
ਸਰਕਾਰ ਕੋਲ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਵਿਹਲ ਨਹੀਂ: ਹਰਗੋਬਿੰਦ ਕੌਰ
ਮਿਡ-ਡੇਅ-ਮੀਲ ਕੁੱਕ ਬੀਬੀਆਂ ਵੱਲੋਂ 9 ਅਕਤੂਬਰ ਨੂੰ ਮੁਹਾਲੀ ’ਚ ਸਰਕਾਰ ਦਾ ਪਿੱਟ ਸਿਆਪਾ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਡੈਮੋਕ੍ਰੇਟਿਕ ਮਿਡ-ਡੇਅ-ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਨੇ ਮੁਹਾਲੀ ਵਿੱਚ ਜ਼ਿਲ੍ਹਾ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁੱਕ ਫਰੰਟ ਪੰਜਾਬ ਵੱਲੋਂ ਪਹਿਲਾਂ ਤਤਕਾਲੀ ਕੈਪਟਨ ਸਰਕਾਰ ਖ਼ਿਲਾਫ਼ 9 ਅਕਤੂਬਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਸੰਘਰਸ਼ ਰੋਕਣ ਦੀ ਅਪੀਲ ਕਰਦਿਆਂ ਸਭ ਦੀਆਂ ਮੰਗਾਂ ਸੁਣਨ ਦਾ ਵਾਅਦਾ ਕੀਤਾ ਸੀ ਪਰ ਕੁੱਕ ਫਰੰਟ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਅਪੀਲ ਕਰਨ ਦੇ ਬਾਵਜੂਦ ਅਜੇ ਤਾਈਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ।
ਜਿਸ ਕਾਰਨ ਮਿਡ-ਡੇਅ-ਮੀਲ ਕੁੱਕ ਬੀਬੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਹਾਲੀ ਵਿੱਚ 9 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਜਦੋਂਕਿ ਸਚਾਈ ਇਹ ਹੈ ਕਿ ਸਰਕਾਰ ਵਿੱਚ ਅਜੇ ਵੀ ਕੁੱਝ ਖਾਸ ਲੋਕਾਂ ਦੀ ਸੁਣੀ ਜਾਂਦੀ ਹੈ। ਹਰਜਿੰਦਰ ਕੌਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਮਿਡ-ਡੇਅ-ਮੀਲ ਕੁੱਕ ਬੀਬੀਆਂ ਨਾਲ ਤਨਖ਼ਾਹ ਦੁਗਣੀ ਕਰਨ ਦੇ ਵਾਅਦੇ ਨੂੰ ਲਾਗੂ ਨਹੀਂ ਕਰ ਰਹੀ।
ਸੂਬਾ ਪ੍ਰਧਾਨ ਨੇ ਦੱਸਿਆ ਕਿ ਮਿਡ-ਡੇਅ-ਮੀਲ ਕੁੱਕ ਬੀਬੀਆਂ ਨਾਲ ਹਰ ਪੈਨਲ ਮੀਟਿੰਗ ਵਿੱਚ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ ਤਨਖ਼ਾਹ ਦੁਗਣੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਆਖੀ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕੁੱਕ ਬੀਬੀਆਂ ਦਾ ਦਰਦ ਬਿਆਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਪਗ 50 ਹਜ਼ਾਰ ਮਿਡ-ਡੇਅ-ਮੀਲ ਕੁੱਕ ਹਨ, ਜੋ ਗਰੀਬ ਪਰਿਵਾਰਾਂ ਨਾਲ ਸਬੰਧਤ। ਜਿਨ੍ਹਾਂ ਵਿੱਚ ਜ਼ਿਆਦਾ ਗਿਣਤੀ ਵਿਧਵਾ ਅੌਰਤਾਂ ਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਿਡ-ਡੇਅ-ਮੀਲ ਕੁੱਕ ਨੂੰ ਘੱਟੋ-ਘੱਟ ਉਜਰਤਾਂ ਅਧੀਨ ਲਿਆ ਕੇ ਸੂਬਾ ਸਰਕਾਰ ਆਪਣੇ ਵਾਅਦੇ ਅਨੁਸਾਰ ਕੁੱਕ ਦੀ ਤਨਖ਼ਾਹ ਤੁਰੰਤ ਦੁੱਗਣੀ ਕਰੇ ਅਤੇ ਦੋ ਮਹੀਨੇ ਦੀ ਤਨਖ਼ਾਹ ਕੱਟਣੀ ਬੰਦ ਕਰੇ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਮਿਡ-ਡੇਅ-ਮੀਲ ਕੁੱਕ ਨੂੰ 4500 ਰੁਪਏ ਮਹੀਨਾ ਦੇ ਰਹੀ ਹੈ, ਜਦੋਂਕਿ ਪੰਜਾਬ ਵਿੱਚ ਮਈ ਮਹੀਨੇ ਤੋਂ ਪਹਿਲਾਂ 1700 ਰੁਪਏ ਅਤੇ ਮਈ ਤੋਂ 2200 ਰੁਪਏ ਮਿਡ-ਡੇਅ-ਮੀਲ ਕੁੱਕ ਨੂੰ ਮਿਲ ਰਿਹਾ ਹੈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਦੀ ਗਿਣਤੀ ਨੂੰ ਮਿਡ-ਡੇਅ-ਮੀਲ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ-ਘੱਟ ਉਜਰਤਾਂ ਅਧੀਨ ਲੈ ਕੇ ਛੁੱਟੀਆਂ ਤੈਅ ਕੀਤੀਆਂ ਜਾਣ। ਕੁੱਕ ਬੀਬੀਆਂ ਦਾ ਬੀਮਾ ਸਰਕਾਰ ਆਪਣੇ ਖ਼ਰਚ ’ਤੇ ਕਰਵਾਏ। ਜੋ ਬੀਬੀਆਂ ਬੀਏ ਤੱਕ ਦੀ ਪੜ੍ਹਾਈ ਕਰ ਚੁੱਕੀਆਂ ਹਨ, ਉਨ੍ਹਾਂ ਨੂੰ ਮਿਡ-ਡੇਅ-ਮੀਲ ਲਈ ਸਹਾਇਕ ਮੈਨੇਜਰ ਵਜੋਂ ਤਰੱਕੀ ਦਿੱਤੀ ਜਾਵੇੇ। ਸਕੂਲਾਂ ਵਿੱਚ ਬੱਚੇ ਘਟਣ ’ਤੇ ਮਿਡ-ਡੇਅ-ਮੀਲ ਕੁੱਕ ਨੂੰ ਕੱਢਣ ਦਾ ਪੱਤਰ ਵਾਪਸ ਲਿਆ ਜਾਵੇ। ਇਸ ਮੌਕੇ ਸੰਕੁਤਲਾ ਦੇਵੀ ਡੇਰਾਬੱਸੀ, ਸੁਨੀਤਾ ਰਾਣੀ, ਕੁਲਵਿੰਦਰ ਕੌਰ, ਮਨਪ੍ਰੀਤ ਕੌਰ ਡੇਰਾਬੱਸੀ, ਅਵਤਾਰ ਸਿੰਘ ਅਤੇ ਹੋਰ ਮੌਜੂਦ ਸਨ।