Nabaz-e-punjab.com

ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਚੌਥੇ ਦਿਨ ’ਚ ਦਾਖ਼ਲ

ਸਹਾਇਕ ਪ੍ਰੋਫੈਸਰਾਂ ਨੇ ਵਰ੍ਹਦੇ ਮੀਂਹ ’ਚ ਕੀਤਾ ਰੋਸ ਪ੍ਰਦਰਸ਼ਨ, ਅਕਾਲੀ ਆਗੂ ਚੰਦੂਮਾਜਰਾ ਵੱਲੋਂ ਹੜਤਾਲ ਦਾ ਸਮਰਥਨ

ਆਉਣ ਵਾਲੇ ਦਿਨਾਂ ਵਿੱਚ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਸਮੇਤ ਐਕਸ਼ਨ ਪ੍ਰਦਰਸ਼ਨ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ’ਤੇ ਤਾਇਨਾਤ ਅਤੇ ਹੋਰਨਾਂ ਸਰਕਾਰੀ ਕਾਲਜਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਉਨ੍ਹਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਸ਼ਨਿਚਰਵਾਰ ਨੂੰ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਵਰ੍ਹਦੇ ਮੀਂਹ ਵਿੱਚ ਗੈਸਟ ਫੈਕਟਰੀ ਸਹਾਇਕ ਪ੍ਰੋਫੈਸਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਜਿਸ ਦੀ ਅਗਵਾਈ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਅਤੇ ਮੀਤ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਮਾਨਸਾ ਨੇ ਕੀਤੀ।
ਉਧਰ, ਅੱਜ ਸੀਨੀਅਰ ਯੂਥ ਅਕਾਲੀ ਆਗੂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਸਹਾਇਕ ਪ੍ਰੋਫੈਸਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਸ਼ਿਆਂ ਦਾ ਖ਼ਾਤਮਾ ਜਾਂ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਗੱਲ ਹੋਵੇ। ਕੋਈ ਵੀ ਵਰਗ ਸਰਕਾਰ ਤੋਂ ਖ਼ੁਸ਼ ਨਹੀਂ ਹੈ। ਕਿਸਾਨਾਂ ਵੀ ਖ਼ੁਦਕੁਸ਼ੀਆਂ ਲਈ ਮਜਬੂਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਹਾਇਕ ਪ੍ਰੋਫੈਸਰਾਂ ਦੀ ਜਾਇਜ਼ ਮੰਗਾਂ ਦੀ ਪੂਰਤੀ ਲਈ ਅਕਾਲੀ ਦਲ ਸਰਕਾਰ ਨੂੰ ਘੇਰਨ ਤੋਂ ਪਿੱਛੇ ਨਹੀਂ ਹਟੇਗਾ।
ਆਗੂਆਂ ਨੇ ਦੱਸਿਆ ਕਿ ਸੂਬੇ ਦੇ 48 ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪਿਛਲੇ ਕਰੀਬ 16 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਰੈਗੂਲਰ ਪ੍ਰੋਫੈਸਰਾਂ ਦੀ ਤਰ੍ਹਾਂ ਸਾਰੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਰਹੇ ਹਨ। ਜਿਨ੍ਹਾਂ ਦੀ ਮੌਜੂਦਾ ਗਿਣਤੀ ਲਗਭਗ 1011 ਹੈ। ਉਨ੍ਹਾਂ ਮੰਗ ਕੀਤੀ ਕਿ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੋਗ ਪ੍ਰਣਾਲੀ ਰਾਹੀਂ ਨਿਯੁਕਤ ਕੀਤਾ ਗਿਆ ਸੀ। ਇਸ ਲਈ ਸਮੂਹ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਪੱਤਰ ਤਹਿਤ ਮਾਪਦੰਡ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਭਵਿੱਖ ਨੂੰ ਤਬਾਹ ਕਰਨ ਵਾਲੇ ਹਨ।
ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਪੱਤਰ ਅਧੀਨ ਤਹਿ ਮਾਪਦੰਡਾਂ ਬਾਰੇ ਮੁੜ ਵਿਚਾਰ ਕਰਕੇ ਸਾਰੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ। ਉਦੋਂ ਤੱਕ ਹੜਤਾਲ ਜਾਰੀ ਰਹੇਗੀ ਅਤੇ ਅਗਲੇ ਦਿਨਾਂ ਵਿੱਚ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਸਮੇਤ ਵੱਡੇ ਪੱਧਰ ’ਤੇ ਐਕਸ਼ਨ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਹੀਂ ਹਟਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…