ਕਿਤਾਬਾਂ ਤੇ ਫੀਸਾਂ ਦੀ 400 ਕਰੋੜ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਸਰਕਾਰ: ਖੰਗੂੜਾ, ਸੈਣੀ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਫ਼ਦ ਨੇ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਫ਼ਦ ਨੇ ਅੱਜ ਸਕੂਲ ਬੋਰਡ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲ ਪਾਠ ਪੁਸਤਕਾਂ ਅਤੇ ਫੀਸਾਂ ਦੀ ਲਗਪਗ 400 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸੂਬਾ ਸਰਕਾਰ ਵੱਲੋਂ ਬਕਾਇਆ ਰਾਸ਼ੀ ਨਾ ਦੇਣ ਕਾਰਨ ਪੰਜਾਬ ਬੋਰਡ ਦੀ ਆਰਥਿਕ ਸਥਿਤੀ ਕਾਫ਼ੀ ਡਾਵਾਂਡੋਲ ਹੋ ਗਈ ਹੈ। ਵਫ਼ਦ ਨੇ ਦੱਸਿਆ ਕਿ ਬੋਰਡ ਨੂੰ ਸਰਕਾਰ ਵੱਲੋਂ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ। ਕਿਤਾਬਾਂ ਅਤੇ ਫੀਸਾਂ ਤੋਂ ਪ੍ਰਾਪਤ ਹੁੰਦੀ ਰਾਸ਼ੀ ਨਾਲ ਹੀ ਕਰਮਚਾਰੀਆਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਸਮੇਤ ਅਤੇ ਹੋਰ ਦਫ਼ਤਰੀ ਖ਼ਰਚੇ ਕੀਤੇ ਜਾਂਦੇ ਹਨ। ਇਹੀ ਨਹੀਂ ਬੋਰਡ ਦੀ ਸਰਪਲੱਸ ਇਮਾਰਤ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਕਿਰਾਇਆ ਵੀ ਨਹੀਂ ਦਿੱਤਾ ਜਾ ਰਿਹਾ ਹੈ।
ਆਗੂਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਸਮੇਂ ਦੌਰਾਨ ਬੋਰਡ ਦੀਆਂ ਤਕਰੀਬਨ 1150 ਅਸਾਮੀਆਂ ਰੀਸਟਰਕਚਿੰਗ ਦੇ ਨਾਮ ’ਤੇ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਅਸਾਮੀਆਂ ਖ਼ਤਮ ਹੋਣ ਨਾਲ ਇਕ ਮੁਲਾਜ਼ਮ ਨੂੰ 2-2 ਸੀਟਾਂ ਅਤੇ ਕਈ ਕਰਮਚਾਰੀ 2 ਤੋਂ ਵੀ ਵੱਧ ਸੀਟਾਂ ਦਾ ਕੰਮ ਦੇਖ ਰਹੇ ਹਨ। ਜਿਸ ਕਾਰਨ ਮੁਲਾਜ਼ਮਾਂ ਨੂੰ ਮਾਨਸਿਕ ਤਣਾਅ ’ਚੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਬੋਰਡ ਵਿੱਚ 53 ਹੈਲਪਰ ਅਤੇ 9 ਕਲਰਕ ਪਿਛਲੇ 25-30 ਸਾਲਾਂ ਤੋਂ ਕੰਮ ਕਰ ਰਹੇ ਹਨ। ਬੋਰਡ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਰੈਗੂਲਰ ਤਾਂ ਕਰ ਦਿੱਤਾ ਸੀ ਪ੍ਰੰਤੂ ਹਾਲੇ ਤੱਕ ਉਨ੍ਹਾਂ ਨੂੰ ਤਨਖ਼ਾਹ ਕੱਚੇ ਮੁਲਾਜ਼ਮ ਵਜੋਂ ਮਿਲ ਰਹੀ ਹੈ। ਜਿਸ ਨਾਲ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਹੈ।
ਵਫ਼ਦ ਨੇ ਮੰਤਰੀ ਨੂੰ ਦੱਸਿਆ ਕਿ ਆਦਰਸ਼ ਸਕੂਲਾਂ ਵਿੱਚ ਪ੍ਰਿੰਸੀਪਲ, ਲੈਕਚਰਾਰ ਅਤੇ ਮਾਸਟਰ ਕਾਫ਼ੀ ਗਿਣਤੀ ਵਿੱਚ ਕੰਟਰੈਕਟ ’ਤੇ ਕੰਮ ਰਹੇ ਹਨ। ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਸਰਕਾਰ ਦੀਆਂ ਅਗਵਾਈ ਲੀਹਾਂ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ। ਇਨ੍ਹਾਂ ਮੁਲਾਜ਼ਮਾਂ ਨੇ ਆਪਣਾ ਕੰਟਰੈਕਟ ਦਾ ਕਾਰਜਕਾਲ ਵੀ ਪੂਰਾ ਕਰ ਲਿਆ ਹੈ ਪ੍ਰੰਤੂ ਹੁਣ ਤੱਕ ਰੈਗੂਲਰ ਨਹੀਂ ਕੀਤਾ ਗਿਆ। ਇੰਜ ਹੀ ਬੋਰਡ ਵਿੱਚ 600 ਮੁਲਾਜ਼ਮ ਡੇਲੀਵੇਜ਼ ਅਤੇ ਕੰਟਰੈਕਟ ਵਜੋਂ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜਾਰੀ ਕੀਤਾ ਨੋਟੀਫ਼ਿਕੇਸ਼ਨ ਬੋਰਡ ਮੁਲਾਜ਼ਮਾਂ ’ਤੇ ਵੀ ਲਾਗੂ ਕੀਤਾ ਜਾਵੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਵਫ਼ਦ ਨੂੰ ਧਿਆਨ ਸੁਣਿਆ ਅਤੇ ਭਰੋਸਾ ਦਿੱਤਾ ਕਿ ਬੋਰਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਛੇਤੀ ਹੱਲ ਕੀਤਾ ਜਾਵੇਗਾ। ਵਫ਼ਦ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਬੈਨੀਪਾਲ ਵੀ ਸ਼ਾਮਲ ਸਨ। ਇਸ ਮੌਕੇ ਡੀਪੀਆਈ ਸੁਖਜੀਤਪਾਲ ਸਿੰਘ ਵੀ ਮੌਜੂਦ ਸਨ। ਵਫ਼ਦ ਵੱਲੋਂ ਸਿੱਖਿਆ ਮੰਤਰੀ ਦੇ ਸੈਕਟਰੀ ਰੂਪ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਵੱਲੋਂ ਮੁਲਾਜ਼ਮ ਮੰਗਾਂ ਨੂੰ ਛੇਤੀ ਪੂਰਾ ਕਰਨ ਦੇ ਦਿੱਤੇ ਭਰੋਸੇ ਪ੍ਰਤੀ ਆਸ ਪ੍ਰਗਟਾਈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …