nabaz-e-punjab.com

ਪੰਜਾਬ ਸਰਕਾਰ ਰਿਟਾਇਰਮੈਂਟ ਦੀ ਉਮਰ 60 ਸਾਲ ਘਟਾ ਕੇ 58 ਸਾਲ ਕਰਨ ’ਤੇ ਕਰ ਰਹੀ ਹੈ ਵਿਚਾਰ: ਕੈਪਟਨ ਅਮਰਿੰਦਰ

ਟਰੱਕ ਯੂਨੀਅਨ ਨੂੰ ਭੰਗ ਕਰਨ ਦਾ ਫੈਸਲਾ ਨਹੀਂ ਹੋਵੇਗਾ ਵਾਪਸ ਪਰ ਅਪਰੇਟਰਾਂ ਦੇ ਹਿੱਤਾਂ ਦਾ ਰੱਖਿਆ ਜਾਵੇਗਾ ਖ਼ਿਆਲ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਜੁਲਾਈ
ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਰਿਟਾਇਰਮੈਂਟ ਦੀ ਉਮਰ 60 ਸਾਲ ਨੂੰ 2 ਸਾਲ ਘਟਾ ਕੇ 58 ਸਾਲ ਕਰਨ ਉੱਤੇ ਵਿਚਾਰ ਕਰ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। ਉਹ ਅੱਜ ਰਾਸ਼ਟਰਪਤੀ ਦੀ ਚੋਣ ਸਬੰਧੀ ਆਪਣੀ ਵੋਟ ਪਾਉਣ ਉਪਰੰਤ ਮੀਡੀਆ ਨਾਲ ਗੱਲ ਕਰ ਰਹੇ ਸਨ। ਉਹਨਾਂ ਕਿਹਾ ਕਿ ਸਰਕਾਰ ਰਿਟਾਇਰਮੈਂਟ ਪਾਲਸੀ ਵਿੱਚ ਤਬਦੀਲੀ ਲਿਆ ਕੇ ਰਿਟਾਇਰਮੈਂਟ ਦੀ ਉਮਰ 58 ਸਾਲ ਤੈਅ ਕਰੇਗੀ ਤਾਂ ਜੋ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੀ ਸਿਰਜਨਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਪਾਲਸੀ ਬਾਰੇ ਕੋਈ ਵੀ ਫੈਸਲਾ ਇਸ ਸੰਬੰਧੀ ਹੋਣ ਵਾਲੇ ਆਧਾਰ ਤੇ ਵਿਸਤਾਰ ਸਹਿਤ ਮੁਲਾਂਕਣ ਉਪਰੰਤ ਹੀ ਕੀਤਾ ਜਾਵੇਗਾ।
ਐਸ ਵਾਈ ਐਲ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਇਸ ਸਬੰਧੀ ਕੇਂਦਰ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਛੇਤੀ ਅਤੇ ਸਰਵ ਪ੍ਰਵਾਨਿਤ ਹੱਲ ਕੱਢਣ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕੇਂਦਰੀ ਜਨ ਸੰਸਾਧਨ ਮੰਤਰਾਲੇ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਉਸ ਵੱਲੋਂ ਇਸ ਮੁੱਦੇ ਦੇ ਕਿਸੇ ਹਲ ਤੇ ਪਹੁੰਚਣ ਤੋੱ ਪਹਿਲਾਂ ਦਰਿਆਵਾਂ ਵਿੱਚ ਵੱਗਦੇ ਪਾਣੀਆਂ ਦੇ ਪੱਧਰ ਅਤੇ ਮਿਕਦਾਰ ਦੀ ਜਾਂਚ ਕੀਤੀ ਜਾਵੇ।
ਕਿਸਾਨਾਂ ਦੀ ਕਰਜਾ ਮੁਆਫ਼ੀ ਦੇ ਐਲਾਨ ਤੇ ਅਸਲ ਵਿੱਚ ਹੋਣ ਵਾਲੀ ਦੇਰੀ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਰਾਜ ਸਰਕਾਰ ਇਸ ਸੰਬੰਧੀ ਬੈਂਕਾਂ ਦੇ ਨਾਲ ਸੈਟਲਮੈਟ ਦੀ ਪ੍ਰਕ੍ਰਿਆ ਵਿੱਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਬਾਦਲ ਵੱਲੋਂ ਪਹਿਲਾਂ ਹੀ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਸਕੀਮ ਇੱਕ ਹਫਤੇ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਕਰਜਾ ਮੁਆਫ਼ੀ ਬਾਰੇ ਡੀਟੀ ਹੱਕ ਦੀ ਅਗਵਾਈ ਵਿੱਚ ਬਣੀ ਮਾਹਿਰਾਂ ਦੀ ਕਮੇਟੀ ਦੀ ਅੰਤਿਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹਲ ਅਤੇ ਕਰਜਾ ਮੁਆਫ਼ੀ ਨੂੰ ਲਾਗੂ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨਵੇਂ ਟੈਕਸ ਲਗਾਏ ਜਾਣ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨਵੇਂ ਸਰੋਤ ਪੈਦਾ ਕਰਕੇ ਬਜਟ ਘਾਟੇ ਨੂੰ ਕਾਬੂ ਵਿੱਚ ਰੱਖਣ ਦੀ ਚਾਹਵਾਨ ਹੈ ਅਤੇ ਵਿੱਤ ਮੰਤਰੀ ਵੱਲੋਂ ਇਸ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਸ੍ਰੀ ਵਿਨੋਦ ਖੰਨਾ ਦੇ ਅਕਾਲ ਚਲਾਣੇ ਤੋੱ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ਤੋੱ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਨੂੰ ਚੋਣ ਲੜਾਉਣ ਬਾਰੇ ਚੱਲ ਰਹੀ ਚਰਚਾ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸ੍ਰੀ ਜਾਖੜ ਨੇ ਇਹ ਚੋਣ ਲੜਾਉਣ ਬਾਰੇ ਹੁਣ ਤੱਕ ਕੋਈ ਗੱਲ ਨਹੀਂ ਹੋਈ ਹੈ। ਪੰਜਾਬ ਵਿੱਚ ਟਰੱਕ ਯੂਨੀਅਨਾਂ ਨੂੰ ਖਤਮ ਕਰਨ ਦੇ ਫੈਸਲੇ ਤੇ ਮੁੜ ਵਿਚਾਰ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਾਪਸ ਨਹੀਂ ਹੋਵੇਗਾ। ਹਾਲਾਂਕਿ ਉਹਨਾਂ ਕਿਹਾ ਕਿ ਸਰਕਾਰ ਇਸ ਗੱਲ ਦਾ ਧਿਆਨ ਰੱਖਗੀ ਕਿ ਛੋਟੇ ਟਰੱਕ ਮਾਲਕਾਂ ਨੂੰ ਇਸ ਕਾਰਨ ਕੋਈ ਨੁਕਸਾਨ ਨਾ ਹੋਵੇ। ਉਹਨਾਂ ਕਿਹਾ ਕਿ ਸਰਕਾਰ ਉਦਯੋਗਾਂ ਨੂੰ ਚੰਗਾ ਮਾਹੌਲ ਅਤੇ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਨਹੀਂ ਹੋਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…