ਪੰਜਾਬ ਵਿੱਚ 1 ਅਪਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖ਼ਰੀਦ, ਬਰਸਟ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਾੜ੍ਹੀ ਸੀਜ਼ਨ ਦੌਰਾਨ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਰਸਟ

ਨਬਜ਼-ਏ-ਪੰਜਾਬ, ਮੁਹਾਲੀ, 28 ਮਾਰਚ:
ਪੰਜਾਬ ਵਿੱਚ ਇੱਕ ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਵੱਲੋਂ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਮੰਡੀ ਬੋਰਡ ਅਤੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਕਣਕ ਦੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਬਰਸਟ ਨੇ ਕਿਹਾ ਕਿ 1 ਅਪਰੈਲ ਤੋਂ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਕਣਕ ਦੀ ਖ਼ਰੀਦ ਕਰਨ ਲਈ 1865 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਇਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਆਪਣੀ ਫ਼ਸਲ ਲਿਆਂਦੀ ਜਾਣੀ ਹੈ। ਇਸ ਲਈ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਫ਼ਾਈ, ਬਿਜਲੀ-ਪਾਣੀ, ਆਰਜ਼ੀ ਬਾਥਰੂਮਾਂ, ਛਾਂ ਆਦਿ ਦੇ ਪੁਖ਼ਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਦਫ਼ਤਰ ਪੱਧਰ ’ਤੇ ਟੀਮ ਬਣਾ ਕੇ ਸੂਬੇ ਦੀਆਂ ਸਮੂਹ ਮੰਡੀਆਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਕਿਸੇ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਚੇਅਰਮੈਨ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਕੇ ਚੰਗੀ ਕਾਰਗੁਜ਼ਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਮੀਟਿੰਗ ਵਿੱਚ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਜੀਐਮ ਮਨਜੀਤ ਸਿੰਘ ਸੰਧੂ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਚੀਫ਼ ਇੰਜੀਨੀਅਰ, ਸਵਰਨ ਸਿੰਘ ਡੀਜੀਐਮ (ਅਸਟੇਟ), ਸ੍ਰੀਮਤੀ ਭਜਨ ਕੌਰ ਡੀਜੀਐਮ (ਪ੍ਰਾਜੈਕਟ), ਮਨਿੰਦਰਜੀਤ ਸਿੰਘ ਬੇਦੀ ਡੀਜੀਐਮ (ਮਾਰਕੀਟਿੰਗ), ਰਜਨੀਸ਼ ਗੋਇਲ ਡੀਜੀਐਮ, ਪ੍ਰੀਤਕੰਵਰ ਸਿੰਘ ਬਰਾੜ ਡੀਜੀਐਮ, ਮੁਕੇਸ਼ ਕੁਮਾਰ ਕੈਲੇ ਡੀਜੀਐਮ ਸਮੇਤ ਸਮੂਹ ਅਧਿਕਾਰੀ ਮੌਜੂਦ ਸਨ।

Load More Related Articles

Check Also

ਸੀਐਮ ਦੀ ਯੋਗਸ਼ਾਲਾ: ਮਿਉਂਸੀਪਲ ਹਾਈਟਸ ਵਿੱਚ ਸਾਲ ਪੂਰਾ ਹੋਣ ’ਤੇ ਕੇਕ ਕੱਟ ਕੇ ਮਨਾਇਆ ਜਸ਼ਨ

ਸੀਐਮ ਦੀ ਯੋਗਸ਼ਾਲਾ: ਮਿਉਂਸੀਪਲ ਹਾਈਟਸ ਵਿੱਚ ਸਾਲ ਪੂਰਾ ਹੋਣ ’ਤੇ ਕੇਕ ਕੱਟ ਕੇ ਮਨਾਇਆ ਜਸ਼ਨ ਰੋਜ਼ਾਨਾ ਯੋਗ ਅਭਿਆ…