
ਐਮਿਟੀ ਯੂਨੀਵਰਸਿਟੀ ਵਿੱਚ 4 ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰੇਗੀ ਸਰਕਾਰ: ਅਮਿਤ ਤਲਵਾੜ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਸਬੰਧਤ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀ ਸੁਣਨਗੇ ਐਨਆਰਆਈਜ਼ ਦੀਆਂ ਸ਼ਿਕਾਇਤਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਪੰਜਾਬ ਸਰਕਾਰ 19 ਦਸੰਬਰ ਨੂੰ ਮੁਹਾਲੀ ਸਮੇਤ ਗੁਆਂਢੀ ਜ਼ਿਲ੍ਹਿਆਂ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ (ਐਨਆਰਆਈਜ਼) ਦੀ ਸਾਂਝੀ ਖੇਤਰੀ ਮੀਟਿੰਗ ਐਮਿਟੀ ਯੂਨੀਵਰਸਿਟੀ ਮੁਹਾਲੀ ਵਿੱਚ ਕਰਨ ਜਾ ਰਹੀ ਹੈ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਪੰਜ ਸ਼ਹਿਰਾਂ ਵਿੱਚ ਖੇਤਰੀ ਮੀਟਿੰਗਾਂ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ, ਏਡੀਜੀਪੀ, ਐਨਆਰਆਈ ਵਿੰਗ, ਡਵੀਜ਼ਨਲ ਕਮਿਸ਼ਨਰ, ਜਲੰਧਰ (ਚੇਅਰਪਰਸਨ ਐਨਆਰਆਈ ਸਭਾ) ਅਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸਐਸਪੀਜ਼ ਅਤੇ ਡੀਆਰਓਜ਼ ਵੀ ਸ਼ਿਰਕਤ ਕਰਨਗੇ।
ਅਮਿਤ ਤਲਵਾੜ ਨੇ ਦੱਸਿਆ ਕਿ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਅਜਿਹੀ ਇੱਕ ਖੇਤਰੀ ਮੀਟਿੰਗ 19 ਦਸੰਬਰ ਨੂੰ ਐਮਿਟੀ ਯੂਨੀਵਰਸਿਟੀ ਵਿਖੇ ਕੀਤੀ ਜਾਵੇਗੀ। ਉਨ੍ਹਾਂ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਨਾਲ ਸਬੰਧਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ https://eservices.punjab.gov.in ’ਤੇ ਆਨਲਾਈਨ ਰਜਿਸਟਰ ਕਰਵਾ ਕੇ ਇਸ ਪ੍ਰੋਗਰਾਮ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।