
ਨਰਮਾ ਤੇ ਕਣਕ ਦੇ ਘੱਟ ਝਾੜ ਲਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ
ਕਿਸਾਨ ਆਗੂਆਂ ਨੇ ਡੀਸੀ ਰਾਹੀਂ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ ਅਤੇ ਪ੍ਰਮੁੱਖ ਕਿਸਾਨ ਆਗੂ ਤੇ ਯੂਥ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਅੱਜ ਕਿਸਾਨੀ ਮੰਗਾਂ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਮੌਸਮ ਦੀ ਬੇਰੁਖੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੇ ਬਕਾਏ ਦੀ ਤੁਰੰਤ ਅਦਾਇਗੀ ਕੀਤੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਨਰਮੇ ਅਤੇ ਕਣਕ ਦੀਆਂ ਫ਼ਸਲਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਲ ਸੁੰਡੀ ਕਾਰਨ ਨਰਮੇ ਵਿੱਚ 6 ਹਜ਼ਾਰ ਕਰੋੜ ਅਤੇ ਗਰਮੀ ਨਾਲ ਝਾੜ ਘਟਣ ਕਾਰਨ ਕਣਕ ਵਿੱਚ 9 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ ਪ੍ਰੰਤੂ ਪੰਜਾਬ ਦੀ ਆਪ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਲਈ ਨਾ-ਮਾਤਰ ਅਤੇ ਕਣਕ ਲਈ ਕੋਈ ਆਰਥਿਕ ਮਦਦ ਨਹੀਂ ਦਿੱਤੀ, ਜਿਸ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਜਦੋਂਕਿ ਬਿਜਲੀ ਸੰਕਟ ਅਤੇ ਤੇਲ ਕੀਮਤਾਂ ਵਿੱਚ ਵਾਧੇ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਇਸ ਮੌਕੇ ਹੋਰਨਾਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ 900 ਕਰੋੜ ਬਕਾਇਆ ਖੜਾ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਝੋਨੇ ਦੀ ਬਿਜਾਈ ਲਈ ਅਫ਼ਸਰਸ਼ਾਹੀ ਬਿਜਲੀ ਸਪਲਾਈ ਅਤੇ ਬਿਜਾਈ ਦੇ ਤਰੀਕਿਆਂ ਬਾਰੇ ਗੁਮਰਾਹ ਕਰ ਰਹੀ ਹੈ, ਜੋ ਸਰਕਾਰੀ ਹਦਾਇਤਾਂ ਅਨੁਸਾਰ ਕੰਮ ਚੱਲਿਆ ਤਾਂ ਸਾਰਾ ਕੈਲੰਡਰ ਹੀ ਵਿਗੜ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਬਿਜਲੀ ਲਈ ਕਲੰਡਰ ਵਿੱਚ ਕੋਈ ਵੀ ਛੇੜਛਾੜ ਨਾ ਕਰੇ ਅਤੇ ਪਹਿਲਾਂ ਵਾਂਗ 10 ਜੂਨ ਤੋਂ ਹੀ ਕਿਸਾਨਾਂ ਨੂੰ ਝੋਨਾ ਲਾਉਣ ਦਿੱਤਾ ਜਾਵੇ। ਝੋਨੇ ਬਿਜਾਈ ਲਈ ਘੱਟੋ-ਘੱਟ 10 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਣਕ ਤੇ ਨਰਮੇ ਦੇ ਨੁਕਸਾਨ ਲਈ ਇਸ ਨੂੰ ਕੁਦਰਤੀ ਆਫ਼ਤ ਮੰਨ ਕੇ ਤੁਰੰਤ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਖੰਡ ਮਿੱਲਾਂ ਤੋਂ ਗੰਨੇ ਦਾ ਬਕਾਇਆ ਦਿਵਾਇਆ ਜਾਵੇ, ਡੇਅਰੀ ਧੰਦੇ ਨੂੰ ਬਚਾਉਣ ਲਈ ਦੁੱਧ ਦੇ ਰੇਟ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਜਨ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ, ਹਰਿੰਦਰ ਸਿੰਘ, ਜਗਦੀਪ ਸਿੰਘ, ਸਾਧੂ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।