ਗਮਾਡਾ ਨੇ ਪਿੰਡ ਘਟੌਰ ਅਤੇ ਜਵਾਹਰਪੁਰ ਵਿੱਚ ਢਾਹੀਆਂ 55 ਅਣਅਧਿਕਾਰਤ ਉਸਾਰੀਆਂ

ਗੈਰ ਕਾਨੂੰਨੀ ਕਲੋਨੀਆਂ ਵਿੱਚ ਪਲਾਟ ਕੱਟ ਕੇ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਐਸਐਸਪੀ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਅਣਅਧਿਕਾਰਤ ਕਲੋਨੀਆਂ ਕੱਟਣ ਵਾਲੇ ਬਿਲਡਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਗਮਾਡਾ ਨੇ ਨਾ ਸਿਰਫ਼ ਗੈਰ ਕਾਨੂੰਨੀ ਕਲੋਨੀਆਂ ਵਿੱਚ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ ਹੈ, ਉੱਥੇ ਬਿਲਡਰਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਲਈ ਮੁਹਾਲੀ ਦੇ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਹੈ।
ਗਮਾਡਾ ਦੀ ਰੈਗੂਲੇਟਰੀ ਬਰਾਂਚ ਦੇ ਐਸਡੀਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਮਾਡਾ ਨੂੰ ਲਗਾਤਾਰ ਸ਼ਿਕਾਇਤ ਮਿਲ ਰਹੀ ਸਨ ਕਿ ਪੇਂਡੂ ਖੇਤਰ ਕਈ ਵਿਅਕਤੀ ਅਣਅਧਿਕਾਰਤ ਕਲੋਨੀਆਂ ਕੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਘਟੌਰ ਵਿੱਚ ਸੱਤ ਗੈਰ ਕਾਨੂੰਨੀ ਕਲੋਨੀਆਂ ਵਿੱਚ ਕਰੀਬ 30 ਅਣਅਧਿਕਾਰਤ ਉਸਾਰੀਆਂ ਨੂੰ ਢਾਹਿਆ ਗਿਆ। ਇੰਜ ਹੀ ਪਿੰਡ ਜਵਾਹਰਪੁਰ ਵਿੱਚ ਲਗਪਗ 25 ਅਣਅਧਿਕਾਰਤ ਉਸਾਰੀਆਂ ਨੂੰ ਤਹਿਸ-ਨਹਿਸ ਕੀਤਾ ਗਿਆ ਹੈ। ਇਸ ਕਾਰਵਾਈ ਨੂੰ ਜੇਈ ਮਾਣਕ ਬਾਂਸਲ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ।
ਐਸਡੀਓ ਨੇ ਕਿਹਾ ਕਿ ਗਮਾਡਾ\ਪੁੱਡਾ ਦੇ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਗੈਰ ਕਾਨੂੰਨੀ ਕਲੋਨੀਆਂ ਕੱਟਣ ਵਾਲੇ ਬਿਲਡਰ ਨਾ ਤਾਂ ਗਮਾਡਾ ਕੋਲ ਅਗਾਊਂ ਪ੍ਰਵਾਨਗੀ ਲੈਣ ਲਈ ਅਪਲਾਈ ਕਰਦੇ ਹਨ ਅਤੇ ਨਾ ਹੀ ਉਨ੍ਹਾਂ ਵੱਲੋਂ ਸਰਕਾਰੀ ਨੇਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਬਣਾਉਣ ਵਾਲੇ ਬਿਲਡਰਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਵਾਏ ਜਾਣਗੇ ਅਤੇ ਪੇਂਡੂ ਖੇਤਰ ਵਿੱਚ ਨਿਯਮਾਂ ਦੇ ਉਲਟ ਕਲੋਨੀਆਂ ਕੱਟਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਲੌਂਗੀ, ਬੜਮਾਜਰਾ, ਜੁਝਾਰ ਨਗਰ ਅਤੇ ਝਾਮਪੁਰ ਆਦਿ ਪਿੰਡਾਂ ਵਿੱਚ ਖੇਤਾਂ ਵਿੱਚ ਪਲਾਟ ਕੱਟ ਕੇ ਵੇਚਣ ਵਾਲੇ ਕਰੀਬ 60 ਵਿਅਕਤੀਆਂ ਵਿਰੁੱਧ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕਰਵਾਇਆ ਗਿਆ ਸੀ।

ਜਾਣਕਾਰੀ ਅਨੁਸਾਰ ਗਮਾਡਾ ਵੱਲੋਂ ਭਾਵੇਂ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਾਫ਼ੀ ਬਿਲਡਰਾਂ ਵਿਰੁੱਧ ਪੁਲੀਸ ਕੇਸ ਵੀ ਦਰਜ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਬਿਲਡਰਾਂ ਦੇ ਹੌਂਸਲੇ ਏਨੇ ਬੁਲੰਦ ਹਨ ਕਿ ਉਹ ਗਮਾਡਾ ਦੇ ਨਿਯਮਾਂ ਨੂੰ ਟਿੱਚ ਜਾਣਦੇ ਹਨ ਅਤੇ ਧੜੱਲੇ ਨਾਲ ਗੈਰ ਕਾਨੂੰਨੀ ਕਲੋਨੀਆਂ ਕੱਟ ਰਹੇ ਹਨ। ਜਦੋਂ ਅਜਿਹੀਆਂ ਕਲੋਨੀਆਂ ਵਿੱਚ ਸਸਤੇ ਭਾਅ ’ਤੇ ਪਲਾਟ ਖ਼ਰੀਦਣ ਮਗਰੋਂ ਲੋਕ ਮਕਾਨ ਦੀ ਉਸਾਰੀ ਸ਼ੁਰੂ ਕਰਦੇ ਹਨ ਤਾਂ ਗਮਾਡਾ ਦੀ ਟੀਮ ਮੌਕੇ ’ਤੇ ਪਹੁੰਚ ਕੇ ਉਸਾਰੀਆਂ ਨੂੰ ਢਾਹ ਦਿੱਤਾ ਜਾਂਦਾ ਹੈ। ਜਿਸ ਕਾਰਨ ਖ਼ਰੀਦਦਾਰ ਸਿਰਫ਼ ਪਛਤਾਉਣ ਜੋਗੇ ਹੀ ਰਹਿ ਜਾਂਦੇ ਹਨ। ਹਾਲਾਂਕਿ ਗਮਾਡਾ\ਪੁੱਡਾ ਵੱਲੋਂ ਸਮੇਂ ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕਰਨ ਲਈ ਅਖ਼ਬਾਰਾਂ ਵਿੱਚ ਪਬਲਿਕ ਨੋਟਿਸ ਵੀ ਦਿੱਤੇ ਜਾਂਦੇ ਹਨ ਅਤੇ ਦਫ਼ਤਰ ਪੱਧਰ ’ਤੇ ਜਾਗਰੂਕ ਕੀਤਾ ਜਾਂਦਾ ਹੈ ਪ੍ਰੰਤੂ ਇਸ ਦੇ ਬਾਵਜੂਦ ਸਸਤੇ ਭਾਅ ਵਿੱਚ ਪਲਾਟ ਖ਼ਰੀਦਣ ਦੇ ਚੱਕਰ ਵਿੱਚ ਆਪਣੀ ਜਮ੍ਹਾ ਪੂੰਜੀ ਵੀ ਗੁਆ ਲੈਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…