Nabaz-e-punjab.com

ਸਰਕਾਰ ਦੀ ਵਾਅਦਾਖ਼ਿਲਾਫ਼ੀ: ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਸਰਕਾਰੀ ਭਰੋਸੇ ਮਗਰੋਂ ਫਿਲਹਾਲ ਮੁਲਾਜ਼ਮਾਂ ਵੱਲੋਂ 26 ਜੂਨ ਤੱਕ ਕਲਮਛੋੜ ਹੜਤਾਲ ਮੁਲਤਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਪ੍ਰਸ਼ਾਸਨਿਕ ਦਫ਼ਤਰਾਂ ਦੇ ਮੁਲਾਜ਼ਮ ਸੜਕਾਂ ’ਤੇ ਉੱਤਰ ਆਏ ਹਨ। ਮੁਹਾਲੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਵੀਰਵਾਰ ਨੂੰ ਵਿਸ਼ਾਲ ਧਰਨਾ ਦਿੱਤਾ ਅਤੇ ਵੱਖ ਵੱਖ ਦਫ਼ਤਰਾਂ ਦੇ ਕਰਮਚਾਰੀਆਂ ਨੇ ਅੱਜ ਵੀ ਸਾਰਾ ਦਿਨ ਕਲਮਛੋੜ ਹੜਤਾਲ ਜਾਰੀ ਰੱਖੀ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਏ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਮੁਲਜ਼ਮਾਂ ਨੇ ਕੈਪਟਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਚੁੱਪ ਧਾਰ ਲਈ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮੌਕੇ ਡੀਸੀ ਦਫ਼ਤਰ ਐਂਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦੇ ਤਾਂ ਕੀ ਪੁਗਾਉਣੇ ਸੀ, ਉਲਟਾ ਮੁਲਾਜ਼ਮਾਂ ਦੀਆਂ ਪ੍ਰਵਾਨਿਤ ਮੰਗਾਂ ਲਾਗੂ ਕਰਨ ਤੋਂ ਵੀ ਇਨਕਾਰੀ ਹੋ ਗਈ ਹੈ ਅਤੇ ਝੂਠੇ ਲਾਰਿਆਂ ਨਾਲ ਡੰਗ ਸਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 4 ਜੂਨ 2018 ਨੂੰ ਮਾਲ ਮੰਤਰੀ ਵੱਲੋਂ ਯੂਨੀਅਨ ਦੇ ਸੂਬਾਈ ਵਫ਼ਦ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦਿਆਂ ਇਕ ਮਹੀਨੇ ਦੇ ਅੰਦਰ ਅੰਦਰ ਐਸਐਸ ਬੋਰਡ ਤੋਂ ਸਟਾਫ਼ ਲੈ ਕੇ ਦਫ਼ਤਰਾਂ ਵਿੱਚ ਤਾਇਨਾਤ ਕਰਨ ਦੀ ਗੱਲ ਆਖੀ ਸੀ ਪ੍ਰੰਤੂ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਰਮਚਾਰੀ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਧਰ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਹੁਣ ਮੰਤਰੀ ਨੇ 26 ਜੂਨ ਨੂੰ ਸਾਰੇ ਡਿਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਦੀ ਪੈਨਲ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ। ਇਸ ਤਰ੍ਹਾਂ ਮੁਲਾਜ਼ਮਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਫਿਲਹਾਲ 26 ਜੂਨ ਤੱਕ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਸਰਕਾਰ ਆਪਣੇ ਵਾਅਦੇ ਤੋਂ ਮੁੱਕਰੀ ਤਾਂ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…