
ਨਸ਼ਿਆਂ ਦੀ ਰੋਕਥਾਮ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜੀਆਂ ਸਮੇਂ ਦੀਆਂ ਸਰਕਾਰਾਂ: ਕੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਇਸ ਦਲ-ਦਲ ’ਚੋਂ ਕੱਢਣ ਲਈ ਸਮੇਂ ਦੀਆਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਲਈ ਗੁਆਂਢੀ ਸੂਬਿਆਂ ਅਤੇ ਗੁਆਂਢੀ ਮੁਲਕਾਂ ’ਤੇ ਦੋਸ਼ ਮੜ ਰਹੀਆਂ ਹਨ, ਜੋ ਸਰਾਸਰ ਗਲਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ’ਤੇ ਸਿਆਸੀ ਪਾਰਟੀਆਂ ਦੇ ਆਗੂ ਮਹਿਜ਼ ਅਖ਼ਬਾਰੀ ਬਿਆਨਬਾਜ਼ੀ ਤੱਕ ਹੀ ਸੀਮਤ ਹਨ ਜਦੋਂਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਸ੍ਰੀ ਕੰਗ ਨੇ ਕਿਹਾ ਕੇ ਪੰਜਾਬ ਅਤੇ ਦੇਸ਼ ਲਈ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਨਾ ਦੇਣ ਕਾਰਨ ਨੌਜਵਾਨਾਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕੇ ਜੇਕਰ ਪੰਜਾਬ ਮਿਲਖਾ ਸਿੰਘ ਵਰਗੇ ਹੋਰ ਖਿਡਾਰੀ ਪੈਦਾ ਕਰ ਸਕਦਾ ਹੈ ਪ੍ਰੰਤੂ ਸਰਕਾਰਾਂ ਨੌਜਵਾਨਾਂ ਨੂੰ ਯੋਗ ਅਗਵਾਈ ਦੇਣ ਦੇ ਫਰਜ਼ ਤੋਂ ਪਿੱਛੇ ਹਟਦੀ ਜਾ ਰਹੀ ਹੈ। ਨਸ਼ਿਆਂ ਖ਼ਿਲਾਫ਼ ਬੰਦ ਕਮਰਿਆਂ ਅਤੇ ਆਡੀਟੋਰੀਅਮਾਂ ਵਿੱਚ ਸੈਮੀਨਾਰ ਕਰਵਾਉਣ ਨਾਲ ਨਸ਼ਿਆਂ ਦਾ ਖ਼ਾਤਮਾ ਹੋਣ ਵਾਲਾ ਨਹੀਂ ਹੈ, ਬਲਕਿ ਇਸ ਦਿਸ਼ਾ ਵਿੱਚ ਸਰਕਾਰਾਂ ਨੂੰ ਠੋਸ ਕਦਮ ਚੁੱਕਣੇ ਪੈਣਗੇ।
ਸ੍ਰੀ ਕੰਗ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਿੱਖਰ ’ਤੇ ਪਹੁੰਚਾਉਣ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਲਿਹਾਜ਼ਾਂ ਨੌਜਵਾਨ ਦੇ ਸਰਬਪੱਖੀ ਵਿਕਾਸ ਲਈ ਸਰਕਾਰਾਂ ਨੂੰ ਨੀਤੀ ਘੜਨੀ ਚਾਹੀਦੀ ਹੈ। ਉਨ੍ਹਾਂ ਯੂਥ ਕਲੱਬਾਂ, ਪੰਚਾਂ, ਸਰਪੰਚਾਂ, ਸਮਾਜ ਸੇਵੀ ਸੰਸਥਾਵਾਂ ਨੂੰ ਨਿਰਪੱਖ ਸੋਚ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ’ਤੇ ਇਨਕਲਾਬ ਲਿਆਂਦਾ ਜਾ ਸਕਦਾ ਹੈ।