
ਪੇਂਡੂ ਖੇਤਰ ਵਿੱਚ ਉਸਾਰੀ ਅਧੀਨ ਨਾਜਾਇਜ਼ ਕਲੋਨੀਆਂ ’ਤੇ ਚਲਿਆ ਗਮਾਡਾ ਦਾ ਬੁਲਡੋਜ਼ਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸ਼ੁੱਕਰਵਾਰ ਨੂੰ ਪਿੰਡ ਰਸਨਹੇੜੀ ਅਤੇ ਤ੍ਰਿਪੜੀ ਵਿਖੇ ਵਾਹੀਯੋਗ ਜ਼ਮੀਨ ਵਿੱਚ ਕਥਿਤ ਤੌਰ ’ਤੇ ਅਣਅਧਿਕਾਰਤ ਕਲੋਨੀਆਂ ਵਿੱਚ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਤਹਿਸ ਨਹਿਸ਼ ਕੀਤਾ ਗਿਆ। ਇਸ ਕਾਰਵਾਈ ਨੂੰ ਗਮਾਡਾ ਦੇ ਐਸਡੀਓ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵੇਂ ਥਾਵਾਂ ’ਤੇ 3 ਵੱਖ-ਵੱਖ ਅਣਅਧਿਕਾਰਤ ਕਲੋਨੀਆਂ ਦਾ ਕੰਮ ਚਲ ਰਿਹਾ ਸੀ। ਜਿਸ ਦੌਰਾਨ ਕਰੀਬ ਦੋ ਦਰਜਨ ਤੋਂ ਵੱਧ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ’ਤੇ ਮਕਾਨਾਂ ਦੀਆਂ ਨੀਂਹਾਂ ਭਰਨ ਦਾ ਕੰਮ ਜੰਗ ਪੱਧਰ ’ਤੇ ਕੀਤਾ ਜਾ ਰਿਹਾ ਸੀ। ਜਿਸ ਨੂੰ ਗਮਾਡਾ ਦੀ ਟੀਮ ਨੇ ਨਾਜਾਇਜ਼ ਉਸਾਰੀਆਂ ਨੂੰ ਢਾਹ ਮਗਰੋਂ ਇੱਧਰ ਆਵਾਜਾਈ ਰੋਕਣ ਲਈ ਸੜਕਾਂ ਵਿੱਚ ਖੱਡੇ ਪੁੱਟੇ ਹਨ।
ਐਸਡੀਓ ਨੇ ਕਿਹਾ ਕਿ ਗਮਾਡਾ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਖੇਤਾਂ ਵਿੱਚ ਅਣਅਧਿਕਾਰਤ ਤਰੀਕੇ ਨਾਲ ਪਲਾਟ ਕੱਟ ਕੇ ਵੇਚਣ ਵਾਲੇ ਕਲੋਨਾਈਜਰਾਂ ਦੇ ਖ਼ਿਲਾਫ਼ ਕਾਰਵਾਈ ਵਿੱਢੀ ਗਈ ਹੈ। ਇਸ ਤੋਂ ਪਹਿਲਾਂ ਮੁਹਾਲੀ ਦੀ ਜੂਹ ਵਿੱਚ ਬੜਮਾਜਰਾ, ਝਾਮਪੁਰ ਅਤੇ ਬਹਿਲੋਲਪੁਰ ਸਮੇਤ ਹੋਰਨਾਂ ਪੇਂਡੂ ਖੇਤਰਾਂ ਵਿੱਚ ਅਜਿਹੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਹਾਲਾਂਕਿ ਸ਼ਿਕਾਇਤ ਮਿਲਣ ਜਾਂ ਸੂਚਨਾ ਮਿਲਣ ’ਤੇ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਜਾਂਦਾ ਹੈ ਪ੍ਰੰਤੂ ਇਸ ਦੇ ਬਾਵਜੂਦ ਕੁੱਝ ਕਲੋਨਾਈਜਰ ਚੋਰੀ ਛਿਪੇ ਨਾਜਾਇਜ਼ ਕਲੋਨੀਆਂ ਕੱਟ ਕੇ ਆਪਣੀਆਂ ਜੇਬਾਂ ਭਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਨਾਜਾਇਜ਼ ਕਲੋਨੀਆਂ ਕੱਟਣ ਵਾਲੇ ਇਨ੍ਹਾਂ ਕਲੋਨਾਈਜਰਾਂ ਦੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਵਾਏ ਜਾ ਰਹੇ ਹਨ।