
ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ ਨਜ਼ਰ ਵਾਲੀਆਂ ਐਨਕਾਂ: ਅਮਿਤ ਤਲਵਾੜ
ਸਿਹਤ ਤੇ ਸਿੱਖਿਆ ਵਿਭਾਗ ਨੂੰ 31 ਮਾਰਚ ਤੱਕ 100 ਫੀਸਦੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਨ ਦਾ ਟੀਚਾ ਪੂਰਾ ਕਰਨ ਦੇ ਆਦੇਸ਼
ਡੀਸੀ ਨੇ ਸਕੂਲੀ ਬੱਚਿਆਂ ਦੀਆਂ ਅੱਖਾਂ ਜਾਂਚ ਕਰਕੇ ਮੁਫ਼ਤ ਐਨਕਾਂ ਮੁਹੱਈਆ ਕਰਵਾਉਣ ਬਾਰੇ ਸਮੀਖਿਆ ਕੀਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਕਰੀਬ ਸਵਾ ਲੱਖ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਲੋੜਵੰਦ ਬੱਚਿਆਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੇ ਜਾਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿਸ ਦੇ ਤਹਿਤ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੱਦ ਕੇ ਉਨ੍ਹਾਂ 400 ਬੱਚਿਆਂ ਲਈ ਮੁਫ਼ਤ ਐਨਕਾਂ ਦਿੱਤੀਆਂ ਗਈਆਂ, ਜਿਨ੍ਹਾਂ ਦੀਆਂ ਅੱਖਾਂ ਦਾ ਪਹਿਲਾਂ ਚੈੱਕਅਪ ਕੀਤਾ ਜਾ ਚੁੱਕਾ ਹੈ। ਇਹ ਐਨਕਾਂ ਸਨਅਤਕਾਰ ਨਰੇਸ਼ ਕਾਂਸਲ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਵੱਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀਐਸਆਰ) ਤਹਿਤ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 1 ਲੱਖ 21 ਹਜ਼ਾਰ ਬੱਚੇ ਪੜ੍ਹਦੇ ਹਨ, ਜਿਨ੍ਹਾਂ ਦੀ ਲਗਾਤਾਰ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਖਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਡੀਸੀ ਵੱਲੋਂ ਸਿਹਤ ਵਿਭਾਗ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ 100 ਫੀਸਦੀ ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕਰਵਾ ਉਨ੍ਹਾਂ ਨੂੰ ਨਜ਼ਰ ਦੀਆਂ ਐਨਕਾਂ ਮੁਹੱਈਆ ਕਰਾਉਣ ਦਾ ਟੀਚਾ 31 ਮਾਰਚ ਤੱਕ ਪੂਰਾ ਕੀਤਾ ਜਾਵੇ ਅਤੇ ਕੋਈ ਵੀ ਘੱਟ ਨਜ਼ਰ ਵਾਲਾ ਬੱਚਾ ਇਸ ਸਹੂਲਤ ਤੋਂ ਵਾਂਝਾ ਨਾ ਰਹੇ।
ਡੀਸੀ ਅਮਿਤ ਤਲਵਾੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਗਤੀ ਰਿਪੋਰਟ ਹਰ ਹਫ਼ਤੇ ਉਨ੍ਹਾਂ ਨੂੰ ਦੇਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਕੂਲ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਸਮੇਂ ਕਲਾਸ ਵਿੱਚ ਵੀ ਨਿੱਜੀ ਤੌਰ ’ਤੇ ਬੱਚਿਆਂ ਵੱਲ ਧਿਆਨ ਦੇਣ ਕਿ ਕਿਸ ਬੱਚੇ ਨੂੰ ਪੜ੍ਹਾਈ ਦੌਰਾਨ ਲਿਖਣ ਅਤੇ ਪੜਨ ਵਿੱਚ ਕੋਈ ਮੁਸ਼ਕਲ ਪੇਸ਼ ਤਾਂ ਨਹੀਂ ਰਹੀ ਹੈ ਤਾਂ ਉਨ੍ਹਾਂ ਦਾ ਚੈੱਕਅਪ ਯਕੀਨੀ ਬਣਾਇਆ ਜਾਵੇ। ਸਾਲ ਵਿੱਚ ਦੋ ਵਾਰ ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕਰਾਇਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਸਿੰਘ, ਡਿਪਟੀ ਡੀਈਓ ਡਾ. ਕੰਚਨ ਸ਼ਰਮਾ, ਸਨਅਤਕਾਰ ਨਰੇਸ਼ ਕਾਂਸਲ ਸਮੇਤ ਵੱਡੇ ਕਾਰੋਬਾਰੀ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀ ਹਾਜ਼ਰ ਸਨ।