ਐਮਓਯੂ ਦਾ ਸਮਾਂ ਗਿਆ: ਹੁਣ ਨਿਵੇਸ਼ ਨੂੰ ਹੁਲਾਰਾ ਦੇਣ ਲਈ ਉਦਯੋਗਪਤੀਆਂ ਨਾਲ ਦਿਲ ਤੋਂ ਹੋਣਗੇ ਸਮਝੌਤੇ: ਮਾਨ

ਪੰਜਾਬ ਨੂੰ ਸਨਅਤੀ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ ਆਪ ਸਰਕਾਰ

ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ’ਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਕੀਤਾ ਦਿਲੋਂ ਧੰਨਵਾਦ

ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ-ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਐਮਓਯੂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਰਕਾਰ ਹੁਣ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ਼ ਦਿਲ ਸੇ (ਐਮਓਡੀਐਸ) ਕਰੇਗੀ। ਜਿਸ ਦੇ ਭਵਿੱਖ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮਓਡੀਐਸ ਸਿੱਧੇ ਤੌਰ ’ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਵੱਡੇ ਪੱਧਰ ’ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਇਸ ਨਾਲ ਪੰਜਾਬ ਵਿੱਚ ਤਰੱਕੀ ਤੇ ਖ਼ੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰੇਕ ਸਾਲ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ-ਵੱਖ ਖੇਤਰਾਂ ’ਤੇ ਆਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਪੰਜਾਬ ਨੂੰ ਤਰੱਕੀਪਸੰਦ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕੀਤਾ ਜਾ ਸਕੇ।
ਭਗਵੰਤ ਮਾਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਮਹਾਨ ਕਾਰਜ ਨੂੰ ਵੱਡੀ ਪੱਧਰ ’ਤੇ ਸਫਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਮਿਹਨਤ ਕੀਤੀ। ਨਾਲ ਹੀ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਉਦਯੋਗਪਤੀਆਂ ਦਾ ਵੀ ਧੰਨਵਾਦ ਕੀਤਾ।
ਸੂਬੇ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਲਈ ਇੱਥੇ ਸਭ ਤੋਂ ਵੱਧ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਦੀ ਗਤੀ ਹੋਰ ਤੇਜ਼ ਕਰਨ ’ਤੇ ਵੀ ਹੈ, ਜਿਸ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਾਹਨੀ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਜਦੋਂਕਿ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਸੰਮੇਲਨ ਵਿੱਚ ਪਹੁੰਚੇ ਉਦਯੋਗਪਤੀਆਂ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਅਖੀਰ ਵਿੱਚ ਸੀਈਓ ਇਨਵੈਸਟ ਪੰਜਾਬ ਕੇ.ਕੇ. ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਪੰਜਾਬ ਨੂੰ ਵਿਸ਼ਵ ਭਰ ਵਿੱਚ ‘ਸਿਹਤ ਸੰਭਾਲ’ ਦੇ ਧੁਰੇ ਵਜੋਂ ਉੱਭਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਹੋਰ ਅੱਗੇ ਵਧਾਉਣ ਲਈ ਅਗਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਵਧ ਕੇ 25 ਹੋ ਜਾਵੇਗੀ। ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ। ਇੱਕ ਪਾਸੇ ਸੂਬਾ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ।
ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਉੱਤਮ ਕਾਰਗੁਜ਼ਾਰੀ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸਨਮਾਨਿਤ ਕੀਤਾ। ਇੰਜ ਹੀ ਬਿਹਤਰ ਕਾਰਗੁਜ਼ਾਰੀ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀ ਪਾਲ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …