Nabaz-e-punjab.com

ਵਾਹ ਨੀ ਸਰਕਾਰੇ: ਛੇ ਸਾਲ ਬਾਅਦ ਹੋਈ ਜਾਂਚ ਸ਼ੁਰੂ, 3 ਘੰਟੇ ਜਾਂਚ ਅਧਿਕਾਰੀ ਦੇ ਦਫ਼ਤਰ ਮੂਹਰੇ ਬੈਠੇ ਰਹੇ ਪੀੜਤ

ਪੰਚਾਇਤ ਯੂਨੀਅਨ ਦੇ ਆਗੂਆਂ ਨੂੰ ਧੱਕੇ ਮਾਰ ਕੇ ਬੀਡੀਪੀਓ ਦਫ਼ਤਰ ’ਚੋਂ ਬਾਹਰ ਕੱਢਣ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਪੰਚਾਇਤ ਯੂਨੀਅਨ ਪੰਜਾਬ ਦੇ ਬੈਨਰ ਹੇਠ ਅਕਾਲੀ ਸਰਕਾਰ ਵੇਲੇ ਦਸੰਬਰ 2013 ਵਿੱਚ ਡੇਰਾਬੱਸੀ ਬਲਾਕ ਵਿੱਚ ਮੀਟਿੰਗ ਦੀ ਤਿਆਰੀ ਕਰ ਰਹੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚਾਂ-ਪੰਚਾਂ ਨੂੰ ਡੇਰਾਬੱਸੀ ਪੁਲੀਸ ਵੱਲੋਂ ਬੀਡੀਪੀਓ ਦਫ਼ਤਰ ’ਚੋਂ ਧੱਕੇ ਮਾਰ ਕੇ ਬਾਹਰ ਕੱਢਣ ਦੇ ਮਾਮਲੇ ਦੀ ਕਰੀਬ ਛੇ ਸਾਲ ਬੀਤ ਜਾਣ ਮਗਰੋਂ ਜਾਂਚ ਸ਼ੁਰੂ ਹੋਈ ਹੈ। ਇਸ ਸਬੰਧੀ ਜਾਂਚ ਅਧਿਕਾਰੀ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਪੱਤਰ ਲਿਖ ਕੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੂੰ ਅੱਜ ਆਪਣੇ ਦਫ਼ਤਰ ਵਿੱਚ ਬਿਆਨ ਦਰਜ ਕਰਵਾਉਣ ਲਈ ਸੱਦਿਆ ਸੀ। ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਏਡੀਸੀ (ਵਿਕਾਸ) ਨੂੰ ਲੰਮੇ ਸਮੇਂ ਬਾਅਦ ਪੁਰਾਣੀ ਸ਼ਿਕਾਇਤ ਦਾ ਨਿਬੇੜਾ ਕਰਨ ਲਈ ਕਿਹਾ ਹੈ।
ਸ਼ਿਕਾਇਤ ਕਰਤਾ ਹਰਮਿੰਦਰ ਸਿੰਘ ਮਾਵੀ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਏਡੀਸੀ ਨੇ ਉਕਤ ਮਾਮਲੇ ਸਬੰਧੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਸੀ ਲੇਕਿਨ ਜਾਂਚ ਅਧਿਕਾਰੀ ਖ਼ੁਦ ਆਪਣੇ ਦਫ਼ਤਰ ਵਿੱਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਸਮਾਂ ਖੱਜਲ ਖੁਆਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਕ ਤਾਂ ਛੇ ਸਾਲਾਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋਈ, ਉੱਤੋਂ ਜਾਂਚ ਅਧਿਕਾਰੀ ਦਾ ਦਫ਼ਤਰ ਵਿੱਚ ਮੌਜੂਦ ਨਾ ਹੋਣਾ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਸਰਕਾਰ ਅਤੇ ਹੁਣ ਕੈਪਟਨ ਸਰਕਾਰ ਪੀੜਤਾਂ ਨੂੰ ਇਨਸਾਫ਼ ਦੇਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ।
ਸ੍ਰੀ ਮਾਵੀ ਨੇ ਦੱਸਿਆ ਕਿ ਛੇ ਸਾਲ ਪਹਿਲਾਂ ਇਨਸਾਫ਼ ਪ੍ਰਾਪਤੀ ਲਈ ਐਸਐਸਪੀ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਸੀ। ਬੀਡੀਪੀਓ ਡੇਰਾਬੱਸੀ ਅਤੇ ਥਾਣਾ ਮੁਖੀ ਸਮੇਤ ਹੋਰਨਾਂ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਅਹੁਦੇ ਤੋਂ ਮੁਅੱਤਲ ਕਰਕੇ ਉਨ੍ਹਾਂ ਦੇ ਖ਼ਿਲਾਫ਼ ਤੁਰੰਤ ਫੌਜਦਾਰੀ ਕੇਸ ਦਰਜ ਕਰਨ ਅਤੇ ਵਿਭਾਗੀ ਜਾਂਚ ਦੀ ਮੰਗ ਕੀਤੀ ਗਈ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਸਗੋਂ ਉਸ ਸਮੇਂ ਦੇ ਬੀਡੀਪੀਓ ਨੂੰ ਤਰੱਕੀ ਦੇ ਕੇ ਸ੍ਰੀ ਮੁਕਤਸਰ ਸਾਹਿਬ ਵਿੱਚ ਡੀਡੀਪੀਓ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਤਿਕਾਰ ਦੇਣ ਦੇ ਦਾਅਵੇ ਕਰਦੀਆਂ ਹਨ, ਦੂਜੇ ਪਾਸੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਥਾਂ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਬਲਦੇਵ ਸਿੰਘ ਸਿੱਧੂ ਵੀ ਹਾਜ਼ਰ ਸਨ।
(ਬਾਕਸ ਆਈਟਮ)
ਜਾਂਚ ਅਧਿਕਾਰੀ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਕਿਹਾ ਕਿ ਰੂਟੀਨ ਦੇ ਕੰਮਾਂ ਸਬੰਧੀ ਪਹਿਲਾਂ ਤੋਂ ਸਡਿਊਲ ਤੈਅ ਕੀਤੇ ਹੁੰਦੇ ਹਨ ਪ੍ਰੰਤੂ ਅੱਜ ਨਸ਼ਾ ਵਿਰੋਧੀ ਦਿਵਸ ਸਬੰਧੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਵੇਰੇ ਸਾਢੇ 9 ਵਜੇ ਸੱਦ ਲਿਆ। ਇਸ ਮਗਰੋਂ ਮਹੀਨਾਵਾਰ ਮੀਟਿੰਗਾਂ ਵੀ ਉਨ੍ਹਾਂ ਨੂੰ ਲੈਣੀਆਂ ਪੈ ਗਈਆਂ। ਉਪਰੰਤ ਸਾਢੇ 12 ਵਜੇ ਮੁੱਖ ਮੰਤਰੀ ਨੇ ਸਮੂਹ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦਾ ਪ੍ਰੋਗਰਾਮ ਰੱਖ ਲਿਆ। ਜਿਸ ਕਾਰਨ ਉਨ੍ਹਾਂ ਦਾ ਉੱਥੇ ਹਾਜ਼ਰ ਹੋਣਾ ਅਤਿ ਜ਼ਰੂਰੀ ਸੀ। ਜਿਸ ਕਾਰਨ ਉਹ ਸ਼ਿਕਾਇਤ ਕਰਤਾਵਾਂ ਨੂੰ ਨਹੀਂ ਮਿਲ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀੜਤਾਂ ਨੂੰ ਨਵੇਂ ਸਿਰਿਓਂ ਜਾਂਚ ਵਿੱਚ ਸ਼ਾਮਲ ਹੋਣ ਲਈ ਚਿੱਠੀ ਕੱਢੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…