ਗੋਬਿੰਦਗੜ੍ਹ ਦੇ ਕਾਂਗਰਸੀ ਪਰਿਵਾਰ ਆਪਣੇ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ

ਕਾਂਗਰਸ ਪਾਰਟੀ ਵਿੱਚ ਚਾਪਲੂਸਾਂ ਤੇ ਝੂਠਿਆਂ ਦਾ ਬੋਲਬਾਲਾ:ਰਵਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਂਰਾ ਮਿਲਿਆ ਜਦੋਂ ਪਿੰਡ ਗੋਬਿੰਦਗੜ੍ਹ ਦੇ ਕਈ ਕਾਂਗਰਸ ਸਮਰਥਕ ਸਾਬਕਾ ਸਰਪੰਚ ਤਰਲੋਚਨ ਸਿੰਘ ਦੇ ਲੜਕੇ ਰਵਿੰਦਰ ਸਿੰਘ ਅਤੇ ਗੁਰਜਿੰਦਰ ਸਿੰਘ ਆਪਣੇ ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਿੰਡ ਵਾਸੀਆਂ ਨੇ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਕੈਪਟਨ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਰਵਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹੁਣ ਚਾਪਲੂਸਾਂ ਅਤੇ ਝੂਠਿਆਂ ਦਾ ਬੋਲਬਾਲਾ ਹੈ ਅਤੇ ਮਿਹਨਤੀ ਵਰਕਰਾਂ ਦੀ ਪਾਰਟੀ ਵਿੱਚ ਕੋਈ ਕਦਰ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿਛਲੇ 10 ਸਾਲਾਂ ਵਿੱਚ ਕਦੇ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਹੁਣ ਚੋਣਾਂ ਸਮੇਂ ਉਹ ਲੋਕਾਂ ਦੀਆਂ ਵੋਟਾਂ ਲੈਣ ਲਈ ਫਿਰ ਝੂਠੇ ਵਾਅਦੇ ਕਰਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਉਹ ਕੈਪਟਨ ਸਿੱਧੂ ਦੀ ਸਮਾਜ ਸੇਵੀ ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇੱਥੋਂ ਕੈਪਟਨ ਸਿੱਧੂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਵਾਹ ਲਗਾਈ ਜਾਵੇਗੀ।
ਇਸ ਮੌਕੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਹਲਕਾ ਮੁਹਾਲੀ ’ਚੋਂ ਕਾਂਗਰਸ ਦਾ ਆਧਾਰ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਮਿਹਨਤੀ ਅਤੇ ਸਾਫ ਸੁਥਰੀ ਸ਼ਖਸੀਅਤ ਵਾਲੇ ਕਾਂਗਰਸੀ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਤਕੀਂ ਇਸ ਹਲਕੇ ’ਚੋਂ ਬਲਬੀਰ ਸਿੱਧੂ ਨੂੰ ਆਪਣੀ ਜ਼ਮਾਨਤ ਬਚਾਉਣੀ ਵੀ ਮੁਸ਼ਕਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਮੁਹਾਲੀ ਹਲਕੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਵਾ ਕੇ ਹਲਕੇ ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਪਛਾਣ ਦਿੱਤੀ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮੱੁਖ ਨਿਸ਼ਾਨਾ ਮੁਹਾਲੀ ਨੂੰ ਹਰਾ ਭਰਾ, ਸਾਫ਼ ਸੁਥਰਾ ਅਤੇ ਇਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੋਵੇਗਾ। ਉਹ ਹਲਕੇ ’ਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪਹਿਲ ਦੇ ਅਧਾਰ ’ਤੇ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਆਪਣੀ ਪੂਰੀ ਵਾਹ ਲਾਉਣਗੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜਥੇਦਾਰ ਬਲਵਿੰਦਰ ਸਿੰਘ ਗੋਬਿੰਦਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…