ਸਰਕਾਰੀ ਹਸਪਤਾਲ ਮੁਹਾਲੀ ਵਿੱਚ ਆਪਣੀ ਨਵਜੰਮੀ ਬੱਚੀ ਨੂੰ ਵੇਚਣ ਆਇਆ ਪਿਤਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6, ਮੁਹਾਲੀ ਵਿੱਚ ਸੋਮਵਾਰ ਦੇਰ ਰਾਤ ਇੱਕ ਪਿਤਾ ਵੱਲੋਂ ਆਪਣੀ ਮਾਸੂਮ ਬੱਚੀ ਨੂੰ ਜਨਮ ਤੋਂ ਕੁਝ ਸਮੇਂ ਬਾਅਦ ਹੀ ਵੇਚਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਜੈ ਦੀਪ ਸਿੰਘ ਵੱਲੋਂ ਤੁਰੰਤ ਪੁਲੀਸ ਨੂੰ ਇਤਲਾਹ ਦਿੱਤੀ ਅਤੇ ਸੂਚਨਾ ਮਿਲਦੇ ਚੌਂਕੀ ਪੁਲਿਸ ਦੇ ਇੰਚਾਰਜ ਦਿਲਬਾਗ ਸਿੰਘ ਅਤੇ ਬਾਅਦ ਵਿੱਚ ਬਲੌਂਗੀ ਥਾਣਾ ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਵੀ ਮੌਕੇ ’ਤੇ ਪਹੁੰਚ ਗਏ। ਇਸ ਮਗਰੋਂ ਮੁਹਾਲੀ ਦੀ ਜ਼ਿਲ੍ਹਾ ਬਾਲ ਤੇ ਵਿਕਾਸ ਅਫ਼ਸਰ ਮੈਡਮ ਨਵਪ੍ਰੀਤ ਕੌਰ ਨੇ ਵੀ ਘਟਨਾ ਦਾ ਜਾਇਜ਼ਾ ਲਿਆ ਅਤੇ ਕਲਯੁੱਗੀ ਪਿਤਾ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਉਂਜ ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ਬਿਲਕੁਲ ਠੀਕ ਠਾਕ ਹੈ। ਸਰਕਾਰੀ ਹਸਪਤਾਲ ਵਿੱਚ ਉਸ ਦਾ ਇਲਾਜ ਅਤੇ ਦੇਖਭਾਲ ਕੀਤੀ ਜਾ ਰਹੀ ਹੈ।
ਬਲੌਂਗੀ ਥਾਣੇ ਦੇ ਮੁਖੀ ਨਵੀਨਪਾਲ ਸਿੰਘ ਲਹਿਲ ਨੇ ਦੱਸਿਆ ਕਿ ਇਸ ਸਬੰਧੀ ਡਾਕਟਰ ਦੀ ਸ਼ਿਕਾਇਤ ’ਤੇ ਬੱਚੀ ਦੇ ਪਿਤਾ ਜਸਪਾਲ ਸਿੰਘ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਜਸਪਾਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਭਿਖੀਵਿੰਡ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਮੁਹਾਲੀ ਨੇੜਲੇ ਪਿੰਡ ਬੱਲੋਮਾਜਰਾ ਵਿੱਚ ਕਿਰਾਏ ’ਤੇ ਰਹਿੰਦਾ ਹੈ। ਉਹ ਸ਼ਾਪਿੰਗ ਮਾਲ ਵਿੱਚ ਨੌਕਰੀ ਕਰਦਾ ਹੈ। ਉਸ ਦੇ ਦੋ ਲੜਕੇ ਹਨ ਅਤੇ ਬੀਤੇ ਦਿਨੀਂ ਸੋਮਵਾਰ ਨੂੰ ਦੁਪਹਿਰ ਵੇਲੇ ਉਸ ਦੀ ਪਤਨੀ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਅਤੇ ਉਸ ਨੂੰ ਕਿਹਾ ਕਿ ਉਹ ਇਸ ਬੱਚੀ ਦਾ ਪਾਲਣ ਪੋਸ਼ਣ ਨਹੀਂ ਕਰ ਸਕਦੇ ਅਤੇ ਇਸ ਲਈ ਉਹ ਬੱਚੀ ਨੂੰ ਕਿਸੇ ਕੋਲ ਵੇਚ ਆਵੇ। ਜਸਪਾਲ ਸਿੰਘ ਮੁਤਾਬਕ ਉਹ ਬੱਚੀ ਨੂੰ ਇੱਕ ਪੌਲੀਥੀਨ ਦੇ ਲਿਫਾਫੇ ਵਿੱਚ ਪਾ ਕੇ ਵੇਚਣ ਲਈ ਨਿਕਲ ਪਿਆ ਅਤੇ ਰਾਤ 10 ਵਜੇ ਦੇ ਕਰੀਬ ਸਰਕਾਰੀ ਹਸਪਤਾਲ ਮੁਹਾਲੀ ਪਹੁੰਚ ਗਿਆ। ਜਿੱਥੇ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਨੂੰ ਬੱਚੀ ਨੂੰ ਵੇਚਣ ਬਾਰੇ ਗੱਲ ਕਰਨ ਲੱਗ ਪਿਆ। ਇਹ ਗੱਲ ਸੁਣ ਕੇ ਡਾਕਟਰ ਅਤੇ ਹਸਪਤਾਲ ਦਾ ਸਟਾਫ਼ ਹੱਕਾ ਬੱਕਾ ਰਹਿ ਗਿਆ। ਮੁਹਾਲੀ ਵਿੱਚ ਇਸ ਤਰ੍ਹਾਂ ਇਹ ਪਹਿਲੀ ਘਟਨਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …