ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਪਹਿਲੇ ਦਿਨ 3500 ਮੀਟਰਿਕ ਟਨ ਖ਼ਰੀਦ

ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ: ਡੀਸੀ

ਮੁਹਾਲੀ ਦੀਆਂ ਮੰਡੀਆਂ ਵਿੱਚ ਐਤਕੀਂ 1 ਲੱਖ 69 ਹਜ਼ਾਰ 697 ਮੀਟਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਐਤਵਾਰ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਵੱਖ-ਵੱਖ ਅਨਾਜ ਮੰਡੀਆਂ ਵਿੱਚ ਚਹਿਲ-ਪਹਿਲ ਦੇਖਣ ਨੂੰ ਮਿਲੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਪੜਚਿੜੀ, ਭਾਗੋਮਾਜਰਾ, ਦਾਊਂ ਮਾਜਰਾ, ਖਰੜ, ਕੁਰਾਲੀ, ਖ਼ਿਜ਼ਰਾਬਾਦ, ਜੜੌਤ, ਤਸਿੰਬਲੀ, ਲਾਲੜੂ, ਸਮਗੌਲੀ, ਡੇਰਾਬੱਸੀ, ਬਨੂੜ, ਟਿਵਾਣਾ ਸਮੇਤ ਕੁੱਲ 17 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਸਾਰੇ ਅਗਾਊਂ ਪ੍ਰਬੰਧ ਕੀਤੇ ਗਏ ਹਨ। ਦੋ ਦਿਨ ਪਛੜ ਕੇ ਸ਼ੁਰੂ ਹੋਈ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਪਹੁੰਚੇ ਕਿਸਾਨਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੇਖਣ ਨੂੰ ਮਿਲੀ। ਅੱਜ 15 ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਗਈ ਜਦੋਂਕਿ ਸੀਜ਼ਨਲ ਮੰਡੀ ਚੱਪੜਚਿੜੀ ਅਤੇ ਟਿਵਾਣਾ ਵਿੱਚ ਖ਼ਰੀਦ ਸ਼ੁਰੂ ਨਹੀਂ ਹੋ ਸਕੀ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਸਮੁੱਚੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਝੋਨੇ ਦੀ ਸਰਕਾਰੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 69 ਹਜ਼ਾਰ 697 ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦਾ ਟੀਚਾ ਮਿਥਿਆ ਗਿਆ ਹੈ। ਅੱਜ ਪਹਿਲੇ ਦਿਨ ਕਰੀਬ 3500 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਨਗਰੇਨ, ਪਨਸਪ, ਮਾਰਕਫੈੱਡ ਅਤੇ ਐਫ਼ਸੀਆਈ ਆਦਿ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ।

ਡੀਸੀ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਸਬੰਧੀ ਪੈਸੇ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿੱਜੀ ਤੌਰ ’ਤੇ ਖ਼ਰੀਦ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਵੀ ਦਿੱਤੇ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਮੀ ਰਹਿਤ ਅਨਾਜ ਹੀ ਮੰਡੀ ਵਿੱਚ ਲਿਆਉਣ ਅਤੇ ਝੋਨਾ ਕੱਟਣ ਤੋਂ ਬਾਅਦ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਨ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਵਿਚਲੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …