
ਗਮਾਡਾ ਨੇ ਵੱਖ-ਵੱਖ ਕਲੋਨੀਆਂ ਵਿੱਚ 25 ਅਣਅਧਿਕਾਰਤ ਉਸਾਰੀਆਂ ਢਾਹੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਅੱਜ ਪਿੰਡ ਝਾਮਪੁਰ ਵਿੱਚ ਵੱਖ-ਵੱਖ ਅਣਅਧਿਕਾਰਤ ਕਲੋਨੀਆਂ ਵਿੱਚ ਦੋ ਦਰਜਨ ਤੋਂ ਵੱਧ ਗੈਰ ਕਾਨੂੰਨੀ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ। ਗਮਾਡਾ ਦੀ ਟੀਮ ਨੇ ਇਨ੍ਹਾਂ ਕਲੋਨੀਆਂ ਵਿੱਚ ਬਣੀਆਂ ਸੜਕਾਂ ਵੀ ਪੁੱਟ ਦਿੱਤੀਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਗਮਾਡਾ ਦੀ ਟੀਮ ਨੇ ਪਿੰਡ ਝਾਮਪੁਰ ਦੀ ਗੁਰੂ ਨਾਨਕ ਐਨਕਲੇਵ, ਸਾਈਂ ਐਨਕਲੇਵ ਐਕਟੈਂਸਨ, ਖੁਸ਼ੀ ਐਨਕਲੇਵ, ਚਿਰਾਗ ਐਨਕਲੇਵ ਸਮੇਤ ਹੋਰਨਾਂ ਅਣਅਧਿਕਾਰਤ ਕਲੋਨੀਆਂ ਵਿੱਚ ਹੋ ਰਹੀਆਂ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ।
ਗਮਾਡਾ ਅਧਿਕਾਰੀ ਨੇ ਦੱਸਿਆ ਕਿ ਗਮਾਡਾ ਵੱਲੋਂ ਲਗਾਤਾਰ ਅਣਅਧਿਕਾਰਤ ਕਲੋਨੀਆਂ ਵਿੱਚ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਨੇ ਅੱਜ ਜਿਹੜੀਆਂ ਕਲੋਨੀਆਂ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਅਣਅਧਿਕਾਰਤ ਕਲੋਨੀਆਂ ਵਿੱਚ ਪਹਿਲਾਂ ਵੀ ਉਸਾਰੀਆਂ ਨੂੰ ਢਾਹਿਆ ਗਿਆ ਸੀ ਅਤੇ ਇਨ੍ਹਾਂ ਕਲੋਨੀਆਂ ਦਾ ਨਿਰਮਾਣ ਕਰਨ ਵਾਲੇ ਬਿਲਡਰਾਂ ਖ਼ਿਲਾਫ਼ ਪੁਲੀਸ ਕੇਸ ਵੀ ਦਰਜ ਕਰਵਾਏ ਗਏ ਸਨ ਪਰ ਬਿਲਡਰਾਂ ਵੱਲੋਂ ਮੁੜ ਨਵੀਆਂ ਉਸਾਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਅੱਜ ਤਕਰੀਬਨ 25 ਅਣਅਧਿਕਾਰਤ ਉਸਾਰੀਆਂ ਢਾਹੀਆਂ ਗਈਆਂ ਹਨ। ਅਧਿਕਾਰੀ ਨੇ ਦੱਸਿਆ ਕਿ ਗਮਾਡਾ ਵੱਲੋਂ ਇਨ੍ਹਾਂ ਕਲੋਨੀਆਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਈ ਐੱਸਐੱਸਪੀ ਨੂੰ ਪੱਤਰ ਲਿਖਿਆ ਜਾਵੇਗਾ।