ਪੰਜਾਬ ਵਿੱਚ ਸਨਅਤੀ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ: ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਪੁੱਡਾ ਭਵਨ ਮੁਹਾਲੀ ਵਿੱਚ ਸ਼ਹਿਰੀ ਵਿਕਾਸ, ਇੰਡਸਟਰੀ ਵਿਭਾਗ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਮੁਹਾਲੀ ਸਥਿਤ ਪੁੱਡਾ ਭਵਨ ਵਿਖੇ ਡੇਰਾਬੱਸੀ ਦੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ’ਤੇ ਗੌਰ ਕਰੇਗੀ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਵਾਂ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…