Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਰਕਾਰ ਪੂਰੀ ਤਰ੍ਹਾਂ ਫੇਲ: ਮਲੂਕਾ ਜੇ ਲੋਕਾਂ ਨੇ ਸੋਸ਼ਲ ਮੀਡੀਆ ’ਤੇ ‘ਮਨ ਕੀ ਬਾਤ’ ਨੂੰ ਨਕਾਰਿਆ ਹੈ ਤਾਂ ਸਰਕਾਰ ਨੂੰ ਸੋਚਣ ਦੀ ਲੋੜ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਪੰਜਾਬ ਵਿੱਚ ਕਰੋਨਾਵਾਇਰਸ ਨਾਂ ਦੀ ਮਹਾਮਾਰੀ ਦੇ ਪ੍ਰਕੋਪ ਨੂੰ ਠੱਲ੍ਹਣ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ ਅਤੇ ਸਰਕਾਰ ਦੀਆਂ ਪਾਬੰਦੀਆਂ ਦੇ ਬਾਵਜੂਦ ਲਗਾਤਾਰ ਕੇਸ ਵਧ ਰਹੇ ਹਨ ਅਤੇ ਪੀੜਤ ਮਰੀਜ਼ ਅਤੇ ਆਮ ਲੋਕ ਵੀ ਕਈ ਤਰ੍ਹਾਂ ਦੇ ਦੋਸ਼ ਲਗਾ ਰਹੇ ਹਨ। ਅੱਜ ਇੱਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਾਨਾ ਨੂੰ ਸਨਮਾਨਿਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਹਫ਼ਤਾਵਾਰੀ ਲੌਕਡਾਊਨ ਅਤੇ ਰੋਜ਼ਾਨਾ ਸ਼ਾਮ ਨੂੰ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਬਿਲਕੁਲ ਗੈਰਵਾਜਬ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਲੋਕਾਂ ਦੇ ਕਾਰੋਬਾਰ ਬਿਲਕੁਲ ਠੱਪ ਹੋ ਕੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਤੋਂ ਰੁਜ਼ਗਾਰ ਖੁੱਸਣ ਕਾਰਨ ਉਹ ਮੁੜ ਬੇਰੁਜ਼ਗਾਰੀ ਦੀ ਭੱਠੀ ਵਿੱਚ ਪਿਸ ਰਹੇ ਹਨ। ਸ੍ਰੀ ਮਲੂਕਾ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਸੂਬੇ ਦੇ ਲੋਕ ਕਰੋਨਾ ਸੰਕਟ ਕਾਰਨ ਅਨੇਕਾਂ ਪ੍ਰਕਾਰ ਦੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ ਪ੍ਰੰਤੂ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦਾ ਦਰਦ ਸੁਣਨ ਲਈ ਆਪਣੇ ਘਰ ਅਤੇ ਦਫ਼ਤਰ ਦੇ ਬੂਹੇ ਭੇੜ ਲਏ ਹਨ। ਇਹੀ ਨਹੀਂ ਪੰਜਾਬ ਸਿਵਲ ਸਕੱਤਰੇਤ ਅਤੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਮਿਲ ਰਹੇ ਹਨ। ਜੇ ਕੋਈ ਪੀੜਤ ਆਪਣੀ ਸ਼ਿਕਾਇਤ ਜਾਂ ਮੰਗ ਪੱਤਰ ਲੈ ਕੇ ਦਫ਼ਤਰ ਪਹੁੰਚਦਾ ਹੈ ਤਾਂ ਅਧਿਕਾਰੀ ਸਬੰਧਤ ਨੂੰ ਆਪਣੇ ਪੀਏ ਨੂੰ ਮਿਲਣ ਲਈ ਕਹਿ ਕੇ ਵਾਪਸ ਮੋੜ ਦਿੰਦੇ ਹਨ। ਜਿਸ ਕਾਰਨ ਲੋਕਾਂ ਨੂੰ ਕੋਈ ਰਾਹ ਨਜ਼ਰ ਨਹੀਂ ਆ ਰਿਹਾ ਹੈ। ਜ਼ਹਿਰੀਲੀ ਸ਼ਰਾਬ ਮਾਮਲੇ ਬਾਰੇ ਸ੍ਰੀ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦੇ ਮਾਮਲੇ ਦਰਜ ਕਰਨ ਦੀ ਬੜਕ ਮਾਰੀ ਸੀ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਸਗੋਂ ਕਾਂਗਰਸੀ ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇੰਜ ਹੀ ਸਰਕਾਰ ਦਲਿਤ ਬੱਚਿਆਂ ਦੀ ਵਜ਼ੀਫ਼ਾ ਸਕੀਮ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਭੱਜ ਰਹੀ ਹੈ ਅਤੇ ਮੁੱਖ ਸਕੱਤਰ ਨੂੰ ਜਾਂਚ ਸੌਂਪ ਕੇ ਸਾਥੀ ਕੈਬਨਿਟ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਮਲੂਕਾ ਨੇ ਬੜੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਵਿਰੋਧੀ ਧਿਰਾਂ ਅਤੇ ਆਮ ਲੋਕਾਂ ਤੋਂ ਇਨਸਾਫ਼ ਪ੍ਰਾਪਤੀ ਲਈ ਰੋਸ ਮੁਜ਼ਾਹਰੇ, ਧਰਨੇ ਅਤੇ ਰੈਲੀਆਂ ਕਰਨ ’ਤੇ ਪਾਬੰਦੀਆਂ ਲਗਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪਿੱਛੇ ਜਿਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਬੂਰੀ ਤਰ੍ਹਾਂ ਨਕਾਰਿਆ ਗਿਆ ਹੈ। ਇਸ ਬਾਰੇ ਪੁੱਛੇ ਜਾਣ ’ਤੇ ਸ੍ਰੀ ਮਲੂਕਾ ਨੇ ਕਿਹਾ ਕਿ ਉਨ੍ਹਾਂ ਨੇ ਮਨ ਕੀ ਬਾਤ ਪ੍ਰੋਗਰਾਮ ਤਾਂ ਨਹੀਂ ਦੇਖਿਆ ਅਤੇ ਸੁਣਿਆ ਹੈ ਪ੍ਰੰਤੂ ਜੇਕਰ ਵਧੇਰੇ ਲੋਕਾਂ ਨੇ ਇਸ ਨੂੰ ਨਕਾਰਿਆ ਹੈ ਤਾਂ ਸਰਕਾਰ ਨੂੰ ਇਸ ਪਹਿਲੂ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਇਸ ਮੌਕੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਕੰਗ, ਮਨਜੀਤ ਸਿੰਘ ਮਾਵੀ, ਹਰਪ੍ਰੀਤ ਸਿੰਘ ਬਾਬਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ