ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਪ੍ਰਿੰਸੀਪਲ ਲਵਿਸ ਚਾਵਲਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕੰਟਰੋਲਰ (ਪ੍ਰੀਖਿਆਵਾਂ) ਲਗਾਇਆ ਗਿਆ ਹੈ। ਲਵਿਸ ਚਾਵਲਾ ਨੇ ਅੱਜ ਸਕੂਲ ਬੋਰਡ ਦੇ ਮੁੱਖ ਦਫ਼ਤਰ ਵਿੱਚ ਕੰਟਰੋਲਰ (ਪ੍ਰੀਖਿਆਵਾਂ) ਦਾ ਨਵਾਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਲਵਿਸ ਚਾਵਲਾ ਮੰਨੇ ਪ੍ਰਮੰਨੇ ਸਿੱਖਿਆ ਸ਼ਾਸਤਰੀ ਅਤੇ ਸਿੱਖਿਆ ਮਾਹਰ ਹਨ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦਾ ਲਗਪਗ 20-22 ਸਾਲ ਦਾ ਤਜ਼ਰਬਾ ਹੈ। ਉਨ੍ਹਾਂ ਨੇ ਸਾਲ 2006 ਵਿੱਚ ਆਪਣੇ ਸਰਵਿਸ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ 2019 ਤੋਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿੱਚ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਲਵਿਸ ਚਾਵਲਾ ਡਾਈਟ ਪ੍ਰਿੰਸੀਪਲ ਰੂਪਨਗਰ, ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਅਤੇ ਆਪਣੇ ਸਰਵਿਸ ਕੈਰੀਅਰ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ-ਤਾਰਨ, ਕਪੂਰਥਲਾ, ਨਵਾਂ ਸ਼ਹਿਰ, ਰੂਪਨਗਰ ਅਤੇ ਚੰਡੀਗੜ੍ਹ ਦੇ ਵੱਖ-ਵੱਖ ਸਕੂਲਾਂ ਵਿੱਚ ਸੇਵਾ ਨਿਭਾਅ ਚੁੱਕੇ ਹਨ।
ਲਵਿਸ ਚਾਵਲਾ ਨੇ ਆਪਣੀ ਇਸ ਨਿਯੁਕਤੀ ਲਈ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਡੀਪੀਆਈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸੂਬੇ ਦਾ ਇੱਕ ਬਹੁਤ ਹੀ ਅਹਿਮ ਅਦਾਰਾ ਹੈ। ਸਿੱਖਿਆ ਬੋਰਡ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਚੁਨੌਤੀਆਂ ਦਾ ਆਉਂਦੇ ਸਮੇਂ ਵਿੱਚ ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਅਕਾਦਮਿਕ ਸਾਲ 2025 ਵਿੱਚ ਹੋਣ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤੇ ਸਮੁੱਚੇ ਪ੍ਰਬੰਧਾਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ। ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਦੀ ਅਸਾਮੀ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ, ਸਰਕਾਰ ਵੱਲੋਂ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਸੀ ਅਤੇ ਹੁਣ ਲਵਿਸ ਚਾਵਲਾ ਨੂੰ ਵੀ ਅਗਲੇ ਹੁਕਮਾਂ ਤੱਕ ਵਾਧੂ ਚਾਰਜ ਹੀ ਦਿੱਤਾ ਗਿਆ ਹੈ।
ਇਸ ਮੌਕੇ ਉਪ ਸਕੱਤਰ ਗੁਰਤੇਜ ਸਿੰਘ, ਅਮਰਜੀਤ ਕੌਰ ਦਾਲਮ, ਗੁਰਮੀਤ ਕੌਰ, ਪੀਆਰਓ ਬ੍ਰਾਂਚ ਦੇ ਇੰਚਾਰਜ ਹਰਮਨਜੀਤ ਸਿੰਘ, ਨਿੱਜੀ ਸਹਾਇਕ ਸ੍ਰੀਮਤੀ ਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ, ਮਹੇਸ਼ ਕਪਿਲ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ, ਅੰਗਰੇਜ਼ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਸੇਵਕ ਸਿੰਘ ਡੀਐੱੋਸਐੱਮ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।