Nabaz-e-punjab.com

ਗਮਾਡਾ ਨੇ ਜਨਤਕ ਮੀਟਿੰਗ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਅੱਜ ਪੁੱਡਾ ਭਵਨ ਸੈਕਟਰ-62 ਵਿੱਚ ਇਕ ਜਨਤਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸੈਕਟਰ-76 ਤੋਂ 80 ਦੇ ਅਲਾਟੀਆਂ ਵੱਲੋਂ ਆਪਣੇ ਸੈਕਟਰਾਂ ਵਿੱਚ ਸੜਕਾਂ ਦੀ ਉਸਾਰੀ ਅਤੇ ਬਿਜਲੀ ਦੇ ਕੰਮਾਂ ਬਾਰੇ ਗੱਲ ਕੀਤੀ ਗਈ। ਗਮਾਡਾ ਅਧਿਕਾਰੀ ਨੇ ਲੋਕਾਂ ਨੂੰ ਦੱਸਿਆ ਗਿਆ ਕਿ ਇਨ੍ਹਾਂ ਵੱਖ-ਵੱਖ ਸੈਕਟਰਾਂ ਦੀਆਂ ਸੜਕਾਂ ਦੀ ਕਾਰਪੇਟਿੰਗ ਲਈ ਟੈਂਡਰ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਅਗਲੇ 2 ਮਹੀਨਿਆਂ ਵਿੱਚ ਕੰਮ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕੁਝ ਸੈਕਟਰਾਂ ਦੇ ਬਿਜਲੀ ਦੇ ਕੰਮਾਂ ਨਾਲ ਸਬੰਧਤ ਟੈਂਡਰਾਂ ਦੀ ਵੀ ਮੰਗ ਕੀਤੀ ਗਈ ਹੈ। ਸੈਕਟਰ-79 ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੈਕਟਰ ਦੇ ਪਲਾਟਾਂ ਵਿੱਚ ਉੱਗੇ ਦਰਖ਼ਤਾਂ ਦੇ ਮੁੱਦੇ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਦਰੱਖ਼ਤਾਂ ਦੀ ਨਿਲਾਮੀ ਪਹਿਲਾਂ ਹੀ ਨਿਯਤ ਕੀਤੀ ਜਾ ਚੁੱਕੀ ਹੈ।
ਆਰ.ਡਬਲਿਯੂ.ਏ ਨੇ ਮੀਟਿੰਗ ਵਿੱਚ ਦੱਸਿਆ ਕਿ ਸੈਕਟਰ-78 ਅਤੇ ਸੈਕਟਰ-79 ਨੂੰ ਵੰਡਣ ਵਾਲੀ ਸੜਕ ਉੱਤੇ ਪਹਿਲਾਂ ਖੜੇ ਕੀਤੇ ਜਾਂਦੇ ਇੱਟਾਂ ਨਾਲ ਭਰੇ ਟਰੱਕ ਹੁਣ ਉੱਥੇ ਖੜੇ ਨਹੀਂ ਹੋ ਰਹੇ। ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਕਿ ਇਹ ਮੁੱਦਾ ਪਹਿਲਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਦਾ ਗਿਆ ਸੀ। ਸੈਕਟਰ ਦੇ ਵਸਨੀਕਾਂ ਨੇ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕਰਨ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ। ਐਮਆਈਜੀ ਫਲੈਟ, ਫੇਜ਼-11 ਦੇ ਵਸਨੀਕਾਂ ਨੇ ਉਨ੍ਹਾਂ ਦੇ ਘਰਾਂ ਵਿੱਚ ਨੀਡ ਬੇਸਡ ਤਬਦੀਲੀਆਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਨੀਤੀ ਤਿਆਰ ਕਰਨ ਦੇ ਮਾਮਲੇ ਨੂੰ ਵਿਚਾਰਿਆ ਜਾਵੇਗਾ।
ਵੱਖ-ਵੱਖ ਸੈਕਟਰਾਂ ਵਿੱਚ ਰਹਿਣ ਵਾਲੇ ਕੁਝ ਅਲਾਟੀ, ਅਲਾਟਮੈਂਟ ਅਤੇ ਵੱਖ-ਵੱਖ ਸੇਵਾਵਾਂ ਸਬੰਧੀ ਮਾਮਲਿਆਂ ਨੂੰ ਲੈ ਕੇ ਮੀਟਿੰਗ ਵਿੱਚ ਹਾਜ਼ਰ ਹੋਏ। ਕੁਝ ਮਾਮਲਿਆਂ ਦਾ ਨਿਪਟਾਰਾ ਮੀਟਿੰਗ ਦੌਰਾਨ ਕਰ ਦਿੱਤਾ ਗਿਆ, ਜਦੋਂਕਿ ਜਿਨ੍ਹਾਂ ਮਾਮਲਿਆਂ ਬਾਰੇ ਵਿਚਾਰ ਵਟਾਂਦਰੇ ਦੀ ਲੋੜ ਹੈ, ਤੇ ਕਾਰਵਾਈ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਦੇ ਮਾਮਲੇ ਹੱਲ ਕਰਨ ਲਈ ਤੁਰੰਤ ਕਾਰਵਾਈ ਕਰਨ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਆਏ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਵਿਕਾਸ ਜਾਂ ਹੋਰ ਮੁੱਦਿਆਂ ਨਾਲ ਸਬੰਧਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਭੌਂ ਪ੍ਰਾਪਤੀ ਕੁਲੈਕਟਰ ਸ੍ਰੀਮਤੀ ਅਰੀਨਾ ਦੁੱਗਲ, ਮੁੱਖ ਇੰਜੀਨੀਅਰ ਸੁਨੀਲ ਕਾਂਸਲ, ਐਸਈ ਦਵਿੰਦਰ ਸਿੰਘ ਅਤੇ ਮਿਲਖ ਅਫ਼ਸਰ, ਭੌਂ ਪ੍ਰਾਪਤੀ, ਪਲਾਨਿੰਗ ਅਤੇ ਇੰਜੀਨੀਅਰ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…