ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਸਰਕਾਰ ਤਰਫ਼ੋਂ ਠੰਡੀ ਹਵਾ ਦਾ ਬੁਲਾ ਆਉਣ ਤੱਕ ਸੰਘਰਸ਼ ਜਾਰੀ ਰਹੇਗਾ: ਕੱਚੇ ਅਧਿਆਪਕ

ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਤੇ ਸ਼ਾਂਤਮਈ ਧਰਨਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਨਵਦੀਪ ਸਿੰਘ ਬਰਾੜ, ਜਸਵੰਤ ਸਿੰਘ ਪੰਨੂ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਕੁਲਦੀਪ ਸਿੰਘ ਬੱਡੁਵਾਲ, ਸਤਿੰਦਰ ਸਿੰਘ ਕੰਗ, ਵੀਰਪਾਲ ਸਿੰਘ ਖੰਨਾ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੇ ਮੁੱਖ ਗੇਟ ਬੰਦ ਕਰਕੇ ਧਰਨਾ ਜਾਰੀ ਰੱਖਿਆ ਅਤੇ ਅੱਜ ਵੀ ਕਿਸੇ ਸਿੱਖਿਆ ਅਧਿਕਾਰੀ ਜਾਂ ਦਫ਼ਤਰੀ ਮੁਲਾਜ਼ਮ ਡਿਊਟੀ ’ਤੇ ਨਹੀਂ ਜਾਣ ਦਿੱਤਾ ਗਿਆ। ਜਿਸ ਕਾਰਨ ਸਿੱਖਿਆ ਵਿਭਾਗ ਦਾ ਸਾਰਾ ਦਫ਼ਤਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ।
ਉਧਰ, ਗੌਰਮਿੰਟ ਟੀਚਰ ਯੂਨੀਅਨ ਪੰਜਾਬ (ਜੀਟੀਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਅਮਨਦੀਪ ਸ਼ਰਮਾ ਅਤੇ ਸੁਰਜੀਤ ਸਿੰਘ ਮੁਹਾਲੀ ਸਮੇਤ ਹੋਰਨਾਂ ਆਗੂਆਂ ਨੇ ਸ਼ਾਮ ਨੂੰ ਧਰਨੇ ਵਿੱਚ ਪਹੁੰਚ ਕੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇੰਜ ਹੀ ਆਮ ਆਦਮੀ ਪਾਰਟੀ (ਆਪ) ਕਿਸਾਨ ਵਿੰਗ ਦੇ ਕਈ ਆਗੂਆਂ ਨੇ ਕੱਚੇ ਅਧਿਆਪਕਾਂ ਦੀਆਂ ਮੰਗ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਪੜ੍ਹਾ ਸਕਣ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਚੇ ਅਧਿਆਪਕਾਂ ਨੂੰ ਮਹਿਜ਼ ਦੋ ਦਿਨਾਂ ਵਿੱਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਅੱਜ ਵੀ ਸਰਕਾਰ ਦੀ ਤਰਫ਼ੋਂ ਕੋਈ ਸੁਖ ਦਾ ਸੁਨੇਹਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਪੱਤਰ ਨਹੀਂ ਦਿੰਦੀ ਅਤੇ ਸਰਕਾਰ ਦੀ ਤਰਫ਼ੋਂ ਠੰਡੀ ਹਵਾ ਦਾ ਬੁਲਾ ਨਹੀਂ ਆਉਂਦਾ, ਉਦੋਂ ਤੱਕ ਸਿੱਖਿਆ ਭਵਨ ਦੇ ਬਾਹਰ ਸ਼ਾਂਤਮਈ ਧਰਨਾ ਜਾਰੀ ਰਹੇਗਾ। ਬੁਲਾਰਿਆਂ ਨੇ ਪੰਜਾਬ ਸਰਕਾਰ ਨੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਲੰਘੀ 7 ਸਤੰਬਰ ਨੂੰ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਕਾਰਵਾਈ ਅੱਗੇ ਨਹੀਂ ਤੁਰੀ। ਬੀਤੀ 5 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਪਰਨਾਲਾ ਉੱਥੇ ਦਾ ਉੱਥੇ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…