
ਸਰਕਾਰੀ ਦਾਅਵਾ: ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ, ਲੋਕ ਖ਼ੁਦ ਕਰ ਰਹੇ ਨੇ ਸ਼ਲਾਘਾ
ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 3 ਲੱਖ ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਮੁਹਾਲੀ ਜ਼ਿਲ੍ਹੇ ਵਿਚਲੇ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਆਮ ਲੋਕਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਪੰਜਾਬ ਦੀ ਆਪ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਇੱਥੋਂ ਦੇ ਫੇਜ਼-11 ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਦਵਾਈ ਲੈਣ ਪਹੁੰਚੇ ਹਰਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੇ ਬੱਚੇ ਦੇ ਟੀਕਾਕਰਨ ਲਈ ਆਏ ਹਨ। ਇੱਥੇ ਬਹੁਤ ਵਧੀਆ ਮਾਹੌਲ ਤੇ ਸਟਾਫ਼ ਦ ਵਤੀਰਾ ਵੀ ਕਾਫ਼ੀ ਬਹੁਤ ਵਧੀਆ ਹੈ। ਉਨ੍ਹਾਂ ਨੇ ਸਰਕਾਰ ਦਾ ਇਹ ਸੁਵਿਧਾ ਦੇਣ ਲਈ ਧਨਵਾਦ ਕੀਤਾ।
ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਬੱਚੇ ਦੇ ਵੈਕਸੀਨ ਲਗਾਉਣ ਲਈ ਆਏ ਹਨ। ਇੱਥੇ ਸਟਾਫ਼ ਨੇ ਉਨ੍ਹਾਂ ਨੂੰ ਬਹੁਤ ਵਧੀਆ ਢੰਗ ਨਾਲ ਦੇਖਿਆ। ਉਨ੍ਹਾਂ ਕਿਹਾ ਕਿ ਉਹ ਮਹਿਜ਼ 15-20 ਮਿੰਟ ਵਿੱਚ ਹੀ ਵਿਹਲੇ ਹੋ ਗਏ। ਸਰਕਾਰ ਵੱਲੋਂ ਬਹੁਤ ਵਧੀਆ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸੈਕਟਰ-80 ਦੇ ਵਸਨੀਕ ਨਿਤੀਸ਼ ਭਾਰਦਵਜ ਨੇ ਦੱਸਿਆ ਕਿ ਉਹ ਇਸ ਕਲੀਨਿਕ ਵਿੱਚ ਆਉਂਦੇ ਜਾਂਦੇ ਰਹਿੰਦੇ ਹਨ। ਇੱਥੇ ਬਹੁਤ ਵਧੀਆ ਮਾਹੌਲ ਹੈ ਅਤੇ ਇੱਥੋਂ ਦਾ ਸਟਾਫ ਬਹੁਤ ਵਧੀਆ ਢੰਗ ਨਾਲ ਕੰਮ ਕਰਦਾ ਹੈ। ਕਲੀਨਿਕ ਵਿੱਚ ਮਿਆਰੀ ਸਿਹਤ ਸਹੂਲਤਾਂ ਉਪਲਬਧ ਹਨ।
ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਹਜ਼ਾਰਾਂ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀ ਦਵਾਈਆਂ ਤੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਾਰਜਸ਼ੀਲ 28 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 3 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਰੀਬ 36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈੱਕਅਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿੱਥੇ ਹਜ਼ਾਰਾਂ ਮਰੀਜ਼ ਬਿਨਾਂ ਕਿਸੇ ਦਿੱਕਤ ਦੇ ਆਪਣੇ ਘਰਾਂ ਦੇ ਨੇੜੇ ਚੈਕਅੱਪ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।
ਡੀਸੀ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵੀ ਹੁਣ ਓਪੀਡੀ ਦੇ ਬੋਝ ਤੋਂ ਕਾਫ਼ੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।