Share on Facebook Share on Twitter Share on Google+ Share on Pinterest Share on Linkedin ਸਰਕਾਰ ਵੱਲੋਂ ਪਾਵਰਕੌਮ ਠੇਕਾ ਕਾਮਿਆਂ ਦੀ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ, ਧਰਨਾ ਚੁੱਕਿਆ ਠੇਕਾ ਕਾਮਿਆਂ ਨੇ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ, ਵਾਅਦਾਖ਼ਿਲਾਫ਼ੀ ਕਰਨ ’ਤੇ ਨਵੰਬਰ ਦੇ ਪਹਿਲੇ ਹਫ਼ਤੇ ਮੁੜ ਸੰਘਰਸ਼ ਦੀ ਧਮਕੀ ਮੁਹਾਲੀ ਪ੍ਰਸ਼ਾਸਨ ਨੇ ਵਧੀਕ ਮੁੱਖ ਸਕੱਤਰ, ਕਿਰਤ ਕਮਿਸ਼ਨਰ ਨਾਲ ਕਰਵਾਈ ਠੇਕਾ ਕਾਮਿਆਂ ਦੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ: ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਨੀਤੀ ਰੱਦ ਕਰਵਾਉਣ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ, ਤਨਖ਼ਾਹ ਕਟੌਤੀ ਵਾਪਸ ਕਰਵਾਉਣ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਅੱਜ ਤੀਜੇ ਦਿਨ ਖ਼ਤਮ ਹੋ ਗਿਆ। ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਅਤੇ ਐਸਡੀਐਮ ਜਗਦੀਪ ਸਹਿਗਲ ਨੇ ਪਾਵਰਕੌਮ ਦੇ ਵਧੀਕ ਮੁੱਖ ਸਕੱਤਰ ਅਤੇ ਕਿਰਤ ਕਮਿਸ਼ਨਰ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਜਿਸ ਵਿੱਚ ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਡੀਐਸਪੀ ਦੀਪ ਕੰਵਲ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਤੇ ਸ਼ਿਵ ਸੰਕਰ ਹਾਜ਼ਰ ਸਨ। ਮੀਟਿੰਗ ਵਿੱਚ ਉੱਚ ਅਧਿਕਾਰੀਆਂ ਨੇ ਬਰਖ਼ਾਸਤ ਠੇਕਾ ਕਾਮਿਆਂ ਨੂੰ ਬਹਾਲ ਕਰਨ ਸਮੇਤ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਗਲੇ ਦੋ ਹਫ਼ਤਿਆਂ ਤੱਕ ਛਾਂਟੀ ਦੀ ਨੀਤੀ ਰੱਦ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਸਬੰਧੀ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਮਗਰੋਂ ਠੇਕਾ ਕਾਮਿਆਂ ਨੇ ਬਾਅਦ ਦੁਪਹਿਰ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਚੌਧਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸੰਯੁਕਤ ਸਕੱਤਰ ਅਜੇ ਕੁਮਾਰ ਅਤੇ ਸ਼ਿਵ ਸੰਕਰ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਠੇਕਾ ਕਾਮਿਆਂ ਦੀ ਉਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਤਾਂ ਨਵੰਬਰ ਦੇ ਪਹਿਲੇ ਹਫ਼ਤੇ ਫਿਰ ਤੋਂ ਮੁਹਾਲੀ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਹ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਸਗੋਂ ਹੱਕੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਇਨਸਾਫ਼ ਪ੍ਰਾਪਤੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੁਣ ਤੱਕ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਕਿਰਤ ਮੰਤਰੀ ਉੱਚ ਅਧਿਕਾਰੀਆਂ ਨੂੰ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਹਾਮੀ ਭਰ ਚੁੱਕੇ ਹਨ ਪ੍ਰੰਤੂ ਵਿਭਾਗਾਂ ਦੇ ਅਧਿਕਾਰੀ ਜਾਣਬੁੱਝ ਕੇ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ 30 ਸਤੰਬਰ ਨੂੰ ਛਾਂਟੀ ਕੀਤੇ ਕਾਮੇ ਬਹਾਲ ਕੀਤੇ ਜਾਣ, ਛਾਂਟੀ ਨੀਤੀ ਰੱਦ ਕੀਤੀ ਜਾਵੇ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ ਅਤੇ ਹੋਰ ਜਾਇਜ਼ ਮੰਗਾਂ ਹੱਲ ਕੀਤੀਆਂ ਜਾਣ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਪ੍ਰਵਾਨਿਤ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ