ਖ਼ੁਸ਼ਖ਼ਬਰੀ: ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਹੁਣ ਨਵੇਂ ਸੈਕਟਰ ਤੇ ਨੇੜਲੇ ਪਿੰਡ ਹੋਣਗੇ ਮੁਹਾਲੀ ਨਿਗਮ ਵਿੱਚ ਸ਼ਾਮਲ: ਬਲਬੀਰ ਸਿੱਧੂ

ਸਾਬਕਾ ਮੇਅਰ ਕੁਲਵੰਤ ਸਿੰਘ ਦਾ ਸਨਅਤੀ ਤੇ ਰਿਹਾਇਸ਼ੀ ਖੇਤਰ ਵੀ ਆਇਆ ਮੁਹਾਲੀ ਨਿਗਮ ਅਧੀਨ

ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰ ਤੇ ਪਿੰਡ ਵਾਸੀਆਂ ਤੋਂ 30 ਦਿਨਾਂ ਵਿੱਚ ਇਤਰਾਜ਼ ਤੇ ਸੁਝਾਅ ਮੰਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਪੰਜਾਬ ਸਰਕਾਰ ਨੇ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਵਸਾਏ ਗਏ ਸੈਕਟਰ-82 ਦਾ ਸਨਅਤੀ ਅਤੇ ਰਿਹਾਇਸ਼ੀ ਸਮੇਤ ਸੈਕਟਰ-90 ਤੇ 91, ਪਿੰਡ ਬਲੌਂਗੀ, ਗਰੀਨ ਐਨਕਲੇਵ, ਬਰਿਆਲੀ ਤੇ ਬੜਮਾਜਰਾ ਤੋਂ ਇਲਾਵਾ ਸੈਕਟਰ-66ਏ ਦਾ ਏਰੀਆ ਹੁਣ ਨਗਰ ਨਿਗਮ ਅਧੀਨ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਵੀ ਹਾਜ਼ਰ ਸਨ।
ਇਸ ਸਬੰਧੀ ਨਗਰ ਨਿਗਮ ਵੱਲੋਂ ਬੀਤੀ 28 ਜੂਨ ਨੂੰ ਮੁਹਾਲੀ ਦੀ ਹੱਦਬੰਦੀ ਵਧਾਉਣ ਦਾ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਿਆ ਗਿਆ। ਸਰਕਾਰ ਨੇ ਇਸ ਪ੍ਰਸਤਾਵ ਨੂੰ ਮਨਜ਼ੂਰ ਕਰਦਿਆਂ ਅੱਜ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰ ਤੇ ਪਿੰਡ ਵਾਸੀਆਂ ਕੋਲੋਂ 30 ਦਿਨਾਂ ਦੇ ਅੰਦਰ-ਅੰਦਰ ਇਤਰਾਜ਼ ਅਤੇ ਸੁਝਾਅ ਮੰਗੇ ਗਏ ਹਨ।
ਵਿਧਾਇਕ ਬਲਬੀਰ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਨਿਗਮ ਚੋਣਾਂ ਜਿੱਤਣ ਤੋਂ ਬਾਅਦ ਨਗਰ ਨਿਗਮ ਦੀ ਹੱਦਬੰਦੀ ਵਧਾਈ ਜਾਵੇਗੀ ਅਤੇ ਨਵੇਂ ਸੈਕਟਰਾਂ ਸਮੇਤ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੱਦਬੰਦੀ ਵਧਾਉਣ ਤੋਂ ਬਾਅਦ ਸਮੁੱਚੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਤਜਵੀਜ਼ਾਂ ਤਿਆਰ ਕੀਤੀਆਂ ਜਾਣਗੀਆਂ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਦੇਣ ’ਤੇ ਵੱਡਾ ਸਰਮਾਇਆ ਖਰਚਾ ਹੋਵੇਗਾ ਲੇਕਿਨ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਨੋਟੀਫ਼ਿਕੇਸ਼ਨ ਜਾਰੀ ਹੋਣ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ ਗਏ ਅਤੇ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜਸਬੀਰ ਸਿੰਘ ਮਣਕੂ, ਪਰਮਜੀਤ ਸਿੰਘ ਹੈਪੀ, ਕਮਲਜੀਤ ਸਿੰਘ ਬਨੀ, ਦਵਿੰਦਰ ਕੌਰ ਵਾਲੀਆ, ਅਨੁਰਾਧਾ ਆਨੰਦ, ਬਲਜੀਤ ਕੌਰ, ਰਵਿੰਦਰ ਸਿੰਘ, ਜਗਦੀਸ਼ ਸਿੰਘ ਜੱਗਾ, ਕੁਲਵੰਤ ਸਿੰਘ ਕਲੇਰ, ਹਰਜੀਤ ਸਿੰਘ ਭੋਲੂ ਬੈਦਵਾਨ ਮੇਤ ਹੋਰ ਕਈ ਕੌਂਸਲਰ, ਕਾਂਗਰਸ ਆਗੂ ਜੀਐਸ ਰਿਆੜ, ਜਤਿੰਦਰ ਆਨੰਦ ਅਤੇ ਪਿੰਡਾਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…