
ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਸਰਕਾਰ: ਬ੍ਰਹਮ ਸ਼ੰਕਰ ਜਿੰਪਾ
ਮੁਆਵਜ਼ਾ ਛੇਤੀ ਦੇਣ ਲਈ ਗਿਰਦਾਵਰੀ ਦੇ ਕੰਮ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਿੰਪਾ
ਗਿਰਦਾਵਰੀ ਦੇ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ਿਕਾ ਜੈਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਕਣਕ ਦੀ ਫ਼ਸਲ ਨੂੰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਦੇ ਸਬੰਧੀ ਕਿਸਾਨਾਂ ਨੂੰ ਹਰ ਮਦਦ ਦੇਣ ਦਾ ਐਲਾਨ ਕਰਦੇ ਹੋਏ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਇਸ ਮੁਸ਼ਕਲ ਸਮੇਂ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕਰ ਦਿੱਤਾ ਹੈ ਜੋ ਪੰਜਾਬ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਹੈ।
ਅੱਜ ਪਿੰਡ ਤੰਗੋਰੀ ਪਿੰਡ ਵਿੱਚ ਮੀਂਹ ਕਾਰਨ ਫਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਮਾਲ ਮੰਤਰੀ ਨੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਅੌਖੀ ਘੜੀ ਵਿੱਚ ਭਗਵੰਤ ਮਾਨ ਸਰਕਾਰ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਮੀਂਹ ਕਾਰਨ ਨੁਕਸਾਨ ਦੀ ਭਰਪਾਈ ਲਈ ਦ੍ਰਿੜ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਪੰਜਾਬ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ। ਇਸ ਕਰਕੇ ਹੀ ਉਸ ਨੇ ਗਿਰਦਾਵਰੀ ਤੋਂ ਪਹਿਲਾਂ ਹੀ ਮੁਆਵਜ਼ੇ ਵਿੱਚ 25 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਸ੍ਰੀ ਜਿੰਪਾ ਨੇ ਕਿਹਾ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਕਿਹਾ ਹੈ। ਸਰਕਾਰ ਵੱਲੋਂ ਗਿਰਦਾਵਰੀਆਂ ਵਗੈਰਾ ਦੀ ਸਾਰੀ ਸਥਿਤੀ ’ਤੇ ਦੀ ਰੋਜ਼ਮੱਰਾ ਦੇ ਆਧਾਰ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾ ਸਕੇ।

ਸ੍ਰੀ ਜਿੰਪਾ ਕਿਹਾ ਕਿ ਇੱਕ ਮਾਲ ਮੰਤਰੀ ਦੇ ਤੌਰ ’ਤੇ ਉਹ ਖੁਦ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਨੂੰ ਨਿਰਧਾਰਤ ਸਮੇਂ ਵਿੱਚ ਲਾਜ਼ਮੀ ਤੌਰ ’ਤੇ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਾਰਜ ਕਾਨੂੰਨ ਅਨੁਸਾਰ ਹੋਵੇਗਾ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐਸਡੀਐਮ ਸਰਬਜੀਤ ਕੌਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਵੀ ਹਾਜ਼ਰ ਸਨ।