Share on Facebook Share on Twitter Share on Google+ Share on Pinterest Share on Linkedin ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਨਵਾਂ ਅਹੁਦਾ ਸੰਭਾਲਿਆ ਪਹਿਲੇ ਹੀ ਦਿਨ ਪੰਜਾਬ ਵਿੱਚ ਨਾਜਾਇਜ਼ ਕਲੋਨੀਆਂ ਉਸਾਰਨ ਵਾਲੇ ਕਲੋਨਾਈਜਰਾਂ ਨੂੰ ਕੀਤੀ ਸਖ਼ਤ ਤਾੜਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ: ਪੰਜਾਬ ਦੇ ਜਲ ਸਰੋਤ ਅਤੇ ਖਣਨ ਵਿਭਾਗ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ ਮੁਹਾਲੀ ਵਿੱਚ ਆਪਣੇ ਨਵੇਂ ਵਿਭਾਗ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਵੀ ਸੰਭਾਲ ਲਿਆ ਹੈ। ਪਹਿਲਾਂ ਇਹ ਵਿਭਾਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਲ ਸੀ। ਨਵਾਂ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਸਰਕਾਰੀਆ ਨੇ ਪੁੱਡਾ ਭਵਨ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵੱਖ ਵੱਖ ਪ੍ਰਾਜੈਕਟਾਂ ਅਤੇ ਦਫ਼ਤਰੀ ਕੰਮਾਂ ਕਾਰਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਾਜਾਇਜ਼ ਕਲੋਨੀਆਂ ਉਸਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰਾਈਵੇਟ ਕਲੋਨਾਈਜ਼ਰਾਂ ਨੂੰ ਕਿਸੇ ਵੀ ਕੀਮਤ ’ਤੇ ਨਾਜਾਇਜ਼ ਕਲੋਨੀਆਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਨਿਯਮਾਂ ਅਨੁਸਾਰ ਕੰਮ ਕਰਨ ਵਾਲਿਆਂ ਨੂੰ ਪੁੱਡਾ ਵਿਭਾਗ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸ੍ਰੀ ਸਰਕਾਰੀਆ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਅਤੇ ਯੋਜਨਾਬੰਦੀ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਸਬੰਧੀ ਉਨ੍ਹਾਂ ਪੁੱਡਾ ਵਿਭਾਗ ਦੇ ਕੰਮਕਾਰ ਨੂੰ ਹੋਰ ਵਧੇਰੇ ਲੋਕ ਪੱਖੀ ਅਤੇ ਪਾਰਦਰਸ਼ੀ ਬਣਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੁੱਡਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੇ ਕੰਮਕਾਜ ਤੋਂ ਜਾਣੂ ਕਰਵਾਇਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵਿਭਾਗ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ ਅਤੇ ਹੋਰ ਵੀ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ