nabaz-e-punjab.com

ਯੋਗ ਲਾਭਪਾਤਰੀ ਕਿਰਤੀ ਨੂੰ ਦਿੱਤਾ ਜਾਵੇਗਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ: ਸਿੱਧੂ

ਕਿਰਤ ਮੰਤਰੀ ਸਿੱਧੂ ਨੇ ਮੁਹਾਲੀ ਵਿੱਚ 313 ਕਿਰਤੀ ਕਾਮਿਆਂ ਨੂੰ ਵੰਡੇ ਰਜਿਸਟਰੇਸ਼ਨ ਕਾਰਡ
ਕਿਰਤੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਤੇ ਰਜਿਸਟਰੇਸ਼ਨ ਸਬੰਧੀ ਲਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਕਿਰਤ ਵਿਭਾਗ ਵੱਲੋਂ ਪੰਜਾਬ ਵਿੱਚ ਸਾਰੇ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਇਹ ਗੱਲ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਈਵ ਸਟਾਕ ਭਵਨ ਸੈਕਟਰ-68 ਵਿੱਚ ਕਿਰਤ ਵਿਭਾਗ ਵੱਲੋਂ ਰਜਿਸਟਰਡ ਕੀਤੇ 313 ਕਿਰਤੀ ਕਾਮਿਆਂ ਨੂੰ ਰਜਿਸਟਰੇਸ਼ਨ ਕਾਰਡ ਵੰਡਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਹਰ ਵਰਗ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਲਗਾਤਾਰ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਜਦੋਂ ਤੋਂ ਕਿਰਤ ਵਿਭਾਗ ਦੀ ਰਜਿਸਟਰੇਸ਼ਨ ਆਨਲਾਈਨ ਕੀਤੀ ਹੈ, ਉਦੋਂ ਤੋਂ ਰਜਿਸਟਰੇਸ਼ਨ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਕਿਰਤੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 50 ਹਜ਼ਾਰ ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਕੈਂਸਰ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਰਾਸ਼ੀ ਵੀ 1 ਲੱਖ ਰੁਪਏ ਤੋਂ ਵਧਾ ਕੇ 2 ਲੱਖ ਰੁਪਏ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਹੋਰਨਾਂ ਕਿਰਤੀਆਂ ਨੂੰ ਰਜਿਸਟਰੇਸ਼ਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਵਜ਼ੀਫ਼ਾ ਸਕੀਮਾਂ ਦਾ ਲਾਭ ਲੈਂਦਿਆਂ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਪਰਿਵਾਰ ਦਾ ਸਹਾਰਾ ਬਣ ਸਕਣ।
ਸ੍ਰੀ ਸਿੱਧੂ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਪਹਿਲੀ ਤੋਂ 5ਵੀਂ ਜਮਾਤ ਤੱਕ 4 ਹਜ਼ਾਰ ਰੁਪਏ (ਲੜਕੀਆਂ) ਅਤੇ 3 ਹਜ਼ਾਰ ਰੁਪਏ (ਲੜਕੇ), 6ਵੀਂ ਤੋਂ 8ਵੀਂ ਕਲਾਸ ਤੱਕ 7 ਹਜ਼ਾਰ ਰੁਪਏ (ਲੜਕੀਆਂ) ਅਤੇ 5 ਹਜ਼ਾਰ ਰੁਪਏ (ਲੜਕੇ), 11ਵੀਂ ਤੋਂ 12ਵੀਂ ਸ਼੍ਰੇਣੀ ਤੱਕ 13 ਹਜ਼ਾਰ ਰੁਪਏ (ਲੜਕੀਆਂ) ਅਤੇ 10 ਹਜ਼ਾਰ ਰੁਪਏ (ਲੜਕੇ) ਨੂੰ ਵਜ਼ੀਫ਼ੇ ਵਜੋਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੇ ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਵਜ਼ੀਫ਼ੇ ਦਿੱਤੇ ਜਾਂਦੇ ਹਨ। ਕਿਰਤੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਤਹਿਤ 31 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕੀਤੇ ਗਏ ਹਨ। ਇਸ ਤੋਂ ਇਲਾਵਾ ਐਕਸ਼ਗਰੇਸ਼ੀਆ, ਐਲਟੀਸੀ, ਪੈਨਸ਼ਨ ਸਕੀਮ, ਬਾਲੜੀ ਤੋਹਫ਼ਾ ਸਕੀਮ ਵਰਗੀਆਂ ਵੱਡੀ ਗਿਣਤੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਕਿਰਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸ ਆਗੂ ਜੀਐਸ ਰਿਆੜ, ਸਹਾਇਕ ਕਮਿਸ਼ਨਰ ਜਤਿੰਦਰਪਾਲ ਸਿੰਘ, ਸਤਪਾਲ ਸਿੰਘ, ਕਿਰਤ ਇੰਸਪੈਕਟਰ ਜਗਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਭਾਗੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਰਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…