
ਸਰਕਾਰੀ ਮੈਡੀਕਲ ਕਾਲਜ ਮੁਹਾਲੀ ਨੂੰ ਕੌਮੀ ਮੈਡੀਕਲ ਕਮਿਸ਼ਨ ਵੱਲੋਂ ਪ੍ਰਵਾਨਗੀ
ਚਾਲੂ ਵਿੱਦਿਅਕ ਵਰ੍ਹੇ ਦੌਰਾਨ ਐਮਬੀਬੀਐਸ ਦੀਆਂ 100 ਸੀਟਾਂ ਭਰਨ ਲਈ ਹਰੀ ਝੰਡੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਫੇਜ਼-6 ਵਿੱਚ ਸਥਾਪਿਤ ਕੀਤੇ ਗਏ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ) ਨੂੰ ਕੌਮੀ ਮੈਡੀਕਲ ਕਮਿਸ਼ਨ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਕੌਮੀ ਮੈਡੀਕਲ ਕਮਿਸ਼ਨ ਨੇ ਸੂਬਾ ਸਰਕਾਰ ਨੂੰ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਦੱਸਿਆ ਕਿ ਵਿਭਾਗ ਨੂੰ ਪ੍ਰਾਪਤ ਹੋਏ ਸਰਕਾਰੀ ਪੱਤਰ ਅਨੁਸਾਰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਜੋ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਤੋਂ ਮਾਨਤਾ ਪ੍ਰਾਪਤ ਹੈ, ਨੂੰ ਵਿੱਦਿਅਕ ਵਰ੍ਹੇ 2021-22 ਲਈ ਐਨਐਮਸੀ ਐਕਟ 2019 ਦੀ ਧਾਰਾ 26 (1) (ਏ) (ਬੀ) (ਸੀ) ਅਤੇ 28 (1) (2) (3) 29 ਅਤੇ ਸੈਕਸ਼ਨ 61 (2) ਤਹਿਤ ਐਮਬੀਬੀਐਸ ਦੀਆਂ 100 ਸੀਟਾਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਸ੍ਰੀ ਸ਼ੇਖਰ ਨੇ ਕਿਹਾ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਵੱਲੋਂ ਇਹ ਪ੍ਰਵਾਨਗੀ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀਆਂ ਸਾਰੀਆਂ ਰਿਵਿਊ ਰਿਪੋਰਟਾਂ ਉੱਚ ਦਰਜੇ ਦੀਆਂ ਪਾਏ ਜਾਣ ਉਪਰੰਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਵੱਲੋਂ 25 ਸਤੰਬਰ 1932 ਨੂੰ ਕੀਤੇ ਗਏ ਇਤਿਹਾਸਕ ਪੂਨਾ ਪੈਕਟ ਦੀ 89ਵੀਂ ਵਰੇ੍ਹਗੰਢ ਦੇ ਮੌਕੇ ’ਤੇ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸੂਬੇ ਵਿੱਚ 48 ਸਾਲਾਂ ਬਾਅਦ ਨਵਾਂ ਸਰਕਾਰੀ ਮੈਡੀਕਲ ਕਾਲਜ ਖੁੱਲ੍ਹ ਰਿਹਾ ਹੈ ਜੋ ਕਿ ਡਾ. ਅੰਬੇਦਕਰ ਜੀ ਦੇ ਨਾਮ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ।
ਤਤਕਾਲੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇਹ ਵੱਕਾਰੀ ਪ੍ਰਾਜੈਕਟ ਹੈ। ਉਨ੍ਹਾਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਦਿਲ ਲਗਾ ਕੇ ਕੰਮ ਕੀਤਾ ਅਤੇ ਸਰਕਾਰੀ ਹਸਪਤਾਲ ਫੇਜ਼-6 ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀਆਂ ਇਮਾਰਤਾਂ ਦੀ ਭੰਨ ਤੋੜ ਕੇ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਕਰਵਾਈ ਗਈ। ਇਸ ਤੋਂ ਇਲਾਵਾ ਜੁਝਾਰ ਨਗਰ ਅਤੇ ਬਹਿਲੋਲਪੁਰ ਦੀ ਪੰਚਾਇਤਾਂ ਤੋਂ ਕਰੀਬ 20 ਏਕੜ ਤੋਂ ਵੱਧ ਜ਼ਮੀਨ ਸਰਕਾਰ ਨੂੰ ਲੈ ਕੇ ਦਿੱਤੀ ਗਈ, ਪ੍ਰੰਤੂ ਅਫ਼ਸੋਸ ਇਸ ਗੱਲ ਹੈ ਕਿ ਜਦੋਂ ਸਰਕਾਰੀ ਮੈਡੀਕਲ ਕਾਲਜ ਲਈ ਕੌਮੀ ਮੈਡੀਕਲ ਕਮਿਸ਼ਨ ਵੱਲੋਂ ਪ੍ਰਵਾਨਗੀ ਦਿੱਤੀ ਗਈ, ਉਦੋਂ ਸ੍ਰੀ ਸਿੱਧੂ ਦੀ ਸਿਹਤ ਵਿਭਾਗ ਅਤੇ ਪੰਜਾਬ ਕੈਬਨਿਟ ’ਚੋਂ ਛੁੱਟੀ ਹੋ ਚੁੱਕੀ ਸੀ।