
ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਰਕਾਰ ਵਚਨਬੱਧ: ਬਲਬੀਰ ਸਿੱਧੂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੀ ਸਹੂਲਤ ਲਈ ਲਗਾਇਆ ਸੁਵਿਧਾ ਕੈਂਪ
ਪੰਜ-ਪੰਜ ਮਰਲੇ ਦੇ ਪਲਾਂਟਾਂ ਬਾਰੇ ਸਕੀਮ ਦੀਆਂ ਸ਼ਰਤਾਂ ਨਰਮ ਕਰਵਾਉਣ ਲਈ ਚਾਰਾਜੋਈ ਬਾਰੇ ਦੱਸਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਲਗਾਏ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਧੂ ਨੇ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਸਕੀਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲ ਕੇ ਇਸ ਸਕੀਮ ਦੀਆਂ ਸ਼ਰਤਾਂ ਨਰਮ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਸਰਬੱਤ ਸਿਹਤ ਬੀਮਾ ਯੋਜਨਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਹਤ ਦੇਣ ਦਾ ਵੱਡਾ ਜ਼ਰੀਆ ਬਣੀ ਹੈ ਕਿਉਂਕਿ ਇਸ ਰਾਹੀਂ ਲਾਭਪਾਤਰੀਆਂ ਨੂੰ ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ। ਭਾਵੇਂ ਇਹ ਇਲਾਜ ਸਰਕਾਰੀ ਹਸਪਤਾਲ ਵਿੱਚ ਹੋਵੇ ਜਾਂ ਪ੍ਰਾਈਵੇਟ ਹਸਪਤਾਲ ਵਿੱਚ।
ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਹੋਣ ’ਤੇ ਜ਼ੋਰ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਸੁਵਿਧਾ ਕੈਂਪ ਲਾਉਣ ਦੀ ਵੱਡੀ ਪਹਿਲਕਦਮੀ ਕੀਤੀ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਇਕੋ ਜਗ੍ਹਾ ਤੋਂ ਮਿਲ ਸਕੇ ਅਤੇ ਲੋਕਾਂ ਦੀ ਖੱਜਲ-ਖੁਆਰੀ ਘਟੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸਬ ਡਿਵੀਜ਼ਨ ਪੱਧਰ ਉਤੇ ਲੱਗੇ ਸੁਵਿਧਾ ਕੈਂਪਾਂ ਵਿੱਚ 28 ਅਕਤੂਬਰ ਤੱਕ ਤਕਰੀਬਨ 4 ਹਜ਼ਾਰ ਲਾਭਪਾਤਰੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਲਿਆ। ਸ੍ਰੀ ਸਿੱਧੂ ਨੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਮਨਰੇਗਾ ਸਕੀਮ ਦੇ ਜੌਬ ਕਾਰਡ, ਪੈਨਸ਼ਨ ਮਨਜ਼ੂਰੀ ਪੱਤਰ, ਆਵਾਸ ਯੋਜਨਾ ਦੇ ਮਨਜ਼ੂਰੀ ਪੱਤਰ ਅਤੇ ਵੱਖ ਵੱਖ ਕੰਪਨੀਆਂ ਵਿੱਚ ਰੁਜ਼ਗਾਰ ਹਾਸਲ ਕਰਨ ਵਾਲਿਆਂ ਨੂੰ ਪੱਤਰ ਵੰਡੇ। ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨੇ ਸਟਾਲ ਲਗਾ ਕੇ ਲੋਕਾਂ ਨੂੰ ਕਈ ਲੋਕ ਭਲਾਈ ਸੇਵਾਵਾਂ ਦਾ ਮੌਕੇ ’ਤੇ ਹੀ ਲਾਭ ਦਿੱਤਾ। ਇਸ ਮੌਕੇ ਏਡੀਸੀ (ਜ) ਸ੍ਰੀਮਤੀ ਕੋਮਲ ਮਿੱਤਲ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਅਤੇ ਐਸਡੀਐਮ ਹਰਬੰਸ ਸਿੰਘ ਹਾਜ਼ਰ ਸਨ।