nabaz-e-punjab.com

ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਭੱਜੀ ਸਰਕਾਰ, 29 ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣਗੇ ਰੋਸ ਮੁਜ਼ਾਹਰੇ

ਮੁਲਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂ ਸੱਜਣ ਸਿੰਘ 1 ਮਈ ਨੂੰ ਦੁਬਾਰਾ ਮਰਨ ਵਰਤ ’ਤੇ ਬੈਠਣਗੇ

ਮਰਨ ਵਰਤ ਦੌਰਾਨ ਮੁਲਾਜ਼ਮਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਪ੍ਰਮੁੱਖ ਸੜਕਾਂ ’ਤੇ ਚੱਕਾ ਜਾਮ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਸੂਬੇ ਦੀ ਕੈਪਟਨ ਸਰਕਾਰ ’ਤੇ ਮੁਲਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟਣ ਦਾ ਦੋਸ਼ ਲਗਾਉਂਦਿਆਂ ਹੁਣ ਇਨਸਾਫ਼ ਪ੍ਰਾਪਤੀ ਲਈ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਕੇ ਹੁਕਮਾਂ ਦੀ ਨੀਂਦ ਉੱਡਾ ਦਿੱਤੀ ਹੈ। ਅੱਜ ਇੱਥੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਅਸ਼ੀਸ਼ ਜੁਲਾਹਾ, ਅੰਮ੍ਰਿਤਪਾਲ ਸਿੰਘ, ਪਰਵੀਨ ਸ਼ਰਮਾ, ਦਰਸ਼ਨ ਸਿੰਘ ਲੁਬਾਣਾ, ਰਣਬੀਰ ਸਿੰਘ ਢਿੱਲੋਂ, ਨਿਰਮਲ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਵਾਂ, ਹਰਭਜਨ ਸਿੰਘ ਪਿਲਖਣੀ, ਬਲਕਾਰ ਸਿੰਘ ਵਲਟੋਹਾ, ਜਗਦੀਸ਼ ਸਿੰਘ ਚਾਹਲ ਰਜਿੰਦਰ ਸਿੰਘ ਸੰਧਾ, ਅਨੁਪਜੀਤ ਸਿੰਘ, ਰਾਕੇਸ਼ ਕੁਮਾਰ, ਸਤਪਾਲ ਸਿੰਘ ਨੇ ਕਿਹਾ ਕਿ ਗੂੜੀ ਨੀਂਦ ਵਿੱਚ ਸੁੱਤੀ ਸੂਬਾ ਸਰਕਾਰ ਨੂੰ ਹਲੂਣਾ ਦੇ ਕੇ ਜਗਾਉਣ ਲਈ ਮੁਲਾਜ਼ਮ ਸੰਘਰਸ਼ ਲਹਿਰ ਦੇ ਆਗੂ ਸੱਜਣ ਸਿੰਘ ਵੱਲੋਂ 1 ਮਈ ਨੂੰ ਸੈਕਟਰ-43 ਚੰਡੀਗੜ੍ਹ ਬੱਸ ਅੱਡੇ ਨੇੜੇ ਦੁਬਾਰਾ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੈਲੀਆਂ ਅਤੇ ਭੁੱਖ-ਹੜਤਾਲਾਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਵੀ ਸੱਜਣ ਸਿੰਘ ਵੱਲੋਂ ਤਿੰਨ ਵਾਰ ਸਾਲ 1972,1996 ਅਤੇ 2009 ਵਿੱਚ ਮਰਨ ਵਰਤ ਰੱਖ ਕੇ ਸਮੇਂ ਦੀਆਂ ਸਰਕਾਰਾਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਵਾ ਮਰਨ ਵਰਤ ਖੋਲ੍ਹੇ ਸਨ।
ਆਗੂਆਂ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਰ ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲ ਤੋਂ ਮੁਲਾਜ਼ਮਾਂ ਨੂੰ ਅੱਖੋ ਪਰੋਖੇ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਵੇਲੇ ਘਰ ਘਰ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣੀਆਂ ਅਤੇ ਮੁਲਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਸਾਰੇ ਚੋਣ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਅਧਿਆਪਕਾਂ ਨੂੰ ਪੱਕਾ ਕਰਨ ਦੇ ਨਾਂ ’ਤੇ ਤਨਖ਼ਾਹਾਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਰੈਗੂਲਰ ਮੁਲਾਜ਼ਮਾਂ ਦੀਆ ਮਹਿੰਗਾਈ ਭੱਤੇ ਦੀਆ ਕਿਸ਼ਤਾ ਵੀ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦਾ 6ਵੇਂ ਤਨਖ਼ਾਹ ਕਮਿਸ਼ਨ ਵੀ ਠੰਡੇ ਬਸਤੇ ਵਿੱਚ ਪਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟਦਾ ਜਾ ਰਿਹਾ ਹੈ ਅਤੇ ਮੁਲਾਜ਼ਮ ਹੁਣ ਆਪਣੀਆਂ ਜਾਇਜ਼ ਮੰਗਾਂ ਮਨਵਾ ਕੇ ਹੀ ਦਮ ਲੈਣਗੇ। ਆਗੂਆਂ ਨੇ ਦੱਸਿਆ ਕਿ 24 ਅਪਰੈਲ ਨੂੰ ਜਲੰਧਰ, 25 ਅਪਰੈਲ ਨੂੰ ਬਠਿੰਡਾ ਅਤੇ 28 ਅਪਰੈਲ ਨੂੰ ਪਟਿਆਲਾ ਵਿੱਚ ਜ਼ੋਨ ਪੱਧਰੀ ਮੀਟਿੰਗਾਂ ਕਰਕੇ ਸੰਘਰਸ਼ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਕੇ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ ਅਤੇ 29 ਅਪਰੈਲ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਵੱਡੀਆ ਰੈਲੀਆ ਕਰਕੇ ਰੋਸ ਮਾਰਚ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…