Nabaz-e-punjab.com

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਦਵਾਈਆਂ ਦਾ ਯੋਗ ਪ੍ਰਬੰਧ ਕੀਤਾ ਜਾਵੇਗਾ: ਸਿੱਧੂ

ਸਿਹਤ ਮੰਤਰੀ ਨੇ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਹਾਸਲ ਕੀਤੀ ਦਵਾਈਆਂ ਦੇ ਸਟਾਕ ਬਾਰੇ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਵਾਜਬ ਰੇਟਾਂ ’ਤੇ ਲੋੜੀਂਦੀਆਂ ਦਵਾਈਆਂ ਉਪਲਬਧ ਹੋ ਸਕਣ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਦਾਇਗੀ ਕਾਰਨ ਹਸਪਤਾਲਾਂ ਵਿੱਚ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਸਖਤ ਨੋਟਿਸ ਲੈਂਦਿਆਂ ਕੀਤਾ। ਉਹ ਅੱਜ ਇਥੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਫੇਜ਼-6 ਵਿੱਚ ਸਥਿਤ ਦਫਤਰ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਮੀਟਿੰਗ ਕਰ ਰਹੇ ਸਨ।
ਕੈਬਨਿਟ ਮੰਤਰੀ ਸ. ਸਿੱਧੂ ਨੇ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਭਾਗ ਦੇ ਤਿੰਨੇ ਡਰੱਗ ਵੇਅਰ ਹਾਊਸਿਜ਼ ਵਿੱਚ ਮੌਜੂਦ ਦਵਾਈਆਂ ਦੇ ਸਟਾਕ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਜਿਥੇ ਸਟਾਕ ਵਿੱਚ ਉਪਲਬਧ ਦਵਾਈਆਂ ਦਾ ਵੇਰਵਾ ਲਿਆ ਉਥੇ ਹੀ ਉਹ ਦਵਾਈਆਂ, ਜਿਨ੍ਹਾਂ ਦੀ ਸਟਾਕ ਵਿੱਚ ਘਾਟ ਹੈ, ਬਾਰੇ ਵੀ ਰਿਪੋਰਟ ਹਾਸਲ ਕੀਤੀ। ਨਾਲ ਹੀ ਉਨ੍ਹਾਂ ਮੀਟਿੰਗ ਵਿੱਚ ਮੌਜੂਦ ਡਾਕਟਰਾਂ ਤੋਂ ਉਨ੍ਹਾਂ ਦੇ ਹਸਪਤਾਲਾਂ ਵਿੱਚ ਉਪਲਬਧ ਦਵਾਈਆਂ ਅਤੇ ਦੇਰ ਨਾਲ ਸਪਲਾਈ ਹੋਣ ਵਾਲੀਆਂ ਦਵਾਈਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਲਈ। ਉਨ੍ਹਾਂ ਦਵਾਈਆਂ ਦੀ ਸਪਲਾਈ ਵਿੱਚ ਦੇਰੀ ਦੇ ਕਾਰਨਾਂ ’ਤੇ ਨਜ਼ਰਸਾਨੀ ਕਰਦਿਆਂ ਕਿਹਾ ਕਿ ਦਵਾਈਆਂ ਦੀ ਅਦਾਇਗੀ ਦੇ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਅਦਾਇਗੀ ਲਈ ਬਜਟ ਦਾ ਪ੍ਰਬੰਧ ਕਰਨ ਵਾਸਤੇ ਸਰਕਾਰੀ ਪੱਧਰ ’ਤੇ ਕੋਸ਼ਿਸ਼ਾਂ ਕਰਨਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਦਵਾਈਆਂ ਦੇ ਸਪਲਾਇਰਾਂ ਦੀ ਮੀਟਿੰਗ ਵੀ ਬੁਲਾ ਲਈ ਗਈ ਤਾਂ ਜੋ ਉਨ੍ਹਾਂ ਤੋਂ ਦਵਾਈਆਂ ਦੀ ਸਪਲਾਈ ਵਿੱਚ ਹੁੰਦੀ ਦੇਰੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ ਅਤੇ ਦਵਾਈਆਂ ਦੀ ਸਪਲਾਈ ਵਿੱਚ ਆਉਂਦੀਆਂ ਅੌਕੜਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਨੂੰ ਪੁੱਜਦਾ ਕਰਨ ਲਈ ਜਿਥੇ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਸੁਧਾਰੀ ਜਾਵੇਗੀ ਉਥੇ ਹਸਪਤਾਲਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਰਾਜ ਵਿੱਚ 2950 ਹੈਲਥ ਅਤੇ ਵੈੱਲਨੈੱਸ ਕਲੀਨਿਕ ਖੋਲ੍ਹੇ ਜਾਣਗੇ, ਜਿਨ੍ਹਾਂ ’ਚੋਂ 840 ਕਲੀਨਿਕਾਂ ਨੇ ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਉਪਰਾਲਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲਬਧ ਕਰਵਾਉਣ ਲਈ ਕੀਤਾ ਗਿਆ ਹੈ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਧੀਕ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸਤੀਸ਼ ਚੰਦਰਾ, ਐਮਡੀ ਅਮਿਤ ਕੁਮਾਰ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਅਧਿਕਾਰੀ ਤੇ ਡਾਕਟਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…