nabaz-e-punjab.com

ਗਮਾਡਾ ਨੇ ਸੈਕਟਰ-77 ਵਿੱਚ ਪੱਕੀ ਸੜਕ ਬਣਾਉਣ ਲਈ ਨਾਜਾਇਜ਼ ਕਬਜ਼ਾ ਛੁਡਾਇਆ

ਪਿੰਡ ਮਨੌਲੀ ਵਿੱਚ ਗੈਰ ਕਾਨੂੰਨੀ ਕਬਜ਼ੇ ਕਰਨ ਵਾਲਿਆਂ ਨੂੰ ਜ਼ਮੀਨ ਖਾਲੀ ਕਰਨ ਦੇ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਇੱਥੋਂ ਦੇ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੋਮਵਾਰ ਨੂੰ ਸੈਕਟਰ-77 ਵਿੱਚ ਸੜਕ ਤੋਂ ਕਥਿਤ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਕਾਰਵਾਈ ਨੂੰ ਗਮਾਡਾ ਦੇ ਮਿਲਖ਼ ਅਫ਼ਸਰ ਬਲਜੀਤ ਸਿੰਘ ਵਾਲੀਆ ਦੀ ਅਗਵਾਈ ਵਿੱਚ ਅੰਜਾਮ ਦਿੱਤਾ ਗਿਆ। ਇਸ ਜ਼ਮੀਨ ’ਤੇ ਪੱਕੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਜਿਸ ਨਾਲ ਉਕਤ ਸੈਕਟਰਾਂ ਦੇ ਵਸਨੀਕਾਂ ਅਤੇ ਹੋਰ ਰਾਹਗੀਰਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ।
ਪੁੱਡਾ ਦੀ ਵਧੀਕ ਮੁੱਖ ਸਕੱਤਰ ਤੇ ਗਮਾਡਾ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਵਿੰਨੀ ਮਹਾਜਨ ਨੇ ਅੱਜ ਇੱਥੇ ਸ਼ਾਮੀ ਦੱਸਿਆ ਕਿ ਅਗਲੀ ਕਾਰਵਾਈ ਵਿੱਚ ਐਕਵਾਇਰ ਕੀਤੀ ਗਈ ਇਸ ਜ਼ਮੀਨ ’ਤੇ ਪੱਕੀ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਨਾਲ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂ ਜੋ ਸੜਕ ਉੱਤੇ ਉਨ੍ਹਾਂ ਦੀ ਆਵਾਜਾਈ ਸੌਖੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਬਣਨ ਨਾਲ ਸੋਹਾਣਾ-ਮੁਹਾਲੀ ਸੜਕ ਉੱਤੇ ਵੀ ਟਰੈਫ਼ਿਕ ਘਟ ਜਾਵੇਗਾ ਕਿਉਂ ਜੋ ਇਸ ਸੜਕ ’ਤੇ ਆਉਣ ਜਾਣ ਵਾਲਿਆਂ ਨੂੰ ਇੱਕ ਹੋਰ ਵਿਕਲਪ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਕਟਰ-77 ਅਤੇ ਸੈਕਟਰ-88 ਨੂੰ ਵੰਡਦੀ ਸੜਕ ਦੇ ਨਿਰਮਾਣ ਨਾਲ ਮੁਹਾਲੀ ਏਅਰਪੋਰਟ ਸੜਕ ’ਤੇ ਵੀ ਟਰੈਫ਼ਿਕ ਦੀ ਭੀੜ ਕਾਫੀ ਹੱਦ ਤੱਕ ਘਟ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵੱਲ ਆਉਣ-ਜਾਣ ਵਾਲਿਆਂ ਲਈ ਵੀ ਲਾਂਘਾ ਸੌਖ ਹੋ ਜਾਵੇਗੀ। ਗਮਾਡਾ ਦੇ ਮਿਲਖ਼ ਅਫ਼ਸਰ ਬਲਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਕਤ ਜ਼ਮੀਨ ਦਾ ਕਬਜ਼ਾ ਲੈਣ ਦੀ ਪੂਰੀ ਪ੍ਰਕਿਰਿਆ ਸ਼ਾਂਤੀ ਪੂਰਵਕ ਢੰਗ ਨਾਲ ਮੁਕੰਮਲ ਹੋਈ ਅਤੇ ਕਾਬਜ਼ਕਾਰਾਂ ਵੱਲੋਂ ਵੀ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕੀਤਾ ਗਿਆ।
(ਬਾਕਸ ਆਈਟਮ)
ਗਮਾਡਾ ਵੱਲੋਂ ਨੇੜਲੇ ਪਿੰਡ ਮਨੌਲੀ ਵਿੱਚ ਗੈਰ ਕਾਨੂੰਨੀ ਕਬਜ਼ੇ ਕਰਨ ਵਾਲਿਆਂ ਨੂੰ ਜ਼ਮੀਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਦਿੱਤੀ ਗਈ ਮਿਆਦ ਵਿੱਚ ਜਿਨ੍ਹਾਂ ਕਾਬਜ਼ਕਾਰਾਂ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਨਹੀਂ ਜਾਣਗੇ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਸਨੀਕਾਂ ਦੀਆਂ ਲੋੜਾਂ ਪ੍ਰਤੀ ਗਮਾਡਾ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਲਈ ਵੱਖ-ਵੱਖ ਖੇਤਰਾਂ ਵਿੱਚ ਚੰਗੀ ਰਫ਼ਤਾਰ ਨਾਲ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…