਜਾਵੇਗਾ। ਇਹ ਪਹਿਲਕਦਮੀ ਰਾਜ ਵਿੱਚ ਅੌਰਤਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 4 ਜੂਨ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਲੜਕੀਆਂ 28 ਮਈ ਤੱਕ ਰਜਿਸਟਰੇਸ਼ਨ ਕਰਵਾ ਸਕਦੀਆਂ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਮੁਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨਡੀਏ ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਹੁਣ ਮਾਈ ਭਾਗੋ ਇੰਸਟੀਚਿਊਟ ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਐਨਡੀਏ ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜੇਐਸ ਸੰਧੂ ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨਡੀਏ ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਲਈ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਭਰਤੀ ਹੋਣ ਲਈ ਅੌਰਤਾਂ ਲਈ ਰਾਹ ਪੱਧਰਾ ਕਰ ਦਿੱਤਾ ਸੀ। ਇਸ ਸਮੇਂ ਐਨਡੀਏ ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ ’ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ। ਉਸ ਨੇ ਪੰਜਾਬ ’ਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …