Nabaz-e-punjab.com

ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ

ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਸੌਂਪਿਆ 14 ਲੱਖ ਦਾ ਚੈਕ

ਮ੍ਰਿਤਕ ਦੀ ਪਤਨੀ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਤੇ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਦਾ ਚੈਕ ਵੀ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਲਹਿਰਾਗਾਗਾ, 28 ਨਵੰਬਰ:
ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵਰਗੀ ਜਗਮੇਲ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦੇ ਦਿੱਤੇ ਗਏ ਆਦੇਸ਼ ਤਹਿਤ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਕੁਲ ਸਵਾ 21 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਥੇ ਮ੍ਰਿਤਕ ਦੇ ਸਸਕਾਰ ਮੌਕੇ 6 ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ ਉਥੇ ਹੀ ਅੱਜ ਬਕਾਇਆ 14 ਲੱਖ ਰੁਪਏ ਦਾ ਚੈਕ, ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਸੇਵਾਦਾਰ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਭੋਗ ਦਾ ਸਾਰਾ ਖਰਚਾ ਵੀ ਸਰਕਾਰੀ ਤੌਰ ’ਤੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਪਿੰਡ ਦੇ ਸਭ ਤੋਂ ਨਜ਼ਦੀਕੀ ਸਕੂਲ ਵਿਖੇ ਸੇਵਾਦਾਰ ਨਿਯੁਕਤ ਕਰਨ ਲਈ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸਡੀਐਮ ਕਾਲਾ ਰਾਮ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ।
ਇਸ ਦੁਖਾਂਤਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਸੱਤ ਦਿਨਾਂ ਦੇ ਅੰਦਰ ਅੰਦਰ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੀ ਕਾਨੂੰਨੀ ਪ੍ਰਕਿਰਿਆ ਨੂੰ 3-4 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਤੋਂ ਸਖ਼ਤੀ ਨਾਲ ਰੋਕਿਆ ਜਾਵੇਗਾ। ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਿੱਜੀ ਤੌਰ ’ਤੇ ਵੀ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ ’ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…